ਅੰਮ੍ਰਿਤਪਾਲ ਸਿੰਘ ਧਾਲੀਵਾਲ
ਰੂੜੇਕੇ ਕਲਾਂ, 21 ਜੁਲਾਈ
ਪਿੰਡ ਧੌਲਾ ਵਿਚ ਬਰਨਾਲਾ-ਮਾਨਸਾ ਰੋਡ ’ਤੇ ਉਦਯੋਗਿਕ ਘਰਾਣੇ ਟਰਾਈਡੈਂਟ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਵਰ੍ਹਦੇ ਮੀਂਹ ਦੌਰਾਨ ਫੈਕਟਰੀ ਦੇ ਗੇਟ ਅੱਗੇ ਪੰਜ ਦਿਨ ਲਈ ਦਿਨ ਰਾਤ ਦਾ ਧਰਨਾ ਸ਼ੁਰੂ ਕੀਤਾ। ਇਸ ਧਰਨੇ ਵਿਚ ਬਲਾਕ ਬਰਨਾਲਾ ਤੋਂ ਇਲਾਵਾ ਮਾਨਸਾ ਅਤੇ ਬਠਿੰਡਾ ਦੇ ਕਿਸਾਨ ਤੇ ਔਰਤਾਂ ਪੁੱਜੀਆਂ। ਧਰਨੇ ਦੇ ਪਹਿਲੇ ਦਿਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਫੈਕਟਰੀ ਵਿੱਚੋਂ ਨਿਕਲਣ ਵਾਲਾ ਗੰਦਾ ਪਾਣੀ ਵੱਡੇ ਬੋਰ ਕਰਕੇ ਧਰਤੀ ਹੇਠ ਸੁੱਟਿਆ ਜਾ ਰਿਹਾ ਹੈ ਜਿਸ ਨਾਲ ਇਸ ਖੇਤਰ ਦੇ ਪਿੰਡਾਂ ਅਤੇ ਖੇਤਾਂ ਵਿੱਚ ਲੱਗੇ ਹੋਏ ਬੋਰਾਂ ਦਾ ਪਾਣੀ ਜ਼ਹਿਰੀਲਾ ਹੋ ਰਿਹਾ ਹੈ ਜਿਸ ਕਾਰਨ ਲੋਕ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਹਾਈਕੋਰਟ ਦੇ ਹੁਕਮਾਂ ਅਨੁਸਾਰ ਕੋਈ ਵੀ ਉਦਯੋਗ ਪਾਣੀ ਨੂੰ ਸੋਧੇ ਬਿਨਾਂ ਨਾ ਤਾਂ ਡਰੇਨ ਵਿੱਚ ਪਾ ਸਕਦਾ ਹੈ ਤੇ ਨਾ ਹੀ ਧਰਤੀ ਹੇਠ ਸੁੱਟ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਉਨ੍ਹਾਂ ਦੀ ਹੋਰ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਚੱਲ ਰਹੀ ਹੈ ਤੇ ਜਲਦੀ ਹੀ ਦਿੱਲੀ ਤਰਜ਼ ’ਤੇ ਧਰਨਾ ਸ਼ੁਰੂ ਕਰਨ ਦੀ ਯੋਜਨਾ ਹੈ। ਇਸ ਮੌਕੇ ਜਥੇਬੰਦੀ ਦੇ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਅੰਦਰ ਕਿਸੇ ਵੀ ਫੈਕਟਰੀ ਨੂੰ ਗੰਦਾ ਪਾਣੀ ਧਰਤੀ ਹੇਠ ਪਾਉਣ ਨਹੀਂ ਦਿੱਤਾ ਜਾਵੇਗਾ। ਇਸ ਵਰਤਾਰੇ ਖ਼ਿਲਾਫ਼ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਬਰਨਾਲਾ ਦੇ ਜਨਰਲ ਸਕੱਤਰ ਜਰਨੈਲ ਸਿੰਘ ਬਦਰਾ ਆਦਿ ਆਗੂ ਵੀ ਹਾਜ਼ਰ ਸਨ।