ਆਤਿਸ਼ ਗੁਪਤਾ
ਚੰਡੀਗੜ੍ਹ, 16 ਜਨਵਰੀ
ਕੇਂਦਰੀ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਚੱਲ ਰਹੇ ਕਿਸਾਨੀ ਸੰਘਰਸ਼ ਦਾ ਅਸਰ ਕੋਵਿਡ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਦੌਰਾਨ ਵੀ ਦਿਖਾਈ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਵੱਲੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਭਾਈਵਾਲ ਪਾਰਟੀਆਂ ਦਾ ਵਿਰੋਧ ਜਾਰੀ ਰਿਹਾ ਹੈ। ਹਰਿਆਣਾ ਵਿੱਚ ਕੋਵਿਡ ਟੀਕਾਕਰਨ ਦੀ ਸ਼ੁਰੂਆਤ ਮੌਕੇ ਕਈ ਥਾਈਂ ਭਾਜਪਾ ਦੇ ਵਿਧਾਇਕ ਅਤੇ ਆਗੂ ਗਏ ਸਨ, ਜਿਨ੍ਹਾਂ ਦਾ ਕਿਸਾਨ ਆਗੂਆਂ ਨੇ ਵਿਰੋਧ ਕੀਤਾ। ਕਿਸਾਨਾਂ ਦੇ ਵਿਰੋਧ ਦੇ ਚੱਲਦਿਆਂ ਸਿਹਤ ਮੁਲਾਜ਼ਮਾਂ ਨੂੰ ਟੀਕਾਕਰਨ ਕੀਤੇ ਬਿਨਾਂ ਹੀ ਉੱਥੋਂ ਪਰਤਣਾ ਪਿਆ।
ਹਰਿਆਣਾ ਦੇ ਜ਼ਿਲ੍ਹਾ ਕੈਥਲ ਦੇ ਸਰਕਾਰੀ ਸਕੂਲ ਵਿੱਚ ਸਿਹਤ ਕਰਮਚਾਰੀਆਂ ਨੂੰ ਪਹਿਲੇ ਗੇੜ ਦੌਰਾਨ ਕੋਵਿਡ ਦਾ ਟੀਕਾ ਲਗਾਇਆ ਜਾ ਰਿਹਾ ਸੀ। ਇਸ ਦੌਰਾਨ ਵਿਧਾਇਕ ਲੀਲਾਰਾਮ ਪਹੁੰਚੇ ਸਨ, ਜਿਨ੍ਹਾਂ ਦਾ ਕਿਸਾਨ ਆਗੂਆਂ ਨੇ ਵਿਰੋਧ ਕੀਤਾ। ਕਿਸਾਨਾਂ ਨੇ ਭਾਜਪਾ ਆਗੂ ਦੇ ਨਾਲ-ਨਾਲ ਸਕੂਲ ਵਿੱਚ ਟੀਕਾਕਰਨ ਕੀਤੇ ਜਾਣ ’ਤੇ ਵੀ ਵਿਰੋਧ ਜਤਾਇਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਵੈਕਸੀਨ ਦੀ ਸ਼ੁਰੂਆਤ ਭਾਜਪਾ ਆਗੂਆਂ ਤੋਂ ਕੀਤੀ ਜਾਣੀ ਚਾਹੀਦੀ ਹੈ।
ਇਸ ਮੌਕੇ ਕਿਸਾਨ ਆਗੂ ਜਸਵਿੰਦਰ ਨੇ ਕਿਹਾ ਕਿ ਕੇਂਦਰ ਸਰਕਾਰ ਪਹਿਲਾਂ ਆਪਣੇ ਵਿਧਾਇਕਾਂ ਅਤੇ ਹੋਰਨਾਂ ਆਗੂਆਂ ਨੂੰ ਟੀਕੇ ਲਗਵਾਏ, ਫਿਰ ਆਮ ਲੋਕਾਂ ਦੇ ਲਗਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਿਹਤ ਵਿਭਾਗ ਵੱਲੋਂ ਭਾਜਪਾ ਦੇ ਇੱਕ ਮੰਤਰੀ ਨੂੰ ਕੋਵਿਡ-19 ਦਾ ਟੀਕਾ ਲਗਾਇਆ ਗਿਆ ਸੀ ਪਰ ਟੀਕਾ ਲਗਵਾਉਣ ਵਾਲਿਆਂ ਦੀ ਸਿਹਤ ਠੀਕ ਨਹੀਂ ਹੈ।
ਸੂਬੇ ਵਿੱਚੋਂ ਸੇਵਾਮੁਕਤ ਅਧਿਆਪਕ ਰਾਮਪਾਲ ਨੇ ਕਿਹਾ ਕਿ ਕਿਸਾਨ ਆਪਣੇ ਹੱਕ ਲਈ ਠੰਢੀਆਂ ਰਾਤਾਂ ਵਿੱਚ ਸੰਘਰਸ਼ ਕਰ ਰਹੇ ਹਨ ਪਰ ਕੇਂਦਰ ਸਰਕਾਰ ਅੜੀਅਲ ਵਤੀਰਾ ਅਪਣਾਈ ਬੈਠੀ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਦਿਆਂ ਹੋਇਆਂ ਤਿੰਨੋਂ ਖੇਤੀ ਕਾਨੂੰਨ ਰੱਦ ਕਰੇ।
‘ਟਰੈਕਟਰ ਪਰੇਡ’ ਦੀਆਂ ਤਿਆਰੀਆਂ ਜ਼ੋਰਾਂ ’ਤੇ
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਬੈਂਸ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਦੇ ਦਿਸ਼ਾ-ਨਿਰਦੇਸ਼ ’ਤੇ ਗਣਤੰਤਰ ਦਿਵਸ ਮੌਕੇ ਕੀਤੀ ਜਾਣ ਵਾਲੀ ‘ਟਰੈਕਟਰ ਪਰੇਡ’ ਦੀਆਂ ਤਿਆਰੀਆਂ ਤਹਿਤ ਸੂਬੇ ਵਿੱਚ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਵਿੱਚ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਸ੍ਰੀ ਬੈਂਸ ਮੁਤਾਬਕ ਸੰਯੁਕਤ ਕਿਸਾਨ ਮੋਰਚਾ ਅਜਿਹਾ ਕੋਈ ਕੰਮ ਨਹੀਂ ਕਰੇਗਾ, ਜਿਸ ਨਾਲ ਦੇਸ਼ ਦੀ ਸਾਖ ’ਤੇ ਕੋਈ ਮਾੜਾ ਅਸਰ ਪਵੇ। ਉਨ੍ਹਾਂ ਕਿਹਾ ਕਿ ਤਿੰਨੇ ਖੇਤੀ ਕਾਨੂੰਨ ਰੱਦ ਹੋਣ ਤੱਕ ਇਹ ਸੰਘਰਸ਼ ਜਾਰੀ ਰਹੇਗਾ ਅਤੇ 17 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਮਗਰੋਂ ਟਰੈਕਟਰ ਪਰੇਡ ਦਾ ਸਾਰਾ ਪ੍ਰੋਗਰਾਮ ਐਲਾਨਿਆ ਜਾਵੇਗਾ।