ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 24 ਜਨਵਰੀ
ਕਿਸਾਨਾਂ ਨੇ ਅੱਜ ਚੋਣ ਮੁਹਿੰਮ ਦੌਰਾਨ ਇੱਥੋਂ ਨੇੜਲੇ ਪਿੰਡ ਫ਼ਤਹਿਗੜ੍ਹ ਭਾਦਸੋਂ ਪਹੁੰਚੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦਾ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ। ਫਤਿਹਗੜ੍ਹ ਭਾਦਸੋਂ ਪਹੁੰਚਣ ’ਤੇ ਪਹਿਲਾਂ ਮਜ਼ਦੂਰ ਭਾਈਚਾਰੇ ਵੱਲੋਂ ਸਿੰਗਲਾ ਦਾ ਸਵਾਗਤ ਕੀਤਾ ਗਿਆ ਪਰ ਮਗਰੋਂ ਕਿਸਾਨਾਂ ਨੇ ਕਾਂਗਰਸੀ ਆਗੂ ਨੂੰ ਕਾਲੀਆਂ ਝੰਡੀਆਂ ਦਿਖਾਈਆਂ। ਇਸ ਮੌਕੇ ਕਿਸਾਨ ਆਗੂ ਹਰਜੀਤ ਸਿੰਘ, ਸਾਬਕਾ ਸਰਪੰਚ ਅਵਤਾਰ ਸਿੰਘ ਅਤੇ ਮੱਘਰ ਸਿੰਘ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਕਰਜ਼ਾ ਮੁਆਫੀ ਅਤੇ ਰੁਜ਼ਗਾਰ ਦੇਣ ਸਮੇਤ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ, ਸਗੋਂ ਕੈਬਨਿਟ ਮੰਤਰੀ ਸਿੰਗਲਾ ਨੇ ਪਿੰਡ ’ਚ ‘ਪਾੜੋ ਤੇ ਰਾਜ ਕਰੋ’ ਦੀ ਨੀਤੀ ਤਹਿਤ ਕਿਸਾਨਾਂ ਅਤੇ ਮਜ਼ਦੂਰਾਂ ਵਿਚਾਲੇ ਤਣਾਅ ਪੈਦਾ ਕਰ ਦਿੱਤਾ ਹੈ। ਕੈਬਨਿਟ ਮੰਤਰੀ ਸਿੰਗਲਾ ਨੇ ਦੋਸ਼ ਨਕਾਰਦਿਆਂ ਕਿਹਾ ਕਿ ਉਹ ਹਮੇਸ਼ਾ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਦੀ ਹਾਮੀ ਭਰਦੇ ਹਨ। ਪਿੰਡ ਵਿੱਚ ਅਨੇਕਾਂ ਵਿਕਾਸ ਕਾਰਜ ਨੇਪਰੇ ਚਾੜ੍ਹੇ ਗਏ ਹਨ।