ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 6 ਅਕਤੂਬਰ
ਖੇਤੀ ਕਾਨੂੰਨਾਂ ਖ਼ਿਲਾਫ਼ 31 ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਦੇ ਬਾਹਰ ਦਿੱਤੇ ਗਏ ਕਿਸਾਨ ਧਰਨੇ ਵਿਚ ਅੱਜ ਭਰਾਤਰੀ ਜਥੇਬੰਦੀਆਂ, ਜਿਨਾਂ ਵਿਚ ਬਿਜਲੀ ਨਿਗਮ ਅਤੇ ਅਧਿਆਪਕ ਜਥੇਬੰਦੀਆਂ ਸ਼ਾਮਲ ਹਨ, ਨੇ ਧਰਨੇ ਵਿਚ ਸ਼ਾਮਲ ਹੋ ਕੇ ਕਿਸਾਨ ਸੰਘਰਸ਼ ਨੂੰ ਸਮਰਥਨ ਦਿੱਤਾ ਹੈ। ਧਰਨਾ ਕਿਰਤੀ ਕਿਸਾਨ ਯੂਨੀਅਨ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਅਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਲਾਇਆ ਗਿਆ ਹੈ। ਕਿਸਾਨ ਆਗੂ ਜਤਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਇਹ ਅਣਮਿੱਥੇ ਸਮੇਂ ਦਾ ਧਰਨਾ ਅੱਜ ਛੇਵੇਂ ਦਿਨ ਵੀ ਜਾਰੀ ਰਿਹਾ ਅਤੇ ਅੱਜ ਧਰਨੇ ਵਿਚ ਬਿਜਲੀ ਨਿਗਮ ਦੇ ਕਰਮਚਾਰੀਆਂ ਦੀ ਜਥੇਬੰਦੀ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਨੁਮਾਇੰਦੇ ਮਲਕੀਤ ਸਿੰਘ ਦੀ ਅਗਵਾਈ ਹੇਠ ਸ਼ਾਮਲ ਹੋਏ। ਇਸੇ ਤਰ੍ਹਾਂ ਅਧਿਆਪਕ ਜਥੇਬੰਦੀ ਡੈਮੋਕਰੇਟਿਕ ਟੀਚਰ ਫਰੰਟ ਦੇ ਕਾਰਕੁਨ ਅਸ਼ਵਨੀ ਅਵਸਥੀ ਦੀ ਅਗਵਾਈ ਵਿਚ ਪੁੱਜੇ। ਧਰਨੇ ਦੌਰਾਨ ਬਰਨਾਲਾ ਵਿਖੇ ਸ਼ਹੀਦ ਹੋਏ ਕਿਸਾਨ ਆਗੂ ਯਸ਼ਪਾਲ ਮਹਿਲ ਕਲਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ ਹੈ। ਕਿਸਾਨ ਆਗੂਆਂ ਕੰਵਲਪ੍ਰੀਤ ਸਿੰਘ ਪਨੂੰ, ਹਰਜੀਤ ਸਿੰਘ ਝੀਤੇ, ਜਤਿੰਦਰ ਸਿੰਘ ਛੀਨਾ ਤੇ ਹੋਰਨਾਂ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ। ਉਨ੍ਹਾਂ ਆਖਿਆ ਕਿ ਕਾਲੇ ਕਾਨੂੰਨਾਂ ਖਿਲਾਫ ਇਹ ਸੰਘਰਸ਼ ਕਾਨੂੰਨਾਂ ਦੀ ਵਾਪਸੀ ਤਕ ਜਾਰੀ ਰਹੇਗਾ। ਇਸ ਮੌਕੇ ਸਤਨਾਮ ਸਿੰਘ ਝੰਡੇਰ, ਸੁਖਰਾਜ ਸਿੰਘ ਸਰਕਾਰੀਆ, ਅਵਤਾਰ ਸਿੰਘ, ਸੁਖਦੇਵ ਸਿੰਘ ਝੰਜੋਟੀ, ਤਰਸੇਮ ਸਿੰਘ ਕਲਸੀਆਂ, ਨਿਸ਼ਾਨ ਸਿੰਘ ਸਾਂਘਣਾ, ਅਮਨਦੀਪ ਸਿੰਘ ਛੀਨਾ ਤੇ ਹੋਰਨਾਂ ਨੇ ਸੰਬੋਧਨ ਕੀਤਾ।