ਸਿਮਰਤ ਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 28 ਸਤੰਬਰ
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦਾ ਦੇਵੀਦਾਸਪੁਰਾ ਵਿੱਚ ਅੰਮ੍ਰਿਤਸਰ-ਜਲੰਧਰ ਰੇਲ ਮਾਰਗ ’ਤੇ ਚੱਲ ਰਿਹਾ ‘ਰੇਲ ਰੋਕੋ’ ਅੰਦੋਲਨ ਅੱਜ ਪੰਜਵੇਂ ਦਿਨ ਵੀ ਜਾਰੀ ਰਿਹਾ। ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਅੱਜ ਨੌਜਵਾਨਾਂ ਨੇ ਕੇਸਰੀ ਦਸਤਾਰਾਂ ਸਜਾ ਕੇ ਧਰਨੇ ਵਿੱਚ ਸ਼ਮੂਲੀਅਤ ਕੀਤੀ ਅਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ, ਗੁਰਬਚਨ ਸਿੰਘ ਚੱਬਾ ਅਤੇ ਹਰਪ੍ਰੀਤ ਸਿੰਘ ਸਿੱਧਵਾਂ ਆਗੂਆਂ ਨੇ ਕਿਹਾ ਅੱਜ ਧਰਨੇ ਮੌਕੇ ਸ਼ਹੀਦ ਭਗਤ ਸਿੰਘ ਦੇ ਸੁਫ਼ਨਿਆਂ ਦਾ ਸਮਾਜ ਸਥਾਪਤ ਹੋਣ ਤੱਕ ਸੰਘਰਸ਼ ਕਰਨ ਦਾ ਅਹਿਦ ਕੀਤਾ ਗਿਆ। ਜਥੇਬੰਦੀ ਵੱਲੋਂ ਇਹ ਅੰਦੋਲਨ ਹੁਣ ਦੋ ਅਕਤੂਬਰ ਤੱਕ ਵਧਾ ਦਿੱਤਾ ਗਿਆ ਹੈ। ਇਸ ਮੌਕੇ ਰਾਸ਼ਟਰਪਤੀ ਵੱਲੋਂ ਖੇਤੀ ਬਿੱਲਾਂ ’ਤੇ ਦਸਤਖ਼ਤ ਕੀਤੇ ਜਾਣ ਕਰਕੇ ਜਥੇਬੰਦੀ ਨੇ 27 ਸਤੰਬਰ ਨੂੰ ‘ਕਾਲਾ ਦਿਨ’ ਕਰਾਰ ਦਿੱਤਾ। ਉਨ੍ਹਾਂ ਕੇਂਦਰ ਸਰਕਾਰ ਅਤੇ ਰਾਸ਼ਟਰਪਤੀ ਦੀ ਇਸ ਕਾਰਵਾਈ ਦੀ ਨਿਖੇਧੀ ਕਰਦਿਆਂ ਸੰਘਰਸ਼ ਹੋਰ ਤਿੱਖਾ ਕਰਨ ਦੀ ਚਿਤਾਵਨੀ ਦਿੱਤੀ। ਇਸ ਮੌਕੇ ਰਣਬੀਰ ਸਿੰਘ ਡੁਗਰੀ, ਗੁਰਪ੍ਰੀਤ ਸਿੰਘ ਖ਼ਾਨਪੁਰ, ਕੁਲਦੀਪ ਸਿੰਘ ਬੇਗੋਵਾਲ, ਪਰਤਾਪ ਸਿੰਘ ਹਰਗੋਬਿੰਦਪੁਰ, ਅਜੀਤ ਸਿੰਘ ਚੰਬਾ, ਦਿਆਲ ਸਿੰਘ ਮੀਆਂਵਿੰਡ, ਹਰਭਿੰਦਰ ਸਿੰਘ ਕੰਗ, ਜਵਾਹਰ ਸਿੰਘ ਟਾਂਡਾ ਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ।
ਫ਼ਿਰੋਜ਼ਪੁਰ (ਸੰਜੀਵ ਹਾਂਡਾ): ਖੇਤੀ ਕਾਨੂੰਨ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਦਾ ‘ਰੇਲ ਰੋਕੋ’ ਅੰਦੋਲਨ ਅੱਜ ਪੰਜਵੇਂ ਦਿਨ ਵਿਚ ਦਾਖ਼ਲ ਹੋ ਗਿਆ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਇਸ ਅੰਦੋਲਨ ਨੂੰ ਦੋ ਅਕਤੂਬਰ ਤੱਕ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਇੱਥੇ ਬਸਤੀ ਟੈਂਕਾਂ ਵਾਲੀ ਵਿਚ ਰੇਲਾਂ ਦਾ ਚੱਕਾ ਜਾਮ ਕਰਕੇ ਬੈਠੇ ਕਿਸਾਨ ਮੋਦੀ ਸਰਕਾਰ ਖ਼ਿਲਾਫ਼ ਪੂਰੇ ਰੋਹ ਵਿਚ ਨਜ਼ਰ ਆਏ। ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕਿਸਾਨ ਔਰਤਾਂ ਨੇ ਵੀ ਰੇਲਵੇ ਜੰਕਸ਼ਨ ’ਤੇ ਰੋਸ ਮੁਜ਼ਾਹਰਾ ਕੀਤਾ ਅਤੇ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਅਹਿਦ ਲਿਆ। ਰੇਲਵੇ ਟਰੈਕ ’ਤੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਸਤਨਾਮ ਸਿੰਘ ਪੰਨੂ, ਜਸਬੀਰ ਸਿੰਘ ਪਿੱਦੀ, ਇੰਦਰਜੀਤ ਸਿੰਘ ਬਾਠ, ਰਣਬੀਰ ਸਿੰਘ, ਕਰਮਜੀਤ ਕੌਰ ਅਤੇ ਰਾਜਵੀਰ ਕੌਰ ਨੇ ਰੇਲ ਰੋਕੋ ਅੰਦੋਲਨ ਦੀ ਹਮਾਇਤ ਕਰਦਿਆਂ ਤਿੰਨੇ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ।
ਲੁਧਿਆਣਾ (ਟ੍ਰਿਬਿਊਨ ਨਿਊਜ਼ ਸਰਵਿਸ): ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਉਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਇਸ ਪ੍ਰੋਗਰਾਮ ਨੂੰ ਸੁਣਦਿਆਂ ਕਈ ਮਹੀਨੇ ਹੋ ਗਏ ਹਨ, ਜਿਸ ਰਾਹੀਂ ਉਨ੍ਹਾਂ ਨੇ ਨੋਟਬੰਦੀ, ਜੀਐੱਸਟੀ, ਲੌਕਡਾਊਨ ਦੌਰਾਨ ਪਰਵਾਸੀ ਮਜ਼ਦੂਰਾਂ ਨੂੰ ਹਜ਼ਾਰਾਂ ਕਿਲੋਮੀਟਰ ਪੈਦਲ ਤੋਰਿਆ ਤੇ ਹੁਣ ਕਿਸਾਨਾਂ ਦੀ ਮਰਜ਼ੀ ਤੋਂ ਬਗੈਰ ਖੇਤੀ ਕਾਨੂੰਨ ਬਣਾ ਕੇ ਉਨ੍ਹਾਂ ਨੂੰ ਭਰਮਾਉਣ ਦੀ ਨਾਕਾਮ ਕੋਸ਼ਿਸ਼ ਕਰ ਰਹੇ ਹਨ। ਵਿਧਾਇਕ ਬੈਂਸ ਨੇ ਕਿਹਾ ਹੈ ਕਿ ‘ਮੋਦੀ ਜੀ ਅਸੀਂ ਕਾਫ਼ੀ ਸਮੇਂ ਤੋਂ ਤੁਹਾਡੇ ‘ਮਨ ਕੀ ਬਾਤ’ ਸੁਣ ਰਹੇ ਹਾਂ ਤੇ ਹੁਣ ਤੁਸੀਂ ਕਿਸਾਨਾਂ ਅਤੇ ਪੰਜਾਬ ਵਾਸੀਆਂ ਦੇ ਮਨ ਕੀ ਬਾਤ ਸੁਣਦੇ ਹੋਏ ਕਿਸਾਨਾਂ ਦੀ ਮੌਤ ਦੇ ਫਰਮਾਨ ਖੇਤੀ ਕਾਨੂੰਨ ਵਾਪਸ ਲੈ ਲਓ।’
ਪੰਜਾਬ ਦੇ ਗਾਇਕਾਂ ਨੇ ਕਿਸਾਨਾਂ ਦੇ ਹੱਕ ਵਿੱਚ ਲਾਈ ਹੇਕ
ਬਟਾਲਾ (ਹਰਜੀਤ ਸਿੰਘ ਪਰਮਾਰ/ਦਲਬੀਰ ਸੱਖੋਵਾਲੀਆ): ਪੰਜਾਬੀ ਗਾਇਕ ਰਣਜੀਤ ਬਾਵਾ ਦੇ ਸੱਦੇ ’ਤੇ ਪਗੜੀ ਸੰਭਾਲ ਜੱਟਾ ਅਤੇ ਹੋਰ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਬਟਾਲਾ ਵਿੱਚ ਕੌਮੀ ਮਾਰਗ ’ਤੇ ਧਰਨਾ ਲਾ ਕੇ ਖੇਤੀ ਬਿੱਲਾਂ ਖ਼ਿਲਾਫ਼ ਮੁਜ਼ਾਹਰਾ ਕੀਤਾ ਗਿਆ। ਧਰਨੇ ਵਿੱਚ ਰਣਜੀਤ ਬਾਵਾ, ਹਰਭਜਨ ਮਾਨ, ਕੰਵਰ ਗਰੇਵਾਲ, ਐਮੀ ਵਿਰਕ, ਹਰਫ਼ ਚੀਮਾ, ਕੁਲਵਿੰਦਰ ਬਿੱਲਾ, ਜਗਦੀਪ ਰੰਧਾਵਾ, ਰਾਜਵੀਰ ਜਵੰਧਾ, ਲੱਖਾ ਸਿਧਾਣਾ, ਰਵਿੰਦਰ ਗਰੇਵਾਲ, ਗੁਰਵਿੰਦਰ ਬਰਾੜ ਅਤੇ ਦੀਪ ਸਿੱਧੂ ਸਣੇ ਹੋਰ ਗਾਇਕਾਂ ਅਤੇ ਗੀਤਕਾਰਾਂ ਨੇ ਕਿਸਾਨਾਂ ਦੇ ਹੱਕ ਵਿੱਚ ਨਾਅਰਾ ਮਾਰਿਆ ਤੇ ਕੇਂਦਰ ਨੂੰ ਖੇਤੀ ਸੁਧਾਰ ਐਕਟ ਲਾਗੂ ਕਰਨ ਦਾ ਫ਼ੈਸਲਾ ਮੁੜ ਵਿਚਾਰਨ ਦੀ ਅਪੀਲ ਕੀਤੀ। ਧਰਨਾਕਾਰੀਆਂ ਵੱਲੋਂ ਸਥਾਨਕ ਵੀਐੱਮਐੱਸ ਕਾਲਜ ਨੇੜੇ ਲਾਏ ਗਏ ਰੋਸ ਧਰਨੇ ਦੌਰਾਨ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਦਾ ਇੱਕ ਪਾਸਾ ਹੀ ਜਾਮ ਕੀਤਾ ਗਿਆ ਜਦਕਿ ਦੂਸਰੇ ਪਾਸੇ ਆਵਾਜਾਈ ਚਲਦੀ ਰਹੀ। ਇਸ ਦੌਰਾਨ ਆਗੂਆਂ ਨੇ ਕਿਹਾ ਕਿ ਇਹ ਕਿਸਾਨੀ ਸੰਘਰਸ਼ ਦਾ ਹੀ ਹਿੱਸਾ ਹੈ, ਇਸ ਦਾ ਕਿਸੇ ਵੀ ਸਿਆਸੀ ਪਾਰਟੀ ਨਾਲ ਸਬੰਧ ਨਹੀਂ। ਉਨ੍ਹਾਂ ਕਿਹਾ ਕਿ ਜੇ ਦੇਸ਼ ਦਾ ਅੰਨਦਾਤਾ ਪੂਰੇ ਦੇਸ਼ ਦੇ ਅੰਨ ਦੀ ਪੂਰਤੀ ਕਰਨ ਦੀ ਸਮਰੱਥਾ ਰੱਖਦਾ ਹੈ ਤਾਂ ਆਪਣੇ ਹੱਕ ਲੈਣਾ ਵੀ ਚੰਗੀ ਤਰ੍ਹਾਂ ਜਾਣਦਾ ਹੈ। ਵੱਖ-ਵੱਖ ਬੁਲਾਰਿਆਂ ਨੇ ਸਪੱਸ਼ਟ ਕਿਹਾ ਕਿ ਕੇਂਦਰ ਸਰਕਾਰ ਦੇਸ਼ ਅਤੇ ਕਿਸਾਨਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਜਾਂ ਤਾਂ ਖੇਤੀ ਸੁਧਾਰ ਐਕਟ ਰੱਦ ਕਰੇ ਜਾਂ ਉਸ ਵਿੱਚ ਤੁਰੰਤ ਲੋੜੀਂਦੀਆਂ ਸੋਧਾਂ ਕਰੇ, ਨਹੀਂ ਤਾਂ ਨਤੀਜੇ ਭੁਗਤਣ ਲਈ ਤਿਆਰ ਰਹੇ। ਇਸ ਮੌਕੇ ਲੱਖਾ ਸਿਧਾਣਾ ਵੀ ਮੰਚ ’ਤੇ ਮੌਜੂਦ ਸੀ। ਧਰਨੇ ਨੂੰ ਭਾਰਤੀ ਕਿਸਾਨ ਯੂਨੀਅਨ, ਸਥਾਨਕ ਸਮਾਜ ਸੇਵੀ ਸੰਸਥਾਂਵਾਂ ਤੇ ਨੌਜਵਾਨ ਵਰਗ ਵੱਲੋਂ ਭਰਪੂਰ ਸਮਰਥਨ ਮਿਲਿਆ।