ਹਰਦੀਪ ਸਿੰਘ ਸੋਢੀ
ਧੂਰੀ, 28 ਸਤੰਬਰ
ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਇਥੋਂ ਦੇ ਪਿੰਡ ਮਾਨਵਾਲਾ ਤੋਂ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੀ ਸ਼ੁਰੂਆਤ ਕੀਤੀ ਹੈ। ਧੂਰੀ ਦੇ ਸਾਬਕਾ ਵਿਧਾਇਕ ਧਨਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਸਿੱਧੂ ਨੇ ਕਿਹਾ ਕਿ ਦੇਸ਼ ਦੇ ਅੰਨ ਭੰਡਾਰ ਨੂੰ ਭਰਨ ਲਈ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਵੱਡਾ ਯੋਗਦਾਨ ਪਾਇਆ ਹੈ, ਪਰ ਹੁਣ ਕੇਂਦਰ ਦੇ ਗ਼ਲਤ ਫ਼ੈਸਲਿਆਂ ਕਾਰਨ ਦੋਵੇਂ ਰਾਜਾਂ ਦੇ ਕਿਸਾਨ ਸੜਕਾਂ ’ਤੇ ਰੁਲਣ ਲਈ ਮਜਬੂਰ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਕਾਰਨ ਕਿਸਾਨਾਂ ਦੇ ਨਾਲ-ਨਾਲ ਕਰੀਬ 28 ਹਜ਼ਾਰ ਆੜ੍ਹਤੀਏ, 4 ਤੋਂ 5 ਲੱਖ ਮੰਡੀਆਂ ‘ਚ ਕੰਮ ਕਰਨ ਵਾਲੇ ਮਜ਼ਦੂਰ ਪ੍ਰਭਾਵਿਤ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਤਹਿਤ ਹੋਣ ਵਾਲੀ ਜਿਣਸਾਂ ਦੀ ਵਿਕਰੀ ਲਈ ਜੇਕਰ ਖਰੀਦ ਕੰਪਨੀ ਅਦਾਇਗੀ ਨਹੀਂ ਕਰਦੀ ਤਾਂ ਉਸ ਦੀ ਸ਼ਿਕਾਇਤ ਡਿਪਟੀ ਕਮਿਸ਼ਨਰਾਂ, ਐੱਸਡੀਐੱਮ ਕੋਲ ਨਹੀਂ ਕੀਤੀ ਜਾ ਸਕੇਗੀ। ਉਨ੍ਹਾਂ ਧੂਰੀ ਸਾਬਕਾ ਵਿਧਾਇਕ ਧਨਵੰਤ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਧਨਵੰਤ ਸਿੰਘ ਨੇ ਹਮੇਸ਼ਾ ਸੱਚਾਈ ਦਾ ਸਾਥ ਦਿੱਤਾ ਹੈ ਤੇ ਔਖੇ ਸਮੇਂ ਵਿੱਚ ਨਾਲ ਖੜ੍ਹੇ ਹਨ, ਜਿਸ ਕਾਰਨ ਉਨ੍ਹਾਂ ਮਾਨਵਾਲਾ ਪਿੰਡ ਤੋਂ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਦੀ ਸ਼ੁਰੂਆਤ ਕੀਤੀ ਹੈ।