ਚਮਕੌਰ ਸਾਹਿਬ, 8 ਨਵੰਬਰ
ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਪਾਸ ਕੀਤੇ ਬਿਲਾਂ ਖਿਲਾਫ ਕਿਸਾਨਾਂ ਵੱਲੋਂ ਚਮਕੌਰ ਸਾਹਿਬ-ਰੂਪਨਗਰ ਸੜਕ ’ਤੇ ਸਥਿਤ ਪਿੰਡ ਕਮਾਲਪੁਰ ਟੌਲ ਪਲਾਜ਼ਾ ’ਤੇ ਅੱਜ 26ਵੇਂ ਦਿਨ ਵੀ ਧਰਨਾ ਜਾਰੀ ਰੱਖਦਿਆਂ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਤੇ ਕਾਰਪੋਰੇਟ ਘਰਾਣਿਆਂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਆਗੂ ਬਾਈ ਪਰਮਿੰਦਰ ਸਿੰਘ ਸੇਖੋਂ , ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਅਮਨਦੀਪ ਸਿੰਘ ਮਾਂਗਟ, ਦਰਸਨ ਸਿੰਘ ਝੱਲੀਆਂ, ਠੇਕੇਦਾਰ ਪ੍ਰਿਤਪਾਲ ਸਿੰਘ ਗੋਗਾ ਅਤੇ ਸੰਦੀਪ ਸਿੰਘ ਜੱਸੜਾ ਨੇ ਕਿਹਾ ਕਿ ਕਿਸਾਨਾਂ ਵੱਲੋਂ ਉਦੋਂ ਤੱਕ ਸੜਕਾਂ ਤੇ ਟੌਲ ਪਲਾਜਿਆ ਸਮੇਤ ਰਿਲਾਇੰਸ ਦੇ ਪੰਪਾਂ ਤੇ ਧਰਨੇ ਅਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ, ਜਦੋਂ ਤੱਕ ਕੇਂਦਰ ਸਰਕਾਰ ਕਿਸਾਨ ਵਿਰੋਧੀ ਪਾਸ ਕੀਤੇ ਬਿਲਾਂ ਨੂੰ ਰੱਦ ਨਹੀਂ ਕਰਦੀ । ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਵੀ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਆਈ ਹੈ ਤਾਂ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਹੀ ਕੀਤਾ ਜਾਂਦਾ ਰਿਹਾ ਹੈ, ਪਰੰਤੂ ਹੁਣ ਕਿਸਾਨ ਜਾਗਰੂਕ ਹੋ ਚੁੱਕਾ ਹੈ, ਜਿਸ ਤੇ ਕਿਸਾਨ ਕੇਂਦਰ ਸਰਕਾਰ ਦੀ ਕਿਸੇ ਵੀ ਚਾਲ ਵਿੱਚ ਨਹੀਂ ਆਵੇਗਾ। ਉਨ੍ਹਾਂ ਕਿਹਾ ਕਿ ਸੰਨ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੇ ਨੁਮਾਇੰਦਿਆਂ ਨੂੰ ਪਿੰਡਾਂ ਵਿੱਚ ਵੜਨ ਨਹੀਂ ਦਿੱਤਾ ਜਾਵੇਗਾ, ਉਥੇ ਹੀ ਉਨ੍ਹਾਂ ਵਿਰੁੱਧ ਰੋਸ ਪ੍ਰਦਰਸ਼ਨ ਕਰਕੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ।