ਰਾਜਿੰਦਰ ਕੁਮਾਰ
ਬੱਲੂਆਣਾ (ਅਬੋਹਰ), 9 ਨਵੰਬਰ
ਇੱਥੇ ਪਹੁੰਚੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਅੱਜ ਕਿਸਾਨ ਜਥੇਬੰਦੀਆਂ ਨੇ ਸੀਤੋ ਗੁੰਨੋ ਵਿੱਚ ਕਾਲੇ ਝੰਡੇ ਵਿਖਾਏ ਅਤੇ ਕਿਸਾਨ ਆਗੂ ਸੁਖਮੰਦਰ ਸਿੰਘ ਬਜੀਤਪੁਰ ਭੋਮਾ, ਜਗਜੀਤ ਸਿੰਘ, ਨਿਰਮਲ ਸਿੰਘ ਅਤੇ ਸੁਭਾਸ਼ ਗੋਦਾਰਾ ਦੀ ਅਗਵਾਈ ਹੇਠ ਅਕਾਲੀ ਆਗੂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨਾਂ ਨੇ ਬੱਲੂਆਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਦੇਵ ਸਿੰਘ ਮੇਘ ਦੀ ਟਿਕਟ ਕੱਟਣ ਦੀ ਵੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਹਰਦੇਵ ਸਿੰਘ ਵੱਲੋਂ ਸੋਸ਼ਲ ਮੀਡੀਆ ’ਤੇ ਕਿਸਾਨਾਂ ਖ਼ਿਲਾਫ਼ ਪ੍ਰਚਾਰ ਕੀਤਾ ਜਾ ਰਿਹਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਵਿਰੋਧ ਦੇਖ ਕੇ ਹਰਸਿਮਰਤ ਦਾ ਕਾਫ਼ਲਾ ਹਲਕੇ ਦੇ ਉਮੀਦਵਾਰ ਹਰਦੇਵ ਸਿੰਘ ਨੂੰ ਨਾਲ ਲੈ ਕੇ ਪਿੰਡਾਂ ਵੱਲ ਤੁਰ ਪਿਆ। ਪਿੰਡ ਹਿੰਮਤਪੁਰਾ ਤੋਂ ਸੰਗਰੀਆ ਜਾਣ ਵਾਲੀ ਲਿੰਕ ਸੜਕ ’ਤੇ ਹਰਸਿਮਰਤ ਰੁਕੇ ਅਤੇ ਖੇਤਾਂ ਵਿੱਚ ਕੰਮ ਕਰਦੀਆਂ ਮੁਟਿਆਰਾਂ ਨਾਲ ਮਿਲ ਕੇ ਨਰਮਾ ਚੁਗਿਆ। ਇਸ ਮੌਕੇ ਉਨ੍ਹਾਂ ਕਿਸਾਨੀ ਮਸਲਿਆਂ ਬਾਰੇ ਗੱਲਬਾਤ ਵੀ ਕੀਤੀ। ਇਸ ਤੋਂ ਬਾਅਦ ਉਨ੍ਹਾਂ ਪਿੰਡ ਅਮਰਪੁਰਾ ਵਿੱਚ ਅਕਾਲੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕੀਤਾ।
ਹਰਸਿਮਰਤ ਦੇ ਵਿਰੋਧ ਦੌਰਾਨ ਸੀਤੋ ਗੁੰਨੋ ਨੇੜੇ ਕਿਸਾਨਾਂ ਦੀ ਬੱਲੂਆਣਾ ਦੇ ਡੀਐੱਸਪੀ ਅਵਤਾਰ ਸਿੰਘ ਰਾਜਪਾਲ ਨਾਲ ਵੀ ਤਲਖ਼ੀ ਹੋਈ। ਕਿਸਾਨਾਂ ਦਾ ਕਹਿਣਾ ਸੀ ਕਿ ਅਵਤਾਰ ਸਿੰਘ ਨੇ ਉਨ੍ਹਾਂ ਪ੍ਰਤੀ ਮਾੜੇ ਸ਼ਬਦ ਬੋਲੇ ਹਨ। ਇਸ ਸਬੰਧੀ ਅਵਤਾਰ ਸਿੰਘ ਨੇ ਕਿਹਾ ਕਿ ਪ੍ਰਦਰਸ਼ਨਕਾਰੀਆਂ ’ਚੋਂ ਕੁੱਝ ਜਣਿਆਂ ਨੇ ਮਹਿਲਾ ਪੁਲੀਸ ਮੁਲਾਜ਼ਮਾਂ ਦੀ ਮੌਜੂਦਗੀ ਵਿੱਚ ਗਲਤ ਸ਼ਬਦਾਵਲੀ ਬੋਲੀ ਹੈ।
ਕਿਸਾਨਾਂ ਵੱਲੋਂ ਰਾਣਾ ਗੁਰਜੀਤ ਸਿੰਘ ਦਾ ਘਿਰਾਓ
ਨਿਹਾਲ ਸਿੰਘ ਵਾਲਾ (ਰਾਜਵਿੰਦਰ ਰੌਂਤਾ): ਇਥੋਂ ਦੇ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿੱਚ ਅੱਜ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੀ ਮੀਟਿੰਗ ਸੀ ਜਿਸ ਦੀ ਭਿਣਕ ਪੈਂਦਿਆਂ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਦੀ ਅਗਵਾਈ ਹੇਠ ਘਿਰਾਓ ਕੀਤਾ ਗਿਆ। ਰਾਣਾ ਗੁਰਜੀਤ ਸਿੰਘ ਜਦੋਂ ਸੰਭਾਵੀ ਵਿਧਾਨ ਸਭਾ ਉਮੀਦਵਾਰਾਂ ਨਾਲ ਮੀਟਿੰਗ ਕਰਕੇ ਮੁੜੇ ਤਾਂ ਕਿਸਾਨ ਗੱਡੀ ਅੱਗੇ ਲੰਮੇ ਪੈ ਗਏ। ਉਨ੍ਹਾਂ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪੁਲੀਸ ਨੇ ਕਿਸਾਨਾਂ ਨੂੰ ਸ਼ਾਂਤ ਕੀਤਾ। ਕਿਸਾਨ ਯੂਨੀਅਨ ਦੇ ਆਗੂਆਂ ਅਮਰਜੀਤ ਸਿੰਘ ਸੈਦੋਕੇ, ਇੰਦਰਮੋਹਨ ਪੱਤੋ, ਗੁਰਚਰਨ ਸਿੰਘ, ਮਹਿੰਦਰ ਕੌਰ ਪੱਤੋ, ਕੇਵਲ ਬੱਧਨੀ ਤੇ ਹੋਰ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ਅਤੇ ਨਰਮਾ ਚੁਗਣ ਵਾਲਿਆਂ ਨੂੰ ਨਰਮੇ ਦੀ ਫ਼ਸਲ ਦਾ ਮੁਆਵਜ਼ਾ ਦਿੱਤਾ ਜਾਵੇ ਤੇ ਡੀਏਪੀ ਖਾਦ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਦੀ, ਇਸੇ ਤਰ੍ਹਾਂ ਹੀ ਕਾਂਗਰਸੀ ਮੰਤਰੀਆਂ ਦਾ ਘਿਰਾਓ ਕੀਤਾ ਜਾਵੇਗਾ।