ਗਗਨਦੀਪ ਅਰੋੜਾ/ਸਰਬਜੀਤ ਗਿੱਲ
ਲੁਧਿਆਣਾ/ਫਿਲੌਰ, 7 ਅਕਤੂੂਬਰ
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਯੂਨੀਅਨ ’ਚ ਗੁੱਸਾ ਵੱਧਦਾ ਜਾ ਰਿਹਾ ਹੈ। ਅੱਜ ਕਿਸਾਨ ਯੂਨੀਅਨਾਂ ਨੇ ਲਾਡੋਵਾਲ ਸਥਿਤ ਸੂਬੇ ਦੇ ਸਭ ਤੋਂ ਮਹਿੰਗੇ ਟੌਲ ਪਲਾਜ਼ੇ ਨੂੰ ਬੰਦ ਕਰਕੇ ਧਰਨਾ ਲਾ ਦਿੱਤਾ। ਕਿਸਾਨ ਆਗੂਆਂ ਨੇ ਟੌਲ ਪਲਾਜ਼ਾ ਘੇਰ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਟੌਲ ਪਲਾਜ਼ਾ ਦੇ ਅਮਲੇ ਨੇ ਰਾਹਗੀਰਾਂ ਨੂੰ ਬਗੈਰ ਪੈਸੇ ਲਏ ਜਾਣ ਦਿੱਤਾ। ਇਹ ਸਿਲਸਿਲਾ ਬਾਅਦ ਦੁਪਹਿਰ ਤੱਕ ਜਾਰੀ ਰਿਹਾ। ਇਸ ਦੌਰਾਨ ਬੀਬੀਆਂ ਦੀ ਵੀ ਭਰਵੀਂ ਸ਼ਮੂਲੀਅਤ ਰਹੀ। ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਸੰਤੋਖ ਸਿੰਘ ਸੰਧੂ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਦੇ ਖ਼ਿਲਾਫ਼ ਕਾਲਾ ਕਾਨੂੰਨ ਪਾਸ ਕਰ ਦਿੱਤਾ ਹੈ, ਜਿਨ੍ਹਾਂ ਦੇ ਲਾਗੂ ਹੋਣ ਨਾਲ ਫ਼ਸਲਾਂ ਦਾ ਘੱਟੋ ਘੱਟ ਸਮਰਥਨ ਮੁੱਲ ਨਹੀਂ ਮਿਲੇਗਾ। ਅਜਿਹੇ ’ਚ ਕਿਸਾਨ ਵੱਡੇ ਘਰਾਣਿਆਂ ਦੇ ਹੱਥਾਂ ’ਚ ਵਿਕਣ ਲਈ ਮਜਬੂਰ ਹੋਣਗੇ। ਕੇਂਦਰ ਸਰਕਾਰ ਨੇ ਵੱਡੇ ਘਰਾਣਿਆਂ ਨੂੰ ਫਾਇਦਾ ਦੇਣ ਲਈ ਕਿਸਾਨਾਂ ਦੀ ਸੰਘੀ ਘੁੱਟਣ ਦੀ ਕੋਸ਼ਿਸ਼ ਕੀਤੀ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਵੱਲੋਂ ਕਾਲੇ ਕਾਨੂੰਨ ਵਾਪਸ ਨਹੀਂ ਲਏ ਜਾਂਦੇ, ਉਦੋਂ ਤੱਕ ਕਿਸਾਨ ਜੱਥੇਬੰਦੀਆਂ ਇਸੇ ਤਰ੍ਹਾਂ ਪ੍ਰਦਰਸ਼ਨ ਕਰਦੀਆਂ ਰਹਿਣਗੀਆਂ। ਕਿਸਾਨ ਆਗੂ ਨੇ ਆਮ ਲੋਕਾਂ ਨੂੰ ਵੀ ਉਨ੍ਹਾਂ ਦੇ ਇਸ ਸੰਘਰਸ਼ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ ਤਾਂ ਕਿ ਪੰਜਾਬ ਦੀ ਕਿਸਾਨੀ ਨੂੰ ਬਚਾਇਆ ਜਾ ਸਕੇ। ਕਿਸਾਨ ਆਗੂਆਂ ਨੇ ਕਿਹਾ ਕਿ ਇਹ ਸੂਬੇ ਦਾ ਸਭ ਤੋਂ ਮਹਿੰਗਾ ਟੌਲ ਪਲਾਜ਼ਾ ਹੈ। ਇਸ ਕਰਕੇ ਹੁਣ ਇਸ ਨੂੰ ਬੰਦ ਕੀਤਾ ਹੈ।
ਅੱਜ ਹੋਇਆ ਵੀਹ ਲੱਖ ਦਾ ਨੁਕਸਾਨ: ਮੈਨੇਜਰ਼
ਟੌਲ ਪਲਾਜ਼ਾ ਦੇ ਮੈਨੇਜਰ ਸੀਐੱਸ ਰਾਠੌਰ ਦਾ ਕਹਿਣਾ ਹੈ ਕਿ ਕਿਸਾਨਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਅੱਜ ਪੂਰੇ ਦਿਨ ਵਿੱਚ ਜਦੋਂ ਤੋਂ ਧਰਨਾ ਲੱਗਿਆ ਹੈ, ਟੌਲ ਪਲਾਜ਼ਾ ਦਾ 20 ਲੱਖ ਦਾ ਨੁਕਸਾਨ ਹੋ ਚੁੱਕਿਆ ਹੈ। ਜੇ ਧਰਨਾ ਜਾਰੀ ਰਹਿੰਦਾ ਹੈ ਤਾਂ 50 ਲੱਖ ਰੁਪਏ ਰੋਜ਼ਾਨਾ ਦਾ ਨੁਕਸਾਨ ਹੋ ਸਕਦਾ ਹੈ।