ਪਵਨ ਗੋਇਲ
ਭੁੱਚੋ ਮੰਡੀ, 12 ਸਤੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਨਥਾਣਾ ਵੱਲੋਂ ਖੇਤੀ ਕਨੂੰਨਾਂ ਖ਼ਿਲਾਫ਼ ਬਠਿੰਡਾ-ਜ਼ੀਰਕਪੁਰ ਕੌਮੀ ਮਾਰਗ ’ਤੇ ਸਥਿਤ ਬੈਸਟ ਪ੍ਰਾਈਸ ਮਾਲ ਭੁੱਚੋ ਖੁਰਦ ਅੱਗੇ ਚੱਲ ਰਹੇ ਮੋਰਚੇ ਵਾਲੀ ਥਾਂ ’ਤੇ ਅੱਜ ਜਿਸਤੀ ਚਾਦਰਾਂ ਦਾ ਪੱਕਾ ਸ਼ੈੱਡ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ।
ਇਸ ਮੌਕੇ ਬਲਾਕ ਆਗੂ ਬਲਜੀਤ ਸਿੰਘ ਪੂਹਲਾ, ਲਖਵੀਰ ਸਿੰਘ ਬੀਰਾ, ਗੁਰਜੰਟ ਸਿੰਘ ਚੱਕ, ਬਲਤੇਜ ਸਿੰਘ ਚੱਕ ਅਤੇ ਗੁਰਮੇਲ ਸਿੰਘ ਨਥਾਣਾ ਨੇ ਕਿਹਾ ਕਿ ਪੰਡਾਲ ਵਿੱਚ ਵਾਰ-ਵਾਰ ਮੀਂਹ ਦਾ ਪਾਣੀ ਭਰ ਜਾਣ ਕਾਰਨ ਅਕਸਰ ਹੀ ਸਟੇਜ ਦੀ ਕਾਰਵਾਈ ਰੁਕ ਜਾਂਦੀ ਸੀ। ਉਨ੍ਹਾਂ ਕਿਹਾ ਕਿ ਵੈਸੇ ਵੀ ਕੇਂਦਰ ਸਰਕਾਰ ਵੱਲੋਂ ਖੇਤੀ ਕਨੂੰਨ ਰੱਦ ਨਾ ਕੀਤੇ ਜਾਣ ਕਾਰਨ ਪਤਾ ਨਹੀਂ ਹਾਲੇ ਕਿੰਨੀ ਦੇਰ ਹੋਰ ਮੋਰਚਾ ਜਾਰੀ ਰਹੇ ਅਤੇ ਅੱਗੇ ਸਰਦੀ ਦਾ ਮੌਸਮ ਵੀ ਆ ਰਿਹਾ ਹੈ। ਕਿਸਾਨਾਂ ਦੀ ਸਹੂਲਤ ਅਤੇ ਸੰਘਰਸ਼ ਦੀ ਮਜ਼ਬੂਤੀ ਲਈ ਪੱਕਾ ਸ਼ੈੱਡ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਬੈਸਟ ਪ੍ਰਾਈਸ ਮਾਲ ਭੁੱਚੋ ਖੁਰਦ ਵਿੱਚੋਂ ਕਥਿਤ ਤੌਰ ’ਤੇ ਨੌਕਰੀ ਤੋਂ ਫ਼ਾਰਗ ਕੀਤੇ ਗਏ ਮੁਲਾਜ਼ਮਾਂ ਦਾ ਮੋਰਚਾ ਅੱਜ ਵਰ੍ਹਦੇ ਮੀਂਹ ’ਚ ਵੀ ਜਾਰੀ ਰਿਹਾ। ਮੁਲਾਜ਼ਮਾਂ ਨੇ ਵਾਲਮਾਰਟ ਕੰਪਨੀ ਦੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਨੌਕਰੀਆਂ ਬਹਾਲ ਕਰਨ ਦੀ ਮੰਗ ਕੀਤੀ।
ਮੁਲਾਜ਼ਮ ਆਗੂ ਜਸਪ੍ਰੀਤ ਸਿੰਘ, ਨਿਰਮਲ ਸ਼ਰਮਾ, ਹਰਮਨ ਸਿੰਘ, ਮਨਪ੍ਰੀਤ ਸਿੰਘ ਸ਼ਰਮਾ ਅਤੇ ਹਰਜਿੰਦਰ ਸਿੰਘ ਨੇ ਕਿਹਾ ਕਿ ਉਹ ਦਿੱਲੀ ਵਿੱਚ ਭਾਕਿਯੂ ਉਗਰਾਹਾਂ ਦੇ ਸੂਬਾਈ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੂੰ ਮਿਲੇ ਸਨ।
ਉਨ੍ਹਾਂ ਕਿਹਾ ਹੈ ਕਿ ਉਹ 14 ਜਾਂ 15 ਸਤੰਬਰ ਨੂੰ ਪੰਜਾਬ ਵਿੱਚ ਆਉਣਗੇ ਅਤੇ ਵਾਲਮਾਰਟ ਕੰਪਨੀ ਖ਼ਿਲਾਫ਼ ਅਗਲੇ ਸੰਘਰਸ਼ ਦੀ ਨਵੀਂ ਰੂਪ-ਰੇਖਾ ਦਾ ਜਲਦੀ ਹੀ ਐਲਾਨ ਕਰਨਗੇ।
ਉਨ੍ਹਾਂ ਦੱਸਿਆ ਕਿ ਜੋਗਿੰਦਰ ਸਿੰਘ ਉਗਰਾਹਾਂ ਨੇ ਬੈਸਟ ਪ੍ਰਾਈਸ ਮਾਲ ਦਾ ਗੇਟ ਬੰਦ ਰੱਖ ਕੇ ਮੋਰਚੇ ਵਿੱਚ ਡਟੇ ਰਹਿਣ ਦੀ ਗੱਲ ਕਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਨੌਕਰੀਆਂ ਬਹਾਲ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।