ਜੋਗਿੰਦਰ ਸਿੰਘ ਮਾਨ
ਮਾਨਸਾ, 6 ਜੂਨ
ਪੰਜਾਬ ਸਰਕਾਰ ਵੱਲੋਂ 10 ਜੂਨ ਤੋਂ ਪਹਿਲਾਂ ਝੋਨਾ ਨਾ ਲਾਉਣ ਦੇ ਦਿੱਤੇ ਗਏ ਨਿਰਦੇਸ਼ਾਂ ਦਾ ਵਿਰੋਧ ਕਰਦਿਆਂ ਕਿਸਾਨਾਂ ਨੇ ਝੋਨਾ ਲਾਉਣਾ ਸ਼ੁਰੂ ਕਰ ਦਿੱਤਾ ਹੈ। ਭਾਵੇਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਵੱਲੋਂ ਕਿਸਾਨਾਂ ਨੂੰ ਖੇਤੀ ਲਈ ਪੂਰੀ ਬਿਜਲੀ ਨਹੀਂ ਦਿੱਤੀ ਜਾ ਰਹੀ ਹੈ ਪਰ ਠੰਢੇ ਮੌਸਮ ਦਾ ਲਾਹਾ ਲੈਂਦਿਆਂ ਕਿਸਾਨਾਂ ਨੇ ਅੱਜ ਪਿੰਡ ਭੈਣੀਬਾਘਾ ਤੋਂ ਝੋਨਾ ਲਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਐਲਾਨ ਕੀਤਾ ਕਿ ਪਿੰਡਾਂ ਦੀਆਂ ਇਕਾਈਆਂ ਬਕਾਇਦਾ ਸਰਕਾਰ ਵੱਲੋਂ ਨਿਸ਼ਚਿਤ ਕੀਤੇ ਸਮੇਂ ਤੋਂ ਪਹਿਲਾਂ ਲਾਏ ਝੋਨੇ ਦੀ ਰਾਖੀ ਕਰਨਗੀਆਂ ਅਤੇ ਪੁਲੀਸ ਸਮੇਤ ਖੇਤੀ ਅਧਿਕਾਰੀਆਂ ਦਾ ਖੇਤਾਂ ਵਿੱਚ ਜਾਣ ਸਮੇਂ ਘਿਰਾਓ ਕੀਤਾ ਜਾਵੇਗਾ, ਜਦੋਂ ਕਿ ਕਿਸੇ ਵੀ ਕਿਸਾਨ ਦਾ ਝੋਨਾ ਵਾਹੁਣ ਵਰਗੀ ਨੌਬਤ ਖੜ੍ਹੀ ਨਹੀਂ ਹੋਣ ਦਿੱਤੀ ਜਾਵੇਗੀ।
ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਸਾਨਾਂ ਨੂੰ ਲਾਮਬੰਦ ਕਰਦਿਆਂ ਕਿਹਾ ਕਿ ਉਹ 10 ਜੂਨ ਤੋਂ ਝੋਨਾ ਲਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਾਲੇ ਹੁਕਮਾਂ ਤੋਂ ਬਿਲਕੁਲ ਨਾ ਘਬਰਾਉਣ। ਉਨ੍ਹਾਂ ਕਿਹਾ ਕਿ ਨਹਿਰਾਂ, ਸੂਏ ਸੁੱਕੇ ਪਏ ਹਨ ਅਤੇ ਖੇਤੀ ਮੋਟਰਾਂ ਵਾਲੀ ਬਿਜਲੀ 10 ਜੂਨ ਨੂੰ ਆਰੰਭ ਕਰਨ ਦਾ ਸਿਰਫ਼ ਭਰੋਸਾ ਹੀ ਮਿਲਿਆ ਹੈ ਪਰ ਕਿਸਾਨਾਂ ਨੇ ਪਰਵਾਸੀ ਮਜ਼ਦੂਰਾਂ ਦੀ ਘਾਟ ਨੂੰ ਦੇਖਦਿਆਂ ਅਤੇ ਮੀਂਹ ਕਾਰਨ ਠੰਢੇ ਮੌਸਮ ਦਾ ਲਾਹਾ ਲੈਂਦਿਆਂ ਝੋਨਾ ਲਾਉਣਾ ਸ਼ੁਰੂ ਕੀਤਾ ਹੈ।
ਝੋਨੇ ਦੀ ਲਵਾਈ ਸਮੇਂ ਕਿਸਾਨ ਆਗੂ ਜਥੇਬੰਦੀਆਂ ਵੱਲੋਂ ਬਕਾਇਦਾ ਝੰਡੇ ਲੈ ਕੇ ਖੇਤਾਂ ’ਚ ਗਏ ਅਤੇ ਕਿਸਾਨਾਂ ਨੂੰ ਹੌਸਲਾ ਦਿੱਤਾ ਕਿ ਉਨ੍ਹਾਂ ਨੂੰ ਝੋਨਾ ਲਾਉਣ ਤੋਂ ਰੋਕਣ ਲਈ ਕੋਈ ਵੀ ਨਹੀਂ ਆਵੇਗਾ।