ਦਵਿੰਦਰ ਪਾਲ
ਚੰਡੀਗੜ੍ਹ, 20 ਦਸੰਬਰ
ਪੰਜਾਬ ਸਰਕਾਰ ਤੋਂ ਕਿਸਾਨੀ ਮੰਗਾਂ ਲਾਗੂ ਕਰਾਉਣ ਲਈ ਕਿਸਾਨ ਯੂਨੀਅਨਾਂ ਨੇ ਸੰਘਰਸ਼ ਆਰੰਭ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ 13 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਐੱਸਡੀਐੱਮ ਦਫ਼ਤਰਾਂ ਦੇ ਮੂਹਰੇ ਦਿਨ-ਰਾਤ ਦੇ ਧਰਨੇ ਆਰੰਭ ਦਿੱਤੇ ਹਨ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਅੱਜ ਤੋਂ ਪੰਜ ਰੋਜ਼ਾ ਧਰਨੇ ਸ਼ੁਰੂ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਾਰੀਆਂ ਥਾਵਾਂ ’ਤੇ ਧਰਨਿਆਂ ’ਚ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ-ਮਜ਼ਦੂਰ, ਖੇਤ ਮਜ਼ਦੂਰ, ਮੁਲਾਜ਼ਮ, ਵਿਦਿਆਰਥੀ, ਨੌਜਵਾਨ ਤੇ ਜਮਹੂਰੀ ਹੱਕਾਂ ਦੇ ਘੁਲਾਟੀਏ ਸ਼ਾਮਲ ਹੋਏ। ਇਕੱਠਾਂ ਨੂੰ ਸੰਬੋਧਨ ਕਰਨ ਵਾਲੇ ਬੁਲਾਰਿਆਂ ਵਿੱਚ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਹਰਦੀਪ ਸਿੰਘ ਟੱਲੇਵਾਲ, ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ, ਹਰਿੰਦਰ ਕੌਰ ਬਿੰਦੂ ਅਤੇ ਕਮਲਜੀਤ ਕੌਰ ਬਰਨਾਲਾ ਸਮੇਤ 15 ਜ਼ਿਲ੍ਹਿਆਂ ਦੇ ਪ੍ਰਧਾਨ, ਸਕੱਤਰ ਅਤੇ ਪ੍ਰਮੁੱਖ ਕਿਸਾਨ ਆਗੂ ਸ਼ਾਮਲ ਸਨ। ਬੁਲਾਰਿਆਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਥੇਬੰਦੀ ਨੂੰ ਗੱਲਬਾਤ ਲਈ 16 ਦਸੰਬਰ ਦਾ ਸਮਾਂ ਦੇ ਕੇ ਮੁੱਕਰਨ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਗੁਲਾਬੀ ਸੁੰਡੀ ਕਾਰਨ ਤਬਾਹ ਹੋਏ ਨਰਮੇ ਅਤੇ ਗੜਿਆਂ ਕਾਰਨ ਨੁਕਸਾਨੀ ਝੋਨੇ ਦੀ ਫ਼ਸਲ ਦੇ ਮੁਆਵਜ਼ੇ ਵਜੋਂ ਕਿਸਾਨਾਂ ਨੂੰ 17,000 ਰੁਪਏ ਪ੍ਰਤੀ ਏਕੜ ਤੇ ਇਸ ਦਾ 10 ਫ਼ੀਸਦੀ ਵੱਖਰੇ ਤੌਰ ’ਤੇ ਖੇਤ ਮਜ਼ਦੂਰਾਂ ਨੂੰ ਤੁਰੰਤ ਅਦਾ ਕੀਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਰਾਜ ਸਰਕਾਰ ਵੱਲੋਂ ਵਧਾ ਕੇ ਐਲਾਨਿਆ ਗਿਆ ਗੰਨੇ ਦਾ ਰੇਟ 360 ਰੁਪਏ ਪ੍ਰਤੀ ਕੁਇੰਟਲ ਦੀ ਪਰਚੀ ਕਿਸਾਨਾਂ ਨੂੰ ਹਰੇਕ ਖੰਡ ਮਿੱਲ ਵੱਲੋਂ ਦੇਣ ਦੀ ਗਾਰੰਟੀ ਦਿੱਤੀ ਜਾਵੇ, ਖੁਦਕੁਸ਼ੀ ਪੀੜਤ ਕਿਸਾਨਾਂ-ਮਜ਼ਦੂਰਾਂ ਦੇ ਪਰਿਵਾਰਾਂ ਨੂੰ 3-3 ਲੱਖ ਰੁਪਏ ਦੀ ਆਰਥਿਕ ਸਹਾਇਤਾ, 1-1 ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਕਰਜ਼ੇ ਖਤਮ ਕੀਤੇ ਜਾਣ। ਇਸ ਤੋਂ ਇਲਾਵਾ 5 ਏਕੜ ਤੱਕ ਦੀ ਮਾਲਕੀ ਵਾਲੇ ਸਾਰੇ ਕਿਸਾਨਾਂ ਦੇ 2 ਲੱਖ ਰੁਪਏ ਤੱਕ ਦੇ ਕਰਜ਼ੇ ਮੁਆਫ਼ ਕੀਤੇ ਜਾਣ, ਅੰਦੋਲਨਕਾਰੀ ਕਿਸਾਨਾਂ ਸਿਰ ਮੜ੍ਹੇ ਸਾਰੇ ਪੁਲੀਸ ਕੇਸ ਤੁਰੰਤ ਰੱਦ ਕੀਤੇ ਜਾਣ ਅਤੇ ਸ਼ਹੀਦ ਕਿਸਾਨਾਂ-ਮਜ਼ਦੂਰਾਂ ਦੇ ਪਰਿਵਾਰਾਂ ਨੂੰ 5-5 ਲੱਖ ਦੀ ਆਰਥਿਕ ਮਦਦ ਦਿੱਤੀ । ਬੁਲਾਰਿਆਂ ਨੇ ਮਸਲੇ ਤੁਰੰਤ ਹੱਲ ਨਾ ਕਰਨ ਦੀ ਸੂਰਤ ਵਿੱਚ ਅੰਦੋਲਨ ਹੋਰ ਤੇਜ਼ ਕਰਨ ਦੀ ਚਿਤਾਵਨੀ ਿਦੱਤੀ।
ਤਿੰਨ ਹੋਰ ਥਾਵਾਂ ’ਤੇ ਪਟੜੀਆਂ ਜਾਮ ਕਰਨ ਦਾ ਐਲਾਨ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਅੱਧੇ ਪੰਜਾਬ ’ਚ ਰੇਲਾਂ ਦਾ ਚੱਕਾ ਜਾਮ ਕਰ ਦਿੱਤਾ ਹੈ। ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਪੰਜਾਬ ਦੇ ਚਾਰ ਜ਼ਿਲ੍ਹਿਆਂ ਅੰਮ੍ਰਿਤਸਰ, ਤਰਨ ਤਾਰਨ, ਫਿਰੋਜ਼ਪੁਰ ਤੇ ਜਲੰਧਰ-ਜੰਮੂ, ਹੁਸ਼ਿਆਰਪੁਰ ਵਿੱਚ ਕਿਸਾਨਾਂ-ਮਜ਼ਦੂਰਾਂ ਨੇ ਕੜਾਕੇ ਦੀ ਠੰਢ ਦੇ ਬਾਵਜੂਦ ਚੰਨੀ ਸਰਕਾਰ ਦੀ ਵਾਅਦਾਖ਼ਿਲਾਫ਼ੀ ਵਿਰੁੱਧ ਰੇਲ ਮਾਰਗ ਜਾਮ ਕੀਤੇ। ਉਨ੍ਹਾਂ ਕਿਹਾ ਕਿ ਅਗਲੇ ਐਲਾਨ ਤੱਕ ਇਹ ਪੱਕੇ ਮੋਰਚੇ ਦਿਨ-ਰਾਤ ਜਾਰੀ ਰਹਿਣਗੇ। ਵੱਖ ਵੱਖ ਥਾਈਂ ਮੋਰਚਿਆਂ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਸ਼ਿਵੰਦਰ ਸਿੰਘ ਚੁਤਾਲਾ, ਸੁਖਵਿੰਦਰ ਸਿੰਘ ਸਭਰਾ, ਜਸਬੀਰ ਸਿੰਘ ਪਿੱਦੀ ਅਤੇ ਹਰਪ੍ਰੀਤ ਸਿੰਘ ਸਿੱਧਵਾਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਕਿਸਾਨਾਂ-ਮਜ਼ਦੂਰਾਂ ਦੀ ਗੱਲ ਨਾ ਸੁਣੀ ਤਾਂ ਮੋਰਚੇ ਦੇ ਤੀਸਰੇ ਦਿਨ 22 ਦਸੰਬਰ ਨੂੰ ਤਿੰਨ ਹੋਰ ਥਾਵਾਂ ਫਾਜ਼ਿਲਕਾ, ਮੋਗਾ, ਬਟਾਲਾ ਅਤੇ ਗੁਰਦਾਸਪੁਰ ਵਿੱਚ ਵੀ ਮੋਰਚੇ ਸ਼ੁਰੂ ਕਰ ਦਿੱਤੇ ਜਾਣਗੇ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ-ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕਰਨ ਤੋਂ ਪੂਰੀ ਤਰ੍ਹਾਂ ਭੱਜ ਚੁੱਕੀ ਹੈ,ਕਿਸਾਨਾਂ ਨੇ ਦੇਸ ਦਾ ਅੰਨ ਭੰਡਾਰ ਭਰਨ ਲਈ ਆਪਣਾ ਖੂਨ ਪਸੀਨਾ ਵਹਾ ਦਿੱਤਾ ਪਰ ਪਿਛਲੇ 50 ਸਾਲਾਂ ਤੋਂ ਕਿਸਾਨ ਕਰਜੇ ਦੇ ਬੋਝ ਹੇਠ ਦੱਬਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 90 ਹਜਾਰ ਕਰੋੜ ਦਾ ਕਿਸਾਨੀ ਕਰਜਾ ਖਤਮ ਕਰਨ ਦਾ ਵਾਅਦਾ ਕਰਕੇ ਸਿਰਫ 4610 ਕਰੋੜ ਦਾ ਕਰਜਾ ਖਤਮ ਕੀਤਾ ਹੈ।