ਮਹੇਸ਼ ਸ਼ਰਮਾ/ਸੰਤੋਖ ਸਿੰਘ ਗਿੱਲ
ਮੰਡੀ ਅਹਿਮਦਗੜ੍ਹ/ਗੁਰੂਸਰ ਸੁਧਾਰ, 26 ਜੂਨ
ਕੇਂਦਰ ਅਤੇ ਪੰਜਾਬ ਸਰਕਾਰ ’ਤੇ ਭਾਰਤਮਾਲਾ ਪ੍ਰਾਜੈਕਟ ਤਹਿਤ ਉਸਾਰੇ ਜਾ ਰਹੇ ਜੰਮੂ-ਕਟੜਾ ਐਕਸਪ੍ਰੈੱਸਵੇਅ ਸਬੰਧੀ ਨਿਗੂਣਾ ਮੁਆਵਜ਼ਾ ਦੇ ਕੇ ਧੱਕੇ ਨਾਲ ਜ਼ਮੀਨ ਐਕੁਆਇਰ ਕਰਨ ਦਾ ਦੋਸ਼ ਲਗਾਉਂਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਲੁਧਿਆਣਾ ਅਧੀਨ ਪੈਂਦੇ ਪਿੰਡ ਕੋਟ ਆਗਾਂ ਵਿੱਚ ਅਣਮਿੱਥੇ ਸਮੇਂ ਲਏ ਧਰਨਾ ਲਾਉਂਦਿਆਂ ਸੰਘਰਸ਼ ਵਿੱਢ ਦਿੱਤਾ ਹੈ।
ਇੱਥੇ ਅੱਜ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਚਿਤਾਵਨੀ ਦਿੱਤੀ ਹੈ ਕਿ ਧਰਨਾ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਕਿ ਸਾਰੇ ਕਿਸਾਨਾਂ ਨੂੰ ਜ਼ਮੀਨ ਦੀ ਅਹਿਮੀਅਤ ਮੁਤਾਬਕ ਬਣਦਾ ਮੁਆਵਜ਼ਾ ਨਹੀਂ ਦਿੱਤਾ ਜਾਂਦਾ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਾਨ ਦੀ ਜ਼ਮੀਨ ’ਤੇ ਜਬਰੀ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਬੀਤੇ ਦਿਨ ਪ੍ਰਸ਼ਾਸਨ ਨੇ ਭਾਰੀ ਪੁਲੀਸ ਫੋਰਸ ਦੀ ਮਦਦ ਨਾਲ ਜੁੜਾਹਾਂ, ਕੋਟ ਆਗਾਂ ਅਤੇ ਕਾਲਖ ਸਮੇਤ ਕਈ ਹੋਰ ਪਿੰਡਾਂ ਦੀ ਜ਼ਮੀਨ ਦਾ ਕਬਜ਼ਾ ਲੈ ਕੇ ਕੰਪਨੀ ਨੂੰ ਦੇਣ ਦੀ ਕੋਸ਼ਿਸ਼ ਕੀਤੀ ਸੀ, ਜਿਸ ਦਾ ਕਿਸਾਨਾਂ ਨੇ ਵਿਰੋਧ ਕੀਤਾ ਸੀ। ਭਾਵੇਂ ਕਿ ਪ੍ਰਸ਼ਾਸਨ ਨੇ ਅੱਜ ਕਿਸਾਨਾਂ ਨੂੰ ਗੱਲਬਾਤ ਲਈ ਲੁਧਿਆਣਾ ਦੇ ਡੀਸੀ ਦਫ਼ਤਰ ਸੱਦਿਆ ਸੀ ਪਰ ਉਨ੍ਹਾਂ ਅੱਜ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਸੰਘਰਸ਼ ਵਿੱਢ ਦਿੱਤਾ।
ਇਸ ਮੌਕੇ ਕਿਸਾਨ ਰੋਡ ਸੰਘਰਸ਼ ਕਮੇਟੀ ਦੇ ਪ੍ਰਧਾਨ ਬਿਕਰਜੀਤ ਸਿੰਘ ਕਾਲਖ, ਸੂਬਾ ਮੀਤ ਪ੍ਰਧਾਨ ਰੂਪ ਸਿੰਘ ਛੰਨਾ, ਸੰਗਰੂਰ ਦੇ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਬਰਨਾਲਾ ਦੇ ਕਿਸਾਨ ਆਗੂ ਕ੍ਰਿਸ਼ਨ ਸਿੰਘ, ਮਾਲੇਰਕੋਟਲਾ ਦੇ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਅਤੇ ਸੁਦਾਗਰ ਸਿੰਘ ਘੁਡਾਣੀ ਨੇ ਵੀ ਸੰਬੋਧਨ ਕੀਤਾ। ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਵੀ ਸੰਘਰਸ਼ ਦੀ ਹਮਾਇਤ ਕੀਤੀ।
ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਡੀਐੱਸਪੀ ਰਾਜੇਸ਼ ਸ਼ਰਮਾ ਨੇ ਦਾਅਵਾ ਕੀਤਾ ਕਿ ਅੱਜ ਦੇ ਧਰਨੇ ਦੌਰਾਨ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ। ਐੱਸਡੀਐੱਮ (ਪੱਛਮੀ) ਜਗਦੀਪ ਸਹਿਗਲ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ 18 ਪਿੰਡਾਂ ਦੀ ਜ਼ਮੀਨ ਪ੍ਰਾਜੈਕਟ ਲਈ ਐਕੁਆਇਰ ਕੀਤੀ ਗਈ ਹੈ, ਜਿਸ ਸਬੰਧੀ ਕੁੱਲ 700 ਕਰੋੜ ਰੁਪਏ ਦੇ ਐਵਾਰਡ ਵਿੱਚੋਂ 410 ਕਰੋੜ ਰੁਪਏ ਦੀਆਂ ਅਦਾਇਗੀਆਂ ਸਬੰਧਤ ਕਿਸਾਨਾਂ ਨੇ ਆਪਣੀ ਮਰਜ਼ੀ ਨਾਲ ਲੈ ਲਈਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ 30 ਕਿਲੋਮੀਟਰ ਲੰਮੀ ਸੜਕ ਵਿੱਚੋਂ 13.5 ਕਿਲੋਮੀਟਰ ਖੇਤਰ ਦੇ ਕਿਸਾਨਾਂ ਨੇ ਸਹਿਮਤੀ ਨਾਲ ਕਬਜ਼ਾ ਵੀ ਦੇ ਦਿੱਤਾ ਹੈ। ਗ੍ਰਹਿਣ ਕੀਤੀ ਗਈ ਜ਼ਮੀਨ ਦੇ ਮੁਆਵਜ਼ੇ ਬਾਰੇ ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਇਸ ਸਬੰਧੀ ਕੋਈ ਵੀ ਵਾਧਾ ਆਰਬਿਟਰੇਟਰ ਦੀ ਅਦਾਲਤ ਰਾਹੀਂ ਹੀ ਮੰਗਿਆ ਜਾ ਸਕਦਾ ਹੈ।
ਕਿਸਾਨਾਂ ਵੱਲੋਂ ਬਠਿੰਡਾ-ਡੱਬਵਾਲੀ ਮਾਰਗ ਦੇ ਨਿਰਮਾਣ ਦਾ ਵਿਰੋਧ
ਬਠਿੰਡਾ/ਸੰਗਤ ਮੰਡੀ (ਸ਼ਗਨ ਕਟਾਰੀਆ/ਮਨੋਜ ਸ਼ਰਮਾ/ਧਰਮਪਾਲ ਸਿੰਘ ਤੂਰ): ਕੇਂਦਰ ਦੇ ਭਾਰਤ ਮਾਲਾ ਪ੍ਰਾਜੈਕਟ ਤਹਿਤ ਨਿਰਮਾਣ ਅਧੀਨ ਬਠਿੰਡਾ-ਡੱਬਵਾਲੀ ਛੇ ਮਾਰਗੀ ਸੜਕ ਕਾਰਨ ਸਰਕਾਰ ਅਤੇ ਕਿਸਾਨ ਆਹਮੋ-ਸਾਹਮਣੇ ਹੋ ਗਏ ਹਨ। ਅੱਜ ਗੁਆਂਢੀ ਜ਼ਿਲ੍ਹਿਆਂ ਦੇ ਕਿਸਾਨਾਂ ਦੀ ਮਦਦ ਨਾਲ ਬੀਕੇਯੁੂ ਏਕਤਾ (ਉਗਰਾਹਾਂ) ਦੇ ਸੂਬਾ ਸਕੱਤਰ ਅਤੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਦੀ ਅਗਵਾਈ ਹੇਠ ਸੈਂਕੜੇ ਔਰਤਾਂ ਤੇ ਮਰਦ ਪਿੰਡ ਗੁਰੂਸਰ ਸੈਣੇਵਾਲਾ ਵਿੱਚ ਇਕੱਠੇ ਹੋਏ ਅਤੇ ਇੱਥੇ ਬਠਿੰਡਾ-ਡੱਬਵਾਲੀ ਰੋਡ ’ਤੇ ਧਰਨਾ ਲਗਾ ਕੇ ਉਨ੍ਹਾਂ ਆਵਾਜਾਈ ਠੱਪ ਕੀਤੀ। ਬਾਅਦ ’ਚ ਇਕੱਠ ਨੇ ਬਠਿੰਡਾ ਵੱਲ ਰੁਖ਼ ਕੀਤਾ ਅਤੇ ਮਿਨੀ ਸਕੱਤਰੇਤ ਕੋਲ ਪਹੁੰਚ ਕੇ ਦੋ-ਟੁਕ ਐਲਾਨ ਕੀਤਾ, ‘‘ਕੁਰਬਾਨੀਆਂ ਦੇਵਾਂਗੇ ਪਰ ਧੱਕੇ ਨਾਲ ਜ਼ਮੀਨਾਂ ’ਤੇ ਕਬਜ਼ਾ ਨਹੀਂ ਹੋਣ ਦੇਵਾਂਗੇ।’’ ਇਸ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਆਗੂ ਗੁਰਭਗਤ ਸਿੰਘ ਭਲਾਈਆਣਾ ਅਤੇ ਕਰਮਜੀਤ ਕੌਰ ਲਹਿਰਾਖਾਨਾ ਨੇ ਵੀ ਸੰਬੋਧਨ ਕੀਤਾ। ਬਠਿੰਡਾ ਜ਼ਿਲ੍ਹੇ ਦੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ, ਮਾਨਸਾ ਜ਼ਿਲੇ ਦੇ ਜਨਰਲ ਸਕੱਤਰ ਇੰਦਰਜੀਤ ਸਿੰਘ ਝੱਬਰ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਆਗੂ ਹਰਬੰਸ ਸਿੰਘ ਕੋਟਲੀ ਨੇ ਕਿਸਾਨਾਂ ਨੂੰ ਸਰਕਾਰਾਂ ਦੇ ਹਰ ਹਮਲੇ ਦਾ ਵਿਰੋਧ ਕਰਨ ਲਈ ਤਿਆਰ-ਬਰ-ਤਿਆਰ ਰਹਿਣ ਦੀ ਅਪੀਲ ਕੀਤੀ। ਆਗੂਆਂ ਨੇ ਦੱਸਿਆ ਕਿ ਬੀਤੇ ਦਿਨ ਪੁਲੀਸ ਹੱਥੋ-ਪਾਈ ਦੌਰਾਨ ਜ਼ਖ਼ਮੀ ਹੋਏ ਕਿਸਾਨ ਦਾ ਇਲਾਜ ਸਰਕਾਰੀ ਖ਼ਰਚੇ ’ਤੇ ਕਰਵਾਉਣ ਦੀ ਮੰਗ ਕੀਤੀ।