ਗੁਰਦੀਪ ਸਿੰਘ ਲਾਲੀ
ਸੰਗਰੂਰ, 20 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕੀਤੇ ਐਲਾਨ ਮੁਤਾਬਕ ਅੱਜ ਪੱਕੇ ਮੋਰਚੇ ਦੇ 12ਵੇਂ ਦਿਨ ਪੰਜਾਬ ਦੇ ਹਜ਼ਾਰਾਂ ਕਿਸਾਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ਦਾ ਘਿਰਾਓ ਕੀਤਾ ਅਤੇ ਕਲੋਨੀ ਦੇ ਸਾਹਮਣੇ ਵਾਲੇ ਪਾਸੇ ਦੀ ਸੜਕ ਉਪਰ ਮੁਕੰਮਲ ਤੌਰ ’ਤੇ ਆਵਾਜਾਈ ਠੱਪ ਕਰ ਦਿੱਤੀ ਹੈ। ਘਿਰਾਓ ਦੌਰਾਨ ਪੰਜਾਬ ਭਰ ਤੋਂ ਪੁੱਜੇ ਕਿਸਾਨਾਂ ਦਾ ਹੜ੍ਹ ਆਇਆ ਹੋਇਆ ਸੀ। ਕਲੋਨੀ ਦੇ ਮੁੱਖ ਗੇਟ ਵਾਲੇ ਪਾਸੇ ਪੁਲੀਸ, ਵਿਚਕਾਰ ਲੋਹੇ ਦੇ ਵੱਡੇ-ਵੱਡੇ ਬੈਰੀਕੇਡ ਅਤੇ ਸਾਹਮਣੇ ਸੜਕ ਉਪਰ ਹਜ਼ਾਰਾਂ ਕਿਸਾਨ ਡਟੇ ਹੋਏ ਹਨ। ਯੂਨੀਅਨ ਦੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਹੋਈ ਮੀਟਿੰਗ ਵੀ ਬੇਸਿੱਟਾ ਰਹੀ। ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸਪੱਸ਼ਟ ਕੀਤਾ ਕਿ ਘਿਰਾਓ ਦੌਰਾਨ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਡਰੀਮਲੈਂਡ ਕਲੋਨੀ ਦੇ ਵਸਨੀਕਾਂ ਦੀ ਆਵਾਜਾਈ ਵਿੱਚ ਕੋਈ ਵਿਘਨ ਨਹੀਂ ਪੈਣ ਦਿੱਤਾ ਜਾਵੇਗਾ। ਭਾਕਿਯੂ ਏਕਤਾ ਉਗਰਾਹਾਂ ਦੇ ਝੰਡੇ ਹੇਠ ਹਜ਼ਾਰਾਂ ਕਿਸਾਨ ਮੁੱਖ ਮੰਤਰੀ ਨਾਲ ਯੂਨੀਅਨ ਦੀ ਹੋਈ ਮੀਟਿੰਗ ਦੌਰਾਨ ਮੰਨੀਆਂ ਮੰਗਾਂ ਲਾਗੂ ਕਰਾਉਣ ਲਈ ਬੀਤੀ 9 ਅਕਤੂਬਰ ਤੋਂ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਦੇ ਸਾਹਮਣੇ ਵਾਲੀ ਸੜਕ ਉਪਰ ਅਣਮਿਥੇ ਸਮੇਂ ਲਈ ਦਿਨ-ਰਾਤ ਦੇ ਪੱਕੇ ਮੋਰਚੇ ’ਤੇ ਡਟੇ ਹੋਏ ਹਨ। ਸਰਕਾਰ ਵੱਲੋਂ ਕੋਈ ਸਾਰਥਕ ਹੁੰਗਾਰਾ ਨਾ ਕਰਨ ’ਤੇ ਅੱਜ ਹਜ਼ਾਰਾਂ ਕਿਸਾਨਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ਦਾ ਘਿਰਾਓ ਕਰ ਲਿਆ। ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੋਸ਼ ਲਾਇਆ ਕਿ ਪੰਜ ਦਿਨ ਪਹਿਲਾਂ ਭੇਜੇ ਯਾਦ ਪੱਤਰ ਦੇ ਬਾਵਜੂਦ ਸਰਕਾਰ ਨੇ ਟਾਲਮਟੋਲ ਵਾਲਾ ਵਤੀਰਾ ਅਪਣਾਇਆ ਹੋਇਆ ਹੈ। ਇਥੋਂ ਤੱਕ ਕਿ ਚਾਰ ਦਿਨ ਪਹਿਲਾਂ ਮੋਰਚੇ ਦੇ ਸਥਾਨ ’ਤੇ ਰਾਤ ਨੂੰ ਸੱਪ ਲੜਨ ਕਾਰਨ ਸ਼ਹੀਦ ਹੋਏ ਕਿਸਾਨ ਗੁਰਚਰਨ ਸਿੰਘ ਦੇ ਵਾਰਸਾਂ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਅਤੇ ਇੱਕ ਜੀਅ ਨੂੰ ਪੱਕੀ ਨੌਕਰੀ ਤੋਂ ਇਲਾਵਾ ਪਰਿਵਾਰ ਸਿਰ ਚੜ੍ਹੇ ਸਾਰੇ ਕਰਜ਼ੇ ਦੇ ਖਾਤਮੇ ਬਾਰੇ ਵੀ ਸਰਕਾਰ ਨੇ ਚੁੱਪ ਵੱਟੀ ਹੋਈ ਹੈ। ਸ੍ਰੀ ਉਗਰਾਹਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਦਾ ਇਹੀ ਵਤੀਰਾ ਰਿਹਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੜਕ ਦਾ ਦੂਜਾ ਪਾਸਾ ਵੀ ਜਾਮ ਕਰ ਦਿੱਤਾ ਜਾਵੇਗਾ। ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਸਾਨਾਂ ਨੂੰ ਚੌਕਸ ਕਰਦਿਆਂ ਕਿਹਾ ਕਿ ਪੰਜਾਬ ਦੇ ਕੁਝ ਖਾਨਦਾਨੀ ਫਿਰਕਾਪ੍ਰਸਤ ਆਗੂ ਅਤੇ ਭਟਕੇ ਹੋਏ ਕੁਝ ਨੌਜਵਾਨ ਲੋਕਾਂ ’ਚ ਵੰਡੀਆਂ ਪਾਉਣ ਲਈ ਯਤਨਸ਼ੀਲ ਹਨ, ਜਿਨ੍ਹਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਸਾਨਾਂ-ਮਜ਼ਦੂਰਾਂ ਨੂੰ ਜਥੇਬੰਦੀ ਦੀ ਧਰਮ ਨਿਰਪੱਖਤਾ ਅਤੇ ਵੋਟ ਸਿਆਸਤ ਤੋਂ ਨਿਰਲੇਪਤਾ ਦੀ ਨੀਤੀ ਉਪਰ ਪਹਿਰਾ ਦੇਣ ਅਤੇ ਮੰਨੀਆਂ ਮੰਗਾਂ ਲਾਗੂ ਕਰਾਉਣ ਤੱਕ ਕਿਸਾਨ ਮੋਰਚੇ ਵਿੱਚ ਡਟਣ ਦਾ ਸੱਦਾ ਦਿੱਤਾ। ਇਸ ਮੌਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ ਨੇ ਕਿਸਾਨ-ਮਜ਼ਦੂਰਾਂ ਦੀ ਸੰਘਰਸ਼ ਏਕਤਾ ਉਪਰ ਜ਼ੋਰ ਦਿੰਦਿਆਂ ਡਟਵੀਂ ਹਮਾਇਤ ਦਾ ਐਲਾਨ ਕੀਤਾ। ਇਸ ਮੌਕੇ ਸੂਬਾ ਮਹਿਲਾ ਆਗੂ ਹਰਿੰਦਰ ਕੌਰ ਬਿੰਦੂ, ਰੂਪ ਸਿੰਘ ਛੰਨਾਂ, ਜਨਕ ਸਿੰਘ ਭੂਟਾਲ, ਜਗਤਾਰ ਸਿੰਘ ਕਾਲਾਝਾੜ ਆਦਿ ਨੇ ਵੀ ਸੰਬੋਧਨ ਕੀਤਾ ਜਦੋਂ ਕਿ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਸੂਬਾ ਆਗੂ ਸ਼ਿੰਗਾਰਾ ਸਿੰਘ ਮਾਨ ਵੱਲੋਂ ਨਿਭਾਈ ਗਈ।