ਰਵਿੰਦਰ ਰਵੀ
ਬਰਨਾਲਾ, 7 ਨਵੰਬਰ
ਭਾਜਪਾ ਆਗੂਆਂ ਦੀ ਮੀਟਿੰਗ ’ਚ ਵਿਸ਼ੇਸ਼ ਤੌਰ ’ਤੇ ਪਹੁੰਚੇ ਸਾਬਕਾ ਮੰਤਰੀ ਅਤੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਨੂੰ ਅੱਜ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪਿਆ। ਉਹ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਵੱਲੋਂ ਆਪਣੇ ਘਰ ਸੱਦੀ ਬੈਠਕ ’ਚ ਸ਼ਿਰਕਤ ਕਰਨ ਆਏ ਸਨ। ਇਸ ਮੌਕੇ ਸੂਬਾ ਕਮੇਟੀ ਮੈਂਬਰ ਸੁਖਵੰਤ ਸਿੰਘ ਧਨੌਲਾ, ਗੁਰਮੀਤ ਹੰਡਿਆਇਆ ਅਤੇ ਹੋਰ ਆਗੂ ਵੀ ਹਾਜ਼ਰ ਸਨ। ਕਿਸਾਨ ਯੂਨੀਅਨਾਂ ਨਾਲ ਜੁੜੀਆਂ ਔਰਤਾਂ, ਬੱਚਿਆਂ ਅਤੇ ਕਾਰਕੁਨਾਂ ਨੇ ਉਨ੍ਹਾਂ ਦਾ ਘਿਰਾਓ ਕਰਕੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਪਾਰਟੀ ਆਗੂਆਂ ਦਾ ਪਿੱਟ ਸਿਆਪਾ ਕੀਤਾ। ਇਸ ਦੌਰਾਨ ਕਿਸਾਨਾਂ ਨੇ ਮੀਟਿੰਗ ’ਚ ਸ਼ਾਮਲ ਸਾਰੇ ਭਾਜਪਾ ਆਗੂਆਂ ਨੂੰ ਘਰ ’ਚ ਹੀ ਬੰਦ ਕਰ ਦਿੱਤਾ। ਐੱਸਪੀ (ਡੀ) ਸੁਖਦੇਵ ਸਿੰਘ ਵਿਰਕ ਅਤੇ ਐੱਸਪੀ (ਐੱਚ) ਹਰਵੰਤ ਕੌਰ ਦੀ ਅਗਵਾਈ ਹੇਠ ਤਿੰਨ ਡੀਐੱਸਪੀ, ਕਈ ਥਾਣਿਆਂ ਦੇ ਮੁਖੀਆਂ ਤੋਂ ਇਲਾਵਾ ਪੁਲੀਸ ਦੀ ਭਾਰੀ ਨਫ਼ਰੀ ਘਰ ਦੇ ਬਾਹਰ ਮੌਜੂਦ ਸੀ। ਇਸ ਤੋਂ ਪਹਿਲਾਂ ਪੁਲੀਸ ਨੇ ਜ਼ਿਲ੍ਹਾ ਪ੍ਰਧਾਨ ਦੇ ਘਰ ਆਉਣ-ਜਾਣ ਵਾਲੇ ਸਾਰੇ ਰਸਤੇ ਸੀਲ ਕਰਕੇ ਘਰ ਦੀ ਸੁਰੱਖਿਆ ਲਈ ਵੱਡੀ ਗਿਣਤੀ ’ਚ ਪੁਲੀਸ ਮੁਲਾਜ਼ਮ ਤਾਇਨਾਤ ਕਰ ਦਿੱਤੇ ਸਨ। ਮਨੋਰੰਜਨ ਕਾਲੀਆ ਵੱਲੋਂ ਕਿਸਾਨ ਯੂਨੀਅਨ ਨੂੰ ਮੰਗਾਂ ਦੇ ਜਲਦ ਹੱਲ ਹੋਣ ਦਾ ਭਰੋਸਾ ਦੇਣ ਤੋਂ ਬਾਅਦ ਕਿਸਾਨਾਂ ਨੇ ਉਨ੍ਹਾਂ ਦਾ ਘਿਰਾਓ ਖ਼ਤਮ ਕਰ ਦਿੱਤਾ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਹ ਪਾਰਟੀ ਦੇ ਆਗੂਆਂ ਨਾਲ ਗੱਲ ਕਰਨਗੇ। ਉਨ੍ਹਾਂ ਦੱਸਿਆ ਕਿ ਉਹ ਨਗਰ ਕੌਂਸਲ ਦੀਆਂ ਚੋਣਾਂ ਸਬੰਧੀ ਭਾਜਪਾ ਵਰਕਰਾਂ ਨਾਲ ਮੀਟਿੰਗ ਕਰਨ ਲਈ ਆਏ ਸਨ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾ, ਰੂਪ ਸਿੰਘ ਛੰਨਾ, ਦਰਸ਼ਨ ਸਿੰਘ ਨੈਣੇਵਾਲ ਅਤੇ ਹੋਰ ਕਿਸਾਨ ਆਗੂਆਂ ਨੇ ਕੀਤੀ।