ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 11 ਨਵੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਦੇ ਕਾਰਕੁਨਾਂ ਨੇ ਅੱਜ ਇੱਥੇ ਰੇਲਵੇ ਸਟੇਸ਼ਨ ’ਤੇ ਮਾਲਗੱਡੀ ਰਾਹੀਂ ਆਏ ਡੀਏਪੀ ਖਾਦ ਦੇ ਰੈਕ ਦਾ ਘਿਰਾਓ ਕੀਤਾ। ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਇਕੱਠੇ ਹੋਏ ਕਿਸਾਨਾਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸੂਬੇ ਵਿੱਚ ਡੀਏਪੀ ਦੀ ਆ ਰਹੀ ਕਿੱਲਤ ਨੂੰ ਦੂਰ ਕਰਨ ਦੀ ਅਪੀਲ ਕੀਤੀ।
ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਰੇਲ ਗੱਡੀਆਂ ਰਾਹੀਂ ਆ ਰਹੀ ਡੀਏਪੀ ਖਾਦ ਦਾ ਸੁਨਾਮ ਬਲਾਕ ਵਿੱਚ ਬਣਦਾ ਹਿੱਸਾ ਕੋਆਪਰੇਟਿਵ ਸੁਸਾਇਟੀਆਂ ਵਿੱਚ ਭੇਜਿਆ ਜਾਵੇ ਅਤੇ ਉਸ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਵਾਧੂ ਸਾਮਾਨ ਨਾ ਲਾਇਆ ਜਾਵੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਕੋਲ ਕਾਪੀਆਂ ਨਹੀਂ ਹਨ, ਉਨ੍ਹਾਂ ਨੂੰ ਸਹੀ ਭਾਅ ’ਤੇ ਡੀਏਪੀ ਦਿੱਤੀ ਜਾਵੇ ਅਤੇ ਇਸ ਵਾਰ ਜੋ ਡੀਏਪੀ ਦੀ ਕਥਿਤ ਕਾਲਾਬਾਜ਼ਾਰੀ ਹੋ ਰਹੀ ਹੈ, ਉਸ ਨੂੰ ਤੁਰੰਤ ਬੰਦ ਕੀਤਾ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਡੀਏਪੀ ਦੀ ਘਾਟ ਕਾਰਨ ਕਣਕ ਦੀ ਬਿਜਾਈ ਲੇਟ ਹੋ ਰਹੀ ਹੈ। ਇਸ ਨਾਲ ਕਣਕ ਦਾ ਝਾੜ ਘਟੇਗਾ ਅਤੇ ਕਿਸਾਨਾਂ ਦਾ ਮਾਲੀ ਨੁਕਸਾਨ ਹੋਣ ਦੀ ਸੰਭਾਵਨਾ ਹੈ। ਕਿਸਾਨ ਪਹਿਲਾਂ ਹੀ ਮੰਡੀਆਂ ਵਿੱਚ ਖੱਜਲ-ਖੁਆਰ ਹੋ ਰਿਹਾ ਹੈ ਅਤੇ ਝੋਨੇ ਦੇ ਝਾੜ ਨੇ ਵੀ ਕਿਸਾਨਾਂ ਨੂੰ ਵੱਡਾ ਘਾਟਾ ਪਾਇਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸੁਨਾਮ ਵਿੱਚ ਸਰਕਾਰ ਜਾਂ ਪ੍ਰਸ਼ਾਸਨ ਵੱਲੋਂ ਕਿਸੇ ਵੀ ਕਿਸਮ ਦੀ ਡੀਏਪੀ ਖਾਦ ਦੀ ਕਾਲਾਬਜ਼ਾਰੀ ਕੀਤੀ ਗਈ ਤਾਂ ਇਸ ਖ਼ਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਬਲਾਕ ਆਗੂ ਪਾਲ ਸਿੰਘ ਦੋਲੇਵਾਲਾ, ਸੁਖਪਾਲ ਸਿੰਘ ਮਾਣਕ ਕਣਕਵਾਲ, ਮਨੀ ਸਿੰਘ ਭੈਣੀ, ਗਗਨਦੀਪ ਸਿੰਘ ਚੱਠਾ, ਯਾਦਵਿੰਦਰ ਸਿੰਘ ਚੱਠੇ ਨਕਟੇ ਤੇ ਜਗਤਾਰ ਸਿੰਘ ਬਖ਼ਸ਼ੀਵਾਲਾ ਹਾਜ਼ਰ ਸਨ।