ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 28 ਜੁਲਾਈ
ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਕਿਸਾਨ ਸੰਘਰਸ਼ ਕਮੇਟੀ ਪੰਜਾਬ, ਆਲ ਇੰਡੀਆ ਕਿਸਾਨ ਫੈਡਰੇਸ਼ਨ, ਭਾਰਤੀ ਕਿਸਾਨ ਯੂਨੀਅਨ (ਮਾਨਸਾ) ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਵੱਲੋਂ ਪਾਣੀ ਦਾ ਸੰਕਟ, ਦੂਸ਼ਿਤ ਵਾਤਾਵਰਨ ਅਤੇ ਪੰਜਾਬ ਦੇ ਸੰਘੀ ਢਾਂਚੇ ’ਤੇ ਹੋ ਰਹੇ ਹਮਲਿਆਂ ਖ਼ਿਲਾਫ਼ ਪੰਜ ਅਗਸਤ ਨੂੰ ਮੁਹਾਲੀ ਵਿੱਚ ਕਿਸਾਨ ਰੈਲੀ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂਆਂ ਬਲਬੀਰ ਸਿੰਘ ਰਾਜੇਵਾਲ, ਕੰਵਲਪ੍ਰੀਤ ਸਿੰਘ ਪੰਨੂ, ਪ੍ਰੇਮ ਸਿੰਘ ਭੰਗੂ, ਬੋਘ ਸਿੰਘ ਮਾਨਸਾ ਅਤੇ ਹਰਜਿੰਦਰ ਸਿੰਘ ਟਾਂਡਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬਾ ਆਉਣ ਵਾਲੇ ਸਮੇਂ ਵਿੱਚ ਪਾਣੀ ਦੇ ਗੰਭੀਰ ਸੰਕਟ ਦਾ ਸਾਹਮਣਾ ਕਰਨ ਜਾ ਰਿਹਾ ਹੈ। ਧਰਤੀ ਹੇਠਲਾ ਪਾਣੀ ਦਿਨੋਂ-ਦਿਨ ਖਤਮ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਪਾਣੀਆਂ ਦੇ ਮੁੱਦੇ ’ਤੇ ਕਾਨੂੰਨ ਬਣਾਉਣ ਜਾਂ ਕੋਈ ਕਾਰਜਕਾਰੀ ਹੁਕਮ ਪਾਸ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਸਬੰਧਤ ਲੋਕ ਪਾਣੀਆਂ ਦੇ ਇਸ ਮਸਲੇ ਨੂੰ ਆਪਸ ਵਿੱਚ ਬੈਠ ਕੇ ਹੱਲ ਕਰ ਲੈਣਗੇ।
ਇਸ ਤੋਂ ਇਲਾਵਾ ਸਨਅਤਾਂ ਦੀ ਰਹਿੰਦ ਖੂੰਹਦ ਅਤੇ ਰਸਾਇਣ ਧਰਤੀ ਹੇਠਲੇ ਪਾਣੀ ਨੂੰ ਦੂਸ਼ਿਤ ਕਰ ਰਹੇ ਹਨ। ਗੈਸਾਂ ਦਾ ਨਿਕਾਸ ਵਾਤਾਵਰਨ ਨੂੰ ਦੂਸ਼ਿਤ ਕਰ ਰਿਹਾ ਹੈ। ਇਸ ਨੂੰ ਹਰ ਕੀਮਤ ’ਤੇ ਬਚਾਇਆ ਜਾਣਾ ਚਾਹੀਦਾ ਹੈ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਨੂੰ ਆਪਣੇ ਕਬਜ਼ੇ ਵਿੱਚ ਲੈਣ ਦੇ ਕਦਮ ਅਤੇ ਡੈਮ ਸੇਫਟੀ ਐਕਟ ਵਿੱਚ ਕੀਤੀ ਗਈ ਸੋਧ ਸੂਬੇ ਦੇ ਸੰਘੀ ਢਾਂਚੇ ਨੂੰ ਗੰਭੀਰ ਖਤਰਾ ਖੜ੍ਹਾ ਕਰ ਰਹੇ ਹਨ, ਜਿਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ। ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਵੱਲੋਂ ਹਾਲ ਹੀ ਵਿੱਚ ਕਾਇਮ ਕੀਤੀ ਗਈ ਘੱਟੋ-ਘੱਟ ਸਮੱਰਥਨ ਮੁੱਲ ਬਾਰੇ ਕਮੇਟੀ ਨੂੰ ਮੁੱਢੋਂ ਰੱਦ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਮੇਟੀ ਵਿੱਚ ਸ਼ਾਮਲ ਸਾਰੇ ਮੈਂਬਰ ਅਤੇ ਮਾਹਿਰ ਸਿੱਧੇ ਜਾਂ ਅਸਿੱਧੇ ਤੌਰ ’ਤੇ ਆਰਐੱਸਐੱਸ ਅਤੇ ਭਾਜਪਾ ਨਾਲ ਸਬੰਧਤ ਹਨ।
ਮਸਲਿਆਂ ਦੇ ਹੱਲ ਲਈ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਦਿੱਤਾ ਜਾਵੇਗਾ ਮਹੀਨੇ ਦਾ ਅਲਟੀਮੇਟਮ
ਕਿਸਾਨ ਆਗੂਆਂ ਨੇ ਦੱਸਿਆ ਕਿ ਰੈਲੀ ਦੀਆਂ ਤਿਆਰੀਆਂ ਲਈ ਸੂਬੇ ਭਰ ਵਿੱਚ ਜਨ ਸਭਾਵਾਂ ਦਾ ਪ੍ਰਚਾਰ ਜ਼ੋਰਾਂ ’ਤੇ ਹੈ। ਉਨ੍ਹਾਂ ਕਿਹਾ ਕਿ ਪੰਜ ਅਗਸਤ ਨੂੰ ਪੰਜਾਬ ਦੇ ਭਖਦੇ ਮਸਲਿਆਂ ਦੇ ਹੱਲ ਲਈ ਸੂਬਾ ਅਤੇ ਕੇਂਦਰ ਸਰਕਾਰ ਨੂੰ ਇੱਕ ਮਹੀਨੇ ਦਾ ਨੋਟਿਸ ਦਿੱਤਾ ਜਾਵੇਗਾ। ਜੇ ਸਰਕਾਰਾਂ ਮਸਲੇ ਹੱਲ ਕਰਨ ਵਿੱਚ ਅਸਫ਼ਲ ਰਹੀਆਂ ਤਾਂ ਕਿਸਾਨ ਇੱਕ ਮਹੀਨਾ ਉਡੀਕ ਕਰਨ ਤੋਂ ਬਾਅਦ ਪੱਕਾ ਮੋਰਚਾ ਲਾਉਣਗੇ।
ਰਾਜੇਵਾਲ ਵੱਲੋਂ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ
ਮੁਹਾਲੀ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਅੱਜ ਇੱਥੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਦੇ ਸਾਹਮਣੇ ਪੁੱਡਾ ਗਰਾਉਂਡ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਕੀਤੀ ਜਾਣ ਵਾਲੀ ‘ਪੰਜਾਬ ਬਚਾਓ-ਪਾਣੀ ਬਚਾਓ’ ਰੈਲੀ ਵਾਲੀ ਥਾਂ ਦਾ ਦੌਰਾ ਕਰ ਕੇ ਅਗਾਊਂ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਰਾਜੇਵਾਲ ਨੇ ਕਿਹਾ ਕਿ ਪਾਣੀਆਂ ਦੇ ਮੁੱਦੇ ’ਤੇ ਪੰਜਾਬ ਨਾਲ ਸ਼ੁਰੂ ਤੋਂ ਹੀ ਧੱਕਾ ਹੁੰਦਾ ਆਇਆ ਹੈ ਪਰ ਹੁਣ ਹੁਕਮਰਾਨਾਂ ਦੀ ਕੋਈ ਧੱਕੇਸ਼ਾਹੀ ਨਹੀਂ ਚੱਲਣ ਦਿੱਤੀ ਜਾਵੇਗੀ।