ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 4 ਅਕਤੂਬਰ
ਯੂਪੀ ਦੇ ਲਖੀਮਪੁਰ ਖੀਰੀ ਵਿੱਚ ਵਾਪਰੀ ਹਿੰਸਕ ਘਟਨਾ ਖ਼ਿਲਾਫ਼ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਇੱਥੇ ਭਾਜਪਾ ਆਗੂ ਤਰੁਣ ਚੁੱਘ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਅਤੇ ਮੋਦੀ ਤੇ ਯੋਗੀ ਸਰਕਾਰ ਦੇ ਪੁਤਲੇ ਫੂਕੇ। ਕਿਸਾਨ ਜਥੇਬੰਦੀ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਵਿੱਚ 20 ਥਾਵਾਂ ’ਤੇ ਰੋਸ ਵਿਖਾਵੇ ਕਰਨ ਦਾ ਦਾਅਵਾ ਕੀਤਾ ਹੈ। ਪ੍ਰਦਰਸ਼ਨ ਦੌਰਾਨ ਕਿਸਾਨਾਂ ਨੇ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਖ਼ਿਲਾਫ਼ ਧਾਰਾ 302 ਹੇਠ ਕੇਸ ਦਰਜ ਕਰਨ ਅਤੇ ਉਸ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਵੱਡੀ ਗਿਣਤੀ ਵਿੱਚ ਕਿਸਾਨ ਅੱਜ ਪਹਿਲਾਂ ਰੇਲਵੇ ਸਟੇਸ਼ਨ ਨੇੜੇ ਇਕੱਠੇ ਹੋਏ ਅਤੇ ਮਗਰੋਂ ਭਾਜਪਾ ਆਗੂ ਦੇ ਘਰ ਵੱਲ ਚਾਲੇ ਪਾ ਦਿੱਤੇ। ਇਸ ਦੌਰਾਨ ਪੁਲੀਸ ਨੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਕਿਸਾਨ ਬੈਰੀਕੇਡ ਪਾਰ ਕਰਦੇ ਹੋਏ ਤਰੁਨ ਚੁੱਘ ਦੇ ਘਰ ਨੇੜੇ ਪੁੱਜ ਗਏ ਅਤੇ ਉਥੇ ਹੀ ਉਨ੍ਹਾਂ ਧਰਨਾ ਲਾ ਲਿਆ। ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਗੁਰਬਚਨ ਸਿੰਘ ਚੱਬਾ ਗੁਰਲਾਲ ਸਿੰਘ ਤੇ ਹੋਰਨਾਂ ਨੇ ਕੇਂਦਰ ਅਤੇ ਯੂਪੀ ਸਰਕਾਰ ’ਤੇ ਸਾਜ਼ਿਸ਼ ਤਹਿਤ ਕਿਸਾਨਾਂ ’ਤੇ ਹਮਲਾ ਕਰਨ ਦੇ ਦੋਸ਼ ਲਾਏ। ਜਥੇਬੰਦੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਦੱਸਿਆ ਕਿ ਇਸ ਘਟਨਾ ਵਿਰੁੱਧ ਅੱਜ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਰੋਸ ਮੁਜ਼ਾਹਰੇ ਕੀਤੇ ਗਏ ਹਨ।
ਡੀਟੀਐੱਫ ਨੇ ਸਕੂਲਾਂ ਅੱਗੇ ਭਾਜਪਾ ਆਗੂਆਂ ਦੇ ਪੁਤਲੇ ਸਾੜੇ
ਚੰਡੀਗੜ੍ਹ (ਪੱਤਰ ਪ੍ਰੇਰਕ): ਲਖਮੀਰਪੁਰ ਖੇੜੀ ਵਿੱਚ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਕੀਤੇ ਗਏ ਕਤਲਾਂ ਖ਼ਿਲਾਫ਼ ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਸੂਬਾ ਪੱਧਰੀ ਵਿਰੋਧ ਪ੍ਰਦਰਸ਼ਨ ਦੇ ਦਿੱਤੇ ਸੱਦੇ ਤਹਿਤ ਪੰਜਾਬ ਭਰ ਦੇ ਵੱਡੀ ਗਿਣਤੀ ਸਕੂਲਾਂ ਅੱਗੇ ਅਧਿਆਪਕਾਂ ਅਤੇ ਇਲਾਕੇ ਦੇ ਲੋਕਾਂ ਨੇ ਇਕੱਤਰ ਹੋ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਦਿਤਿਆ ਨਾਥ ਯੋਗੀ ਤੇ ਕਿਸਾਨੀ ਅੰਦੋਲਨ ਖਿਲਾਫ਼ ਗਲਤ ਅਤੇ ਹਿੰਸਕ ਬਿਆਨਬਾਜ਼ੀ ਕਰਨ ਦੇ ਵਿਰੋਧ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਪੁਤਲਾ ਫੂਕ ਪ੍ਰਦਰਸ਼ਨ ਕੀਤੇ। ਇਸ ਮੌਕੇ ਡੀਟੀਐੱਫ ਦੇ ਕਾਰਕੁਨਾਂ ਨੇ ਕਿਸਾਨ ਲਹਿਰ ਨਾਲ ਇਕਜੁੱਟਤਾ ਵੀ ਪ੍ਰਗਟ ਕੀਤੀ। ਡੀਟੀਐੱਫ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਤੇ ਜਨਰਲ ਸਕੱਤਰ ਮੁਕੇਸ਼ ਕੁਮਾਰ ਨੇ ਕਿਹਾ ਕਿ ਗੁੰਡਾ ਟੋਲਿਆਂ ਵੱਲੋਂ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੋਨੀ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਵਿੱਚੋਂ ਅੱਠ ਦੇ ਕਰੀਬ ਕਿਸਾਨਾਂ ਨੂੰ ਗੱਡੀਆਂ ਹੇਠਾਂ ਦਰੜਦਿਆਂ ਬੇਦਰਦੀ ਨਾਲ ਮੌਤ ਦੇ ਘਾਟ ਉਤਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਹਮਲੇ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਜਾਵੇ।