ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਜੁਲਾਈ
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸੇਧਦੇ ਹੋਏ ਕਿਹਾ ਕਿ ਮੁੱਖ ਮੰਤਰੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਵੋਟਰਾਂ ਨੂੰ ਮਨਾਉਣ ਲਈ ਪਰਿਵਾਰ ਅਤੇ ਮੰਤਰੀ ਮੰਡਲ ਸਮੇਤ ਜਲੰਧਰ ’ਚ ਡੇਰਾ ਲਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇ ‘ਆਪ’ ਸਰਕਾਰ ਨੇ ਆਪਣੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਚੰਗਾ ਪ੍ਰਦਰਸ਼ਨ ਕੀਤਾ ਹੁੰਦਾ ਤਾਂ ਉਸ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਵੋਟਰਾਂ ਨੂੰ ਮਨਾਉਣ ਲਈ ਇੰਨੀ ਮਿਹਨਤ ਨਾ ਕਰਨੀ ਪੈਂਦੀ। ਇਸ ਤੋਂ ਸਾਬਤ ਹੁੰਦਾ ਹੈ ਕਿ ‘ਆਪ’ ਸਰਕਾਰ ਸੂਬੇ ’ਚ ਕੰਮ ਕਰਨ ਅਤੇ ਆਪਣੀਆਂ ਗਾਰੰਟੀਆਂ ਪੂਰੀਆਂ ਕਰਨ ’ਚ ਬੁਰੀ ਤਰਾਂ ਅਸਫਲ ਰਹੀ ਹੈ। ਸ੍ਰੀ ਬਾਜਵਾ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਨੇ ਸਮਾਜ ਦੇ ਸਾਰੇ ਵਰਗਾਂ ਨੂੰ ਨਿਰਾਸ਼ ਕੀਤਾ ਹੈ। ਇਸ ਲਈ ਲੋਕ ਸਭਾ ਚੋਣਾਂ ਵਿੱਚ ‘ਆਪ’ ਤਿੰਨ ਸੀਟਾਂ ’ਤੇ ਸਿਮਟ ਕੇ ਰਹਿ ਗਈ ਹੈ। ‘ਆਪ’ ਦੇ ਚਾਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਲਾਲਜੀਤ ਸਿੰਘ ਭੁੱਲਰ, ਡਾ. ਬਲਬੀਰ ਸਿੰਘ ਅਤੇ ਕੁਲਦੀਪ ਸਿੰਘ ਧਾਲੀਵਾਲ ਹਾਰ ਗਏ। ਉਨ੍ਹਾਂ ਦਾਅਵਾ ਕੀਤਾ ਕਿ ਹੁਣ ਜਲੰਧਰ ਦੇ ਵੋਟਰ ‘ਆਪ’ ਨੂੰ ਇੱਕ ਹੋਰ ਕਰਾਰੀ ਹਾਰ ਦੇਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਝੂਠੇ ਦਾਅਵੇ ਕਰ ਰਹੀ ਹੈ। ‘ਆਪ’ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ’ਚ ਅਸਫ਼ਲ ਰਹੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਹੜ੍ਹਾਂ ਅਤੇ ਕੁਦਰਤੀ ਆਫ਼ਤਾਂ ਕਾਰਨ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਵਜੋਂ ਇੱਕ ਪੈਸਾ ਵੀ ਨਹੀਂ ਮਿਲਿਆ।