ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਦਸੰਬਰ
ਕੈਨੇਡਾ ਦੇ ਸਾਹਿਤਕਾਰਾਂ, ਕਲਾਕਾਰਾਂ, ਰੰਗਕਰਮੀਆਂ, ਖਿਡਾਰੀਆਂ, ਨਸਲਵਾਦ ਵਿਰੋਧੀ ਕਾਰਕੁਨਾਂ, ਤਰਕਸ਼ੀਲਾਂ ਅਤੇ ਸਮਾਜ ਸੇਵੀਆਂ ਦੀਆਂ ਪੈਂਤੀ ਜਥੇਬੰਦੀਆਂ ਨੇ ਅੱਜ ਪ੍ਰੈੱਸ ਬਿਆਨ ਜਾਰੀ ਕਰਕੇ ਭਾਰਤੀ ਕਿਸਾਨ ਅੰਦੋਲਨ ਦੇ ਸਮਰਥਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਉਨ੍ਹਾਂ ਭਾਰਤ ਸਰਕਾਰ ਵੱਲੋਂ ਕਿਸਾਨਾਂ ’ਤੇ ਜਬਰੀ ਲਾਗੂ ਕੀਤੇ ਜਾ ਰਹੇ ਖੇਤੀ ਕਾਨੂੰਨਾਂ ਦੀ ਨਿਖੇਧੀ ਕਰਦਿਆਂ ਇਨ੍ਹਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਪਾਸ਼ ਯਾਦਗਾਰੀ ਕੌਮਾਂਤਰੀ ਟਰੱਸਟ ਦੇ ਕਨਵੀਨਰ ਡਾ. ਸੁਰਿੰਦਰ ਸਿੰਘ ਧੰਜਲ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੇ ਇਹ ਦਰਸਾ ਦਿੱਤਾ ਹੈ ਕਿ ਉਹ ਗ਼ਦਰ ਲਹਿਰ ਅਤੇ ਹਿੰਦੋਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ ਦੇ ਵਾਰਸ ਹਨ। ਭਾਰਤ ਦੇ ਕੋਨੇ ਕੋਨੇ ’ਚੋਂ ਗੂੰਜਣ ਲੱਗੇ ‘ਕਿਸਾਨ-ਮਜ਼ਦੂਰ ਏਕਤਾ’ ਦੇ ਨਾਅਰਿਆਂ ’ਚੋਂ ਪੂਰੇ ਭਾਰਤ ਦੀ ਜਗਦੀ ਤੇ ਮਘਦੀ ਸ਼ਮੂਲੀਅਤ ਨਜ਼ਰ ਆ ਰਹੀ ਹੈ। ਸੰਯੁਕਤ ਕਿਸਾਨ ਮੋਰਚੇ ਵਿੱਚ ਔਰਤਾਂ ਦੀ ਭਰਵੀਂ ਸ਼ਮੂਲੀਅਤ ‘ਖੇਤਾਂ ਦੇ ਪੁੱਤ’ ਕਿਸਾਨਾਂ ਨੂੰ ‘ਧਰਤੀ ਮਾਂ’ ਵਾਂਗ ਆਸ਼ੀਰਵਾਦ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਹਕੂਮਤ ਇਸ ਅੰਦੋਲਨ ਨੂੰ ਖ਼ਤਮ ਕਰਨ ਲਈ ਕਈ ਤਰ੍ਹਾਂ ਦੀਆਂ ਚਾਲਾਂ ਚੱਲ ਸਕਦੀ ਹੈ, ਜਿਸ ਤੋਂ ਸੁਚੇਤ ਰਹਿਣ ਦੀ ਲੋੜ ਹੈ। ਸਮਰਥਨ ਕਰਨ ਵਾਲੀਆਂ ਜਥੇਬੰਦੀਆਂ ਵਿੱਚ ਪਾਸ਼ ਯਾਦਗਾਰੀ ਕੌਮਾਂਤਰੀ ਟਰੱਸਟ, ਪੰਜਾਬੀ ਸਾਹਿਤਕ ਅਤੇ ਸੱਭਿਆਚਾਰਕ ਵਿਚਾਰ ਮੰਚ, ਵਤਨੋਂ ਦੂਰ ਆਰਟ ਫਾਊਂਡੇਸ਼ਨ, ਸ਼ਬਦ-ਲੋਕ, ਸ਼ਹੀਦ ਊਧਮ ਸਿੰਘ ਹੈਲਪਿੰਗ ਹੈਂਡ ਫਾਊਂਡੇਸ਼ਨ, ਤਰਕਸ਼ੀਲ ਸੱਭਿਆਚਾਰਕ ਸੁਸਾਇਟੀ ਆਫ ਕੈਨੇਡਾ, ਗਲੋਬਲ ਪੰਜਾਬ ਫਾਊਂਡੇਸ਼ਨ, ਪੰਜਾਬ ਸਪੋਰਟਸ ਕਲੱਬ, ਪੰਜਾਬੀ ਕਲਮਾਂ ਦਾ ਕਾਫਲਾ ਅਤੇ ਹੋਰ ਸ਼ਾਮਲ ਹਨ।