ਜਗਮੋਹਨ ਸਿੰਘ
ਰੂਪਨਗਰ, 29 ਜਨਵਰੀ
ਸੀਪੀਆਈ (ਐੱਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਸਿਆਸੀ ਪਾਰਟੀਆਂ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਐਲਾਨ ਕੇ ਚੋਣਾਂ ਲੜਨ ਦੀ ਕਾਰਵਾਈ ਗੈਰ-ਸੰਵਿਧਾਨਿਕ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਮਰੇਡ ਸੇਖੋਂ ਨੇ ਕਿਹਾ ਕਿ ਸਾਡੇ ਦੇਸ਼ ਦਾ ਸੰਵਿਧਾਨ ਪ੍ਰਧਾਨ ਮੰਤਰੀ ਜਾਂ ਮੁੱਖ ਮੰਤਰੀ ਸਿੱਧਾ ਚੁਣੇ ਜਾਣ ਦੀ ਇਜਾਜ਼ਤ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਉਹ ਚੋਣ ਕਮਿਸ਼ਨ ਤੋਂ ਮੰਗ ਕਰਦੇ ਹਨ ਕਿ ਕਿਸੇ ਵਿਅਕਤੀ ਵਿਸ਼ੇਸ਼ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਕੇ ਚੋਣਾਂ ਲੜਨ ਵਾਲੀਆਂ ਸਿਆਸੀ ਪਾਰਟੀਆਂ ਵਿਰੁੱਧ ਕਾਰਵਾਈ ਕਰਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਪੰਜਾਬ ਵਿੱਚ 14 ਸੀਟਾਂ ਤੋਂ ਚੋਣ ਲੜੀ ਜਾ ਰਹੀ ਹੈ। ਸ੍ਰੀ ਆਨੰਦਪੁਰ ਸਾਹਿਬ ਤੋਂ ਕਾਮਰੇਡ ਗੁਰਦੇਵ ਸਿੰਘ ਬਾਗੀ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਵਿਧਾਨ ਸਭਾ ਹਲਕਾ ਰੂਪਨਗਰ ਤੋਂ ਆਜ਼ਾਦ ਉਮੀਦਵਾਰ ਬਚਿੱਤਰ ਸਿੰਘ ਜਟਾਣਾ ਨੂੰ ਹਮਾਇਤ ਦਿੱਤੇ ਜਾਣ ਸਬੰਧੀ ਪਾਰਟੀ ਦੀ ਕਮੇਟੀ ਵੱਲੋਂ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ ਤੇ ਇਸ ਬਾਰੇ ਅੰਤਿਮ ਫੈਸਲਾ ਕਮੇਟੀ ਵੱਲੋਂ ਲਿਆ ਜਾਵੇਗਾ। ਇਸ ਮੌਕੇ ਗੁਰਦੇਵ ਸਿੰਘ ਬਾਗੀ, ਕਾਮਰੇਡ ਜਸਵੰਤ ਸਿੰਘ ਸੈਣੀ, ਹਰਨੇਕ ਸਿੰਘ ਭੂਰਾ, ਹਰੀ ਸਿੰਘ ਝੱਖੀਆਂ, ਸੁਰਿੰਦਰ ਸਿੰਘ ਭਿੰਦਾ, ਜਗਰੂਪ ਸਿੰਘ ਤੇ ਹੋਰ ਹਾਜ਼ਰ ਸਨ।