ਜੋਗਿੰਦਰ ਸਿੰਘ ਮਾਨ
ਮਾਨਸਾ, 8 ਅਕਤੂਬਰ
ਜ਼ਿਲ੍ਹੇ ਦੇ ਪਿੰਡ ਬਣਾਂਵਾਲਾ ਵਿੱਚ ਲੱਗੇ ਉੱਤਰੀ ਭਾਰਤ ਦੇ ਪ੍ਰਾਈਵੇਟ ਭਾਈਵਾਲੀ ਤਹਿਤ ਸਭ ਤੋਂ ਵੱਡੇ ਤਾਪ ਘਰ ਤਲਵੰਡੀ ਸਾਬੋ ਪਾਵਰ ਪਲਾਂਟ (ਟੀਐੱਸਪੀਐੱਲ) ਵੱਲੋਂ ਇਸ ਵੇਲੇ ਪੰਜਾਬ ’ਚ ਸਭ ਤੋਂ ਵੱਧ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ। ਇਸ ਪਲਾਂਟ ਦਾ ਬੰਦ ਪਿਆ ਯੂਨਿਟ ਨੰਬਰ-3 ਵੀ ਬੀਤੇ ਦਿਨ ਤੋਂ ਬਿਜਲੀ ਪੈਦਾ ਕਰਨ ਲੱਗਿਆ ਹੈ, ਜੋ ਤਕਨੀਕੀ ਨੁਕਸ ਕਾਰਨ ਬੰਦ ਸੀ।
ਜਾਣਕਾਰੀ ਅਨੁਸਾਰ ਇਸ ਤਾਪ ਘਰ ਦੇ ਕਿਸੇ ਵੇਲੇ ਤਿੰਨੋਂ ਯੂਨਿਟ ਤਕਨੀਕੀ ਨੁਕਸ ਕਾਰਨ ਬੰਦ ਹੋ ਗਏ ਸਨ, ਜਿਨ੍ਹਾਂ ਨੂੰ ਵਿਦੇਸ਼ੀ ਇੰਜਨੀਅਰਾਂ ਦੀ ਮਦਦ ਨਾਲ ਦੁਬਾਰਾ ਚਾਲੂ ਕੀਤਾ ਗਿਆ ਹੈ। ਅੱਜ ਇਸ ਪਲਾਂਟ ਵੱਲੋਂ ਸਭ ਤੋਂ ਵੱਧ 1753 ਮੈਗਾਵਾਟ ਬਿਜਲੀ ਸਪਲਾਈ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਵੇਲੇ ਤਾਪ ਘਰ ਦੇ ਤਿੰਨੋਂ ਯੂਨਿਟ ਕੰਮ ਕਰ ਰਹੇ ਹਨ ਅਤੇ ਇਨ੍ਹਾਂ ਦੀ ਕੁੱਲ ਸਮਰੱਥਾ 1980 ਮੈਗਾਵਾਟ ਦੱਸੀ ਗਈ ਹੈ।
ਵੇਰਵਿਆਂ ਮੁਤਾਬਿਕ ਜ਼ਿਲ੍ਹੇ ਵਿਚਲੇ ਤਲਵੰਡੀ ਸਾਬੋ ਪਾਵਰ ਪਲਾਂਟ ਵੱਲੋਂ ਇਸ ਵੇਲੇ 1753 ਮੈਗਾਵਾਟ ਬਿਜਲੀ ਦਿੱਤੀ ਜਾ ਰਹੀ ਹੈ, ਜਿਸ ਦੇ ਯੂਨਿਟ ਨੰਬਰ-1 ਵੱਲੋਂ 590 ਮੈਗਾਵਾਟ, ਯੂਨਿਟ ਨੰਬਰ-2 ਵੱਲੋਂ 568 ਮੈਗਾਵਾਟ ਅਤੇ ਯੂਨਿਟ ਨੰਬਰ-3 ਵੱਲੋਂ 595 ਮੈਗਾਵਾਟ ਬਿਜਲੀ ਸਪਲਾਈ ਕੀਤੀ ਜਾ ਹੀ ਹੈ। ਟੀਐੱਸਪੀਐੱਲ ਦੇ ਸੀਈਓ ਵਿਕਾਸ ਸ਼ਰਮਾ ਨੇ ਕਿਹਾ ਕਿ ਹੁਣ ਪਲਾਂਟ ਦੇ ਤਿੰਨੇ ਯੂਨਿਟ ਵਧੀਆ ਸਥਿਤੀ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਕੋਲੇ ਦੀ ਘਾਟ ਸਮੇਤ ਕਈ ਹੋਰ ਮੁਸ਼ਕਲਾਂ ਨਾਲ ਜੂਝਣ ਦੇ ਬਾਵਜੂਦ ਹੁਣ ਪੰਜਾਬ ਵਿੱਚ ਬਿਜਲੀ ਪੈਦਾਵਾਰ ਦੀ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਵੇਗੀ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਕਾਰਪੋਰੇਸ਼ਨ ਕੋਲ ਬਿਜਲੀ ਸਮੱਸਿਆ ਨਾਲ ਨਜਿੱਠਣ ਲਈ ਇਸ ਵੇਲੇ ਪੂਰੇ ਪ੍ਰਬੰਧ ਹਨ।