ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਨਵੰਬਰ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਰਾਜ ਕਰਮਚਾਰੀ ਦਲ, ਕੰਪਿਊਟਰ ਅਧਿਆਪਕ ਯੂਨੀਅਨਾਂ ਅਤੇ ਪੰਜਾਬ ਏਡਜ਼ ਕੰਟਰੋਲ ਐਂਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਵਿੱਤ ਮੰਤਰੀ ਨੇ ਐਸੋਸੀਏਸ਼ਨ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਵੱਖ-ਵੱਖ ਬੈਂਕਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਸੁਸਾਇਟੀ ਦੇ ਕਰਮਚਾਰੀਆਂ ਨੂੰ ਜੀਵਨ ਬੀਮਾ ਯੋਜਨਾ ਦਾ ਲਾਭ ਦਿੱਤਾ ਜਾਵੇਗਾ। ਉਨ੍ਹਾਂ ਨੇ ਏਡਜ਼ ਕੰਟਰੋਲ ਸੁਸਾਇਟੀ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਹੋਰ ਮੰਗਾਂ ’ਤੇ ਵਿਚਾਰ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਵਿੱਤ ਮੰਤਰੀ ਨੇ ਪੰਜਾਬ ਰਾਜ ਕਰਮਚਾਰੀ ਦਲ ਦੇ ਆਗੂਆਂ ਨਾਲ ਮੀਟਿੰਗ ’ਚ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਚਰਚਾ ਕੀਤੀ। ਵਿੱਤ ਮੰਤਰੀ ਚੀਮਾ ਨੇ ਵਿੱਤ ਵਿਭਾਗ ਦੇ ਅਧਿਕਾਰੀਆਂ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਸਬੰਧਤ ਕੁਝ ਮੰਗਾਂ ਦਾ ਜਾਇਜ਼ਾ ਲੈਣ ਦੇ ਨਿਰਦੇਸ਼ ਦਿੱਤੇ। ਕੰਪਿਊਟਰ ਅਧਿਆਪਕ ਯੂਨੀਅਨਾਂ ਨੇ ਕਈ ਸਾਲਾਂ ਤੋਂ ਲਟਕਦੇ ਆ ਰਹੇ ਮਸਲੇ ਉਠਾਏ। ਵਿੱਤ ਮੰਤਰੀ ਨੇ ਯੂਨੀਅਨ ਦੀਆਂ ਸਾਰੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਨ ਉਪਰੰਤ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ’ਤੇ ਵਿਚਾਰ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਨਾਲ ਖੜ੍ਹੀ ਹੈ।