ਆਤਿਸ਼ ਗੁਪਤਾ
ਚੰਡੀਗੜ੍ਹ, 10 ਅਪਰੈਲ
ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਨੂੰ ਘਰ-ਘਰ ਪਹੁੰਚਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਰੋਹਤਕ ਵਿੱਚ ਦਲਿਤ ਕਿਸਾਨ ਮਹਾਪੰਚਾਇਤ ਰੱਖੀ ਗਈ, ਜਿਸ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਵਿੱਚ ਹਰ ਤਬਕੇ ਦੇ ਲੋਕ ਹਿੱਸਾ ਲੈ ਰਹੇ ਹਨ, ਜੋ ਕਿ ਤਿੰਨੇ ਖੇਤੀ ਕਾਨੂੰਨ ਰੱਦ ਕਰਕੇ ਐੱਮਐੱਸਪੀ ’ਤੇ ਫਸਲਾਂ ਦੀ ਖ਼ਰੀਦ ਦੀ ਗਾਰੰਟੀ ਵਾਲਾ ਕਾਨੂੰਨ ਬਣਵਾਉਣ ਤੱਕ ਜਾਰੀ ਰਹੇਗਾ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਅੰਗਰੇਜ਼ ਦੇਸ਼ ਨੂੰ ਲੁੱਟਣ ਲੱਗੇ ਹੋਏ ਸਨ। ਜਿਨ੍ਹਾਂ ਦੇ ਜ਼ੁਲਮਾਂ ਤੋਂ ਦੁਖੀ ਹੋ ਕੇ ਕਿਸਾਨ-ਮਜ਼ਦੂਰਾਂ ਨੇ ਅੰਗਰੇਜ਼ਾਂ ਦਾ ਵਿਰੋਧ ਕੀਤਾ। ਅੱਜ ਅੰਗਰੇਜ਼ਾਂ ਦੀ ਤਰ੍ਹਾਂ ਪੂੰਜੀਪਤੀ ਘਰਾਣੇ ਦੇਸ਼ ਨੂੰ ਲੁੱਟਣ ਲੱਗੇ ਹੋਏ ਹਨ, ਜਿਨ੍ਹਾਂ ਖ਼ਿਲਾਫ਼ ਸਭ ਨੂੰ ਇਕੱਠੇ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਕਰਜ਼ੇ ਹੇਠ ਦਬ ਕੇ ਆਤਮਦਾਹ ਕਰਨ ਲੱਗਾ ਹੋਇਆ ਹੈ ਜਦਕਿ ਪੂੰਜੀਪਤੀ ਬੈਂਕਾ ਨੂੰ ਹਜ਼ਾਰਾਂ ਕਰੋੜ ਰੁਪਏ ਦਾ ਚੂਨਾ ਲਗਾ ਰਹੇ ਹਨ। ਕੇਂਦਰ ਸਰਕਾਰ ਵੀ ਅਜਿਹੇ ਲੋਕਾਂ ਨੂੰ ਕਾਬੂ ਕਰਨ ਵਿੱਚ ਫੇਲ੍ਹ ਸਾਬਤ ਹੋ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਨੇ ਕਿਹਾ ਕਿ ਪੂੰਜੀਪਤੀਆਂ ਦੀ ਧੱਕੇਸ਼ਾਹੀ ਦੇ ਚਲਦਿਆਂ ਹੀ ਅੱਜ ਭਾਰਤ ਦੇਸ਼ ਵਿੱਚ ਭੁੱਖਮਰੀ ਵਧਦੀ ਜਾ ਰਹੀ ਹੈ। ਦੇਸ਼ ਦੇ 45 ਫ਼ੀਸਦ ਬੱਚਿਆਂ ਨੂੰ ਭਰ ਪੇਟ ਭੋਜਨ ਨਹੀਂ ਮਿਲ ਪਾ ਰਿਹਾ ਹੈ। ਸ੍ਰੀ ਚੜੂਨੀ ਨੇ ਦਲਿਤ ਵਰਗ ਦੇ ਲੋਕਾਂ ਨੂੰ ਵੀ ਕਿਸਾਨ ਅੰਦੋਲਨ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਸਮਾਜ ਵਿੱਚ ਫੁੱਟ ਪਵਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਵਿੱਚ ਹਰ ਵਰਗ ਦੇ ਲੋਕ ਸ਼ਾਮਲ ਹੋ ਰਹੇ ਹਨ ਜੋ ਕਿ ਤਿੰਨੇ ਖੇਤੀ ਕਾਨੂੰਨ ਰੱਦ ਹੋਣ ਤੱਕ ਅਤੇ ਫ਼ਸਲਾਂ ਦੀ ਖ਼ਰੀਦ ਲਈ ਐੱਮਐੱਸਪੀ ਦੀ ਗਰੰਟੀ ਵਾਲਾ ਕਾਨੂੰਨ ਬਣਵਾਏ ਬਿਨਾਂ ਪਿੱਛੇ ਨਹੀਂ ਹਟਣਗੇ।
ਸ਼ਹੀਦਾਂ ਨੂੰ ਸਮਰਪਿਤ ਕਬੱਡੀ ਕੱਪ ਵਿੱਚ ਕੀਤੀ ਸ਼ਿਰਕਤ
ਘਨੌਰ (ਪੱਤਰ ਪ੍ਰੇਰਕ): ਇੱਥੋਂ ਨੇੜਲੇ ਪਿੰਡ ਸੰਧਾਰਸੀ ’ਚ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਤੇ ਹਰਿਆਣਾ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਦੀਆਂ ਬਰੂਹਾਂ ’ਤੇ ਲੜਿਆ ਜਾ ਰਿਹਾ ਕਿਸਾਨ ਅੰਦੋਲਨ ਹੁਣ ਜਨ ਅੰਦੋਲਨ ਬਣ ਚੁੱਕਿਆ ਹੈ। ਇਸ ਨੁੂੰ ਸਮਾਜ ਦੇ ਹਰ ਵਰਗ ਦੀ ਹਮਾਇਤ ਹਾਸਲ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਵਾਏ ਬਗੈਰ ਅੰਦੋਲਨਕਾਰੀ ਕਿਸਾਨ ਘਰਾਂ ਨੂੰ ਨਹੀਂ ਪਰਤਣਗੇ। ਉਹ ਇੱਥੇ ਕਿਸਾਨੀ ਸੰਘਰਸ਼ ਦੇ ਸ਼ਹੀਦਾਂ ਨੂੰ ਸਮਰਪਿਤ ਕਰਵਾਏ ਗਏ ਕਬੱਡੀ ਕੱਪ ਨੂੰ ਸੰਬੋਧਨ ਕਰ ਰਹੇ ਸੀ। ਆਲ ਇੰਡੀਆ ਕਿਸਾਨ ਫੈਡਰੇਸ਼ਨ ਦੇ ਆਗੂ ਐਡਵੋਕੇਟ ਪ੍ਰੇਮ ਸਿੰਘ ਭੰਗੂ ਨੇ ਆਖਿਆ ਕਿ ਮੋਦੀ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਦੀ ਪੂਰਤੀ ਲਈ ਬਣਾਏ ਗਏ ਖੇਤੀ ਕਾਨੂੰਨ ਕਦੇ ਵੀ ਬਰਦਾਸ਼ਤ ਨਹੀਂ ਕੀਤੇ ਜਾਣਗੇ। ਜਦੋਂ ਤੱਕ ਮੋਦੀ ਸਰਕਾਰ ਖੇਤੀ ਕਾਨੂੰਨ ਰੱਦ ਨਹੀਂ ਕਰਦੀ ਅਤੇ ਐੱਮਐੱਸਪੀ ਦੀ ਕਾਨੂੰਨੀ ਗਰੰਟੀ ਨਹੀਂ ਦਿੰਦੀ ਉਦੋਂ ਤੱਕ ਕਿਸਾਨ ਸੰਘਰਸ਼ ਜਾਰੀ ਰਹੇਗਾ। ਕਬੱਡੀ ਕੱਪ ’ਚ ਦਿੜਬਾ ਦੀ ਟੀਮ ਨੇ ਪਹਿਲਾ ਅਤੇ ਦੋਤਾਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ।