ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਅਗਸਤ
ਆਮ ਆਦਮੀ ਪਾਰਟੀ (ਆਪ) ਨੇ ਪਿਛਲੀ ਸਰਕਾਰ ’ਤੇ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਨਾ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰਾਂ ਦੇ ਮੁੱਖ ਮੰਤਰੀਆਂ ਨੇ ਕਦੇ ਨੀਤੀ ਆਯੋਗ ਦੀ ਮੀਟਿੰਗ ਵਿੱਚ ਹਿੱਸਾ ਲੈਣ ਦੀ ਖੇਚਲ ਨਹੀਂ ਕੀਤੀ। ਇਸ ਕਾਰਨ ਸੂਬੇ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਹੈ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਸਮੇਤ ਕਈ ਸਾਬਕਾ ਮੁੱਖ ਮੰਤਰੀ ਨੀਤੀ ਆਯੋਗ ਦੀਆਂ ਮੀਟਿੰਗਾਂ ਵਿੱਚ ਸ਼ਾਮਲ ਹੋਣ ਦੀ ਥਾਂ ਕੇਂਦਰ ਸਰਕਾਰ ਨੂੰ ਸਿਰਫ ਚਿੱਠੀਆਂ ਲਿਖ ਕੇ ਆਪਣੀ ਜ਼ਿੰਮੇਵਾਰੀ ਤੋਂ ਪੱਲਾ ਝਾੜਦੇ ਰਹੇ। ਸ੍ਰੀ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਨੀਤੀ ਆਯੋਗ ਦੀ ਮੀਟਿੰਗ ’ਚ ਹਿੱਸਾ ਲੈਂਦਿਆਂ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਨੂੰ ਦਰਪੇਸ਼ ਮੁੱਦਿਆਂ ਨੂੰ ਚੁੱਕਿਆ।