ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਜੁਲਾਈ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਦੇ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਖ਼ਿਲਾਫ਼ ਸਰੋਤਾਂ ਤੋਂ ਵੱਧ ਆਮਦਨ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਵਿਜੀਲੈਂਸ ਬਿਊਰੋ ਦੇ ਸੀਨੀਅਰ ਅਧਿਕਾਰੀ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮਾਮਲੇ ਦੀ ਤਫ਼ਤੀਸ਼ ਵਿੱਚ ਸ਼ਾਮਲ ਹੋਣ ਲਈ ਸਾਬਕਾ ਮੁੱਖ ਸਕੱਤਰ ਨੂੰ ਤਲਬ ਕੀਤਾ ਗਿਆ ਹੈ। ਕੌਸ਼ਲ ਨੂੰ 10 ਜੁਲਾਈ ਵਾਲੇ ਦਿਨ ਵਿਜੀਲੈਂਸ ਬਿਊਰੋ ਦੇ ਤਫਤੀਸ਼ੀ ਅਫ਼ਸਰ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।
ਸੂਤਰਾਂ ਦਾ ਦੱਸਣਾ ਹੈ ਕਿ ਬਿਊਰੋ ਵੱਲੋਂ ਪਿਛਲੇ ਕਈ ਮਹੀਨਿਆਂ ਤੋਂ ਸਰਵੇਸ਼ ਕੌਸ਼ਲ ਵਿਰੁੱਧ ਸਰੋਤਾਂ ਤੋਂ ਵੱਧ ਆਮਦਨ ਮਾਮਲੇ ਵਿੱਚ ਪੜਤਾਲ ਸ਼ੁਰੂ ਕੀਤੀ ਗਈ ਸੀ। ਉਸ ਤੋਂ ਬਾਅਦ ਜਾਇਦਾਦ ਤੇ ਬੈਂਕ ਖਾਤਿਆਂ ਦੀ ਜਾਣਕਾਰੀ ਇਕੱਤਰ ਕਰਨ ਉਪਰੰਤ ਪੜਤਾਲ ਦਰਜ ਕਰਕੇ ਤਫ਼ਤੀਸ਼ ਆਰੰਭ ਦਿੱਤੀ।