ਪਾਲ ਸਿੰਘ ਨੌਲੀ
ਜਲੰਧਰ, 16 ਅਗਸਤ
ਕਾਂਗਰਸ ਦੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਸ੍ਰੀ ਬਾਦਲ ਨੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਨੂੰ ਮੁੜ ਅਕਾਲੀ ਦਲ ਵਿੱਚ ਸ਼ਾਮਿਲ ਕਰਦਿਆ ਹੀ ਜਲੰਧਰ ਛਾਉਣੀ ਤੋਂ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਬਰਾੜ ਨੂੰ ਪਾਰਟੀ ’ਚ ਜਨਰਲ ਸਕੱਤਰ ਦਾ ਅਹੁਦਾ ਵੀ ਦਿੱਤਾ ਗਿਆ ਹੈ।ਸ੍ਰੀ ਬਾਦਲ ਨੇ ਕਿਹਾ ਕਿ ਬਰਾੜ ਦੀ 10 ਸਾਲ ਬਾਅਦ ਘਰ ਵਾਪਸੀ ਹੋਈ ਹੈ। ਇਸ ਮੌਕੇ ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆ ਵੀ ਮੌਜੂਦ ਸਨ।
ਸ੍ਰੀ ਬਰਾੜ ਨੇ ਪੰਜਾਬ ਵਾਟਰ ਰਿਸੋਰਸ ਮੈਨੇਜਮੈਂਟ ਐਂਡ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਐਤਵਾਰ ਰਾਤ ਹੀ ਅਸਤੀਫਾ ਦੇ ਦਿੱਤਾ ਸੀ। ਸਾਲ 2007 ਵਿੱਚ ਉਨ੍ਹਾਂ ਨੇ ਜਲੰਧਰ ਛਾਉਣੀ ਤੋਂ ਅਕਾਲੀ ਦਲ ਦੀ ਟਿਕਟ ’ਤੇ ਚੋਣ ਲੜੀ ਸੀ। ਸਾਲ 2011 ਵਿੱਚ ਉਹ ਮਨਪ੍ਰੀਤ ਸਿੰਘ ਬਾਦਲ ਵੱਲੋਂ ਬਣਾਈ ਪੀਪੀਪੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। 2012 ਦੀਆਂ ਚੋਣਾਂ ਤੋਂ ਐਨ ਪਹਿਲਾਂ ਉਹ ਕਾਂਗਰਸ ਵਿੱਚ ਆ ਗਏ। ਸਾਲ 2017 ਵਿੱਚ ਪਰਗਟ ਸਿੰਘ ਦੇ ਕਾਂਗਰਸ ਵਿੱਚ ਆਉਣ ਕਾਰਨ ਜਗਬੀਰ ਬਰਾੜ ਨੂੰ ਜਲੰਧਰ ਛਾਉਣੀ ਦੀ ਥਾਂ ਨਕੋਦਰ ਵਿਧਾਨ ਸਭਾ ਹਲਕੇ ਤੋਂ ਟਿਕਟ ਦਿੱਤੀ ਗਈ ਸੀ, ਜਿੱਥੇ ਉਹ ਤੀਜੇ ਨੰਬਰ ’ਤੇ ਰਹਿ ਕੇ ਹਾਰ ਗਏ ਸਨ। ਪੰਜਾਬ ਕਾਂਗਰਸ ਦੀ ਕਮਾਨ ਆਪਣੇ ਹੱਥਾਂ ਵਿੱਚ ਲੈਣ ਮਗਰੋਂ ਨਵਜੋਤ ਸਿੰਘ ਸਿੱਧੂ ਦੀ ਪਲੇਠੀ ਜਲੰਧਰ ਫੇਰੀ ਮੌਕੇ ਜਗਬੀਰ ਬਰਾੜ ਗੈਰਹਾਜ਼ਰ ਰਹੇ ਸਨ।