ਖੇਤਰੀ ਪ੍ਰਤੀਨਿਧ
ਐਸਏਐਸ ਨਗਰ (ਮੁਹਾਲੀ), 13 ਅਪਰੈਲ
ਪੀਸੀਏ ਦੇ ਲੋਕਪਾਲ ਐੱਚਐੱਸ ਭੱਲਾ (ਸੇਵਾਮੁਕਤ ਜੱਜ) ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਵੱਖ-ਵੱਖ ਉੱਚ ਅਹੁਦਿਆਂ ’ਤੇ ਤਾਇਨਾਤ ਰਹੇ ਜੀਐੱਸ ਵਾਲੀਆ ਅਤੇ ਐੱਮਪੀ ਪਾਂਡਵ ’ਤੇ ਤਾਉਮਰ ਕ੍ਰਿਕਟ ਦੀਆਂ ਕਿਸੇ ਵੀ ਤਰ੍ਹਾਂ ਦੀਆਂ ਸਰਗਰਮੀਆਂ ਵਿੱਚ ਹਿੱਸਾ ਲੈਣ ’ਤੇ ਰੋਕ ਲਗਾ ਦਿੱਤੀ ਗਈ ਹੈ।
ਇਨ੍ਹਾਂ ਦੋਵਾਂ ਖ਼ਿਲਾਫ਼ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮੁਹਾਲੀ ਵੱਲੋਂ ਗਗਨਦੀਪ ਸਿੰਘ ਧਾਲੀਵਾਲ ਨੇ ਲੋਕਪਾਲ ਕੋਲ ਅਪੀਲ ਦਾਇਰ ਕੀਤੀ ਸੀ। ਉਨ੍ਹਾਂ ਨੇ ਦੋਵਾਂ ਅਹੁਦੇਦਾਰਾਂ ਉੱਤੇ ਪੀਸੀਏ ਦੇ ਫੰਡਾਂ ਦੀ ਦੁਰਵਰਤੋਂ ਕਰਨ ਦਾ ਦੋਸ਼ ਲਾਇਆ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇ ਆਪਣੇ ਅਹੁਦਿਆਂ ਦੀ ਵਰਤੋਂ ਕਰ ਕੇ ਮੁਹਾਲੀ ਕ੍ਰਿਕਟ ਐਸੋਸੀਏਸ਼ਨ ਨੂੰ ਫ਼ਾਇਦਾ ਪਹੁੰਚਾਇਆ ਸੀ। ਉਨ੍ਹਾਂ ਆਖਿਆ ਸੀ ਕਿ ਐਸੋਸੀਏਸ਼ਨ ਨਾਲ ਇਹ ਅਧਿਕਾਰੀ ਨਿੱਜੀ ਤੌਰ ’ਤੇ ਜੁੜੇ ਹੋਏ ਹਨ।
ਸ੍ਰੀ ਭੱਲਾ ਕੋਲ ਦੋਵੇਂ ਅਧਿਕਾਰੀਆਂ ਨੇ ਵੀ ਆਪਣਾ ਪੱਖ ਰੱਖਿਆ ਤੇ ਸਾਰਾ ਕੁਝ ਨਿਯਮਾਂ ਅਨੁਸਾਰ ਕਰਨ ਦੀ ਗੱਲ ਆਖੀ। ਲੋਕਪਾਲ ਨੇ ਦੋਵਾਂ ਦੀਆਂ ਦਲੀਲਾਂ ਨੂੰ ਰੱਦ ਕਰਦਿਆਂ ਉਨ੍ਹਾਂ ਉੱਤੇ ਕ੍ਰਿਕਟ ਸਰਗਰਮੀਆਂ ਵਿੱਚ ਹਿੱਸਾ ਲੈਣ ’ਤੇ ਰੋਕ ਲਾ ਦਿੱਤੀ ਹੈ। ਉਨ੍ਹਾਂ ਫੰਡਾਂ ਸਬੰਧੀ ਵੀ ਜਾਂਚ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।
ਫ਼ੈਸਲੇ ਨੂੰ ਪੜ੍ਹਨ ਮਗਰੋਂ ਟਿੱਪਣੀ ਕਰਾਂਗਾ: ਵਾਲੀਆ
ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਾਬਕਾ ਸਕੱਤਰ ਜੀਐੱਸ ਵਾਲੀਆ ਨੇ ਇਸ ਫ਼ੈਸਲੇ ਬਾਰੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਫ਼ੈਸਲੇ ਦੀ ਕਾਪੀ ਉਨ੍ਹਾਂ ਨੂੰ ਮਿਲ ਗਈ ਹੈ, ਉਹ ਇਸ ਨੂੰ ਪੜ੍ਹਨਗੇ ਅਤੇ ਕਾਨੂੰਨੀ ਰਾਏ ਲੈਣ ਉਪਰੰਤ ਹੀ ਕੋਈ ਟਿੱਪਣੀ ਕਰਨਗੇ।