ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 24 ਫਰਵਰੀ
ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਲਾਲ ਸਿੰਘ ਭੁੱਲਰ ਦੇ ਕਤਲ ਕਾਂਡ ਵਿੱਚ ਫ਼ਰੀਦਕੋਟ ਪੁਲੀਸ ਨੇ ਅੱਜ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਅਸਲਾ ਬਰਾਮਦ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਰਾਜਿੰਦਰ ਸਿੰਘ, ਭੀਮਾ ਸਿੰਘ, ਪ੍ਰਦੀਪ ਸਿੰਘ ਅਤੇ ਆਕਾਸ਼ ਵਜੋਂ ਹੋਈ ਹੈ। ਇਨ੍ਹਾਂ ਕੋਲੋਂ 315 ਬੋਰ ਦਾ ਰਿਵਾਲਵਰ ਅਤੇ 64 ਕਾਰਤੂਸ ਬਰਾਮਦ ਹੋਏ ਹਨ। ਬੀਤੇ ਦਿਨ ਪੁਲੀਸ ਨੇ ਪਿੰਡ ਘਣੀਏਵਾਲਾ ਤੋਂ ਗੁਰਪਿੰਦਰ ਸਿੰਘ ਨੂੰ ਵੀ ਕਾਬੂ ਕੀਤਾ ਸੀ।ਜ਼ਿਲ੍ਹਾ ਪੁਲੀਸ ਮੁਖੀ ਸਵਰਨਦੀਪ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪੰਜਾਬ ਪੁਲੀਸ ਵੱਲੋਂ ਹੁਣ ਤਕ ਪੰਜ ਵਿਅਕਤੀਆਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ। ਇਸ ਤੋਂ ਇਲਾਵਾ ਤਿੰਨ ਮੁਲਜ਼ਮ ਸੌਰਵ ਵਰਮਾ, ਗੁਰਵਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਨੂੰ ਦਿੱਲੀ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਨੂੰ ਫਰੀਦਕੋਟ ਲਿਆਉਣ ਲਈ ਅਦਾਲਤ ਤੋਂ ਪ੍ਰੋਡਕਸ਼ਨ ਵਾਰੰਟ ਹਾਸਲ ਕਰ ਲਏ ਗਏ ਹਨ। 26 ਫਰਵਰੀ ਨੂੰ ਇਹ ਮੁਲਜ਼ਮ ਅਦਾਲਤ ’ਚ ਪੇਸ਼ ਕੀਤੇ ਜਾਣਗੇ।