ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਮਈ
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਆਉਂਦੇ ਕੋਵਿਡ-19 ਦੇ ਮਰੀਜ਼ਾਂ ਨੂੰ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਦੇਣ ਦਾ ਫ਼ੈਸਲਾ ਕੀਤਾ ਹੈ। ਸਿਹਤ ਮੰਤਰੀ ਨੇ ਦੱਸਿਆ ਕਿ 8000 ਰੁਪਏ ਤੋਂ 18,000 ਰੁਪਏ ਪ੍ਰਤੀ ਦਿਨ ਦੀਆਂ ਤੈਅ ਇਲਾਜ ਦਰਾਂ ’ਤੇ ਕੋਵਿਡ ਦਾ ਇਲਾਜ ਕਰਨ ਦੇ ਸਮਰੱਥ ਹਸਪਤਾਲਾਂ ਵਿੱਚ ਇਹ ਸਹੂਲਤ ਦਿੱਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਨਿਰਧਾਰਤ ਕੀਤੀਆਂ ਗਈਆਂ ਇਲਾਜ ਦਰਾਂ ਵਿੱਚ ਬੈੱਡ, ਪੀਪੀਈ ਕਿੱਟਾਂ, ਦਵਾਈਆਂ, ਨਿਗਰਾਨੀ/ਨਰਸਿੰਗ ਕੇਅਰ, ਡਾਕਟਰ ਦੀ ਫੀਸ, ਜਾਂਚ, ਆਕਸੀਜਨ ਆਦਿ ਦਾ ਖ਼ਰਚਾ ਸ਼ਾਮਲ ਹੈੈ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਸ਼ੁਰੂ ਤੋਂ ਹੀ ਲਾਭਪਾਤਰੀ ਮਰੀਜ਼ਾਂ ਦਾ ਇਲਾਜ ਪੂਰੀ ਤਰ੍ਹਾਂ ਮੁਫ਼ਤ ਚੱਲ ਰਿਹਾ ਹੈ।