ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 1 ਨਵੰਬਰ
ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਦੀ ਪਤਨੀ ਅਤੇ ਸਾਬਕਾ ਵਿਧਾਇਕ ਇੰਦਰਇਕਬਾਲ ਸਿੰਘ ਅਟਵਾਲ ਦੀ ਮਾਤਾ ਇੰਦਰਜੀਤ ਕੌਰ ਦੇ ਅਕਾਲ ਚਲਾਣੇ ’ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਣੇ ਵੱਖ-ਵੱਖ ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ,‘‘ਅਟਵਾਲ ਪਰਿਵਾਰ ਅਕਾਲੀ ਦਲ ਦਾ ਪਰਿਵਾਰ ਹੈ ਅਤੇ ਅਸੀਂ ਇਸ ਦੁੱਖ ਦੀ ਘੜੀ ਉਨ੍ਹਾਂ ਦੇ ਨਾਲ ਖੜ੍ਹੇ ਹਾਂ।’’ ਇਸ ਮੌਕੇ ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਹਰਭਜਨ ਸਿੰਘ ਡੰਗ, ਜਸਵਿੰਦਰ ਸਿੰਘ ਭੋਲਾ, ਫੈਡਰੇਸ਼ਨ ਆਗੂ ਤੇਜਿੰਦਰਪਾਲ ਸਿੰਘ ਸੰਧੂ ਅਤੇ ਗੁਰਦੀਪ ਸਿੰਘ ਲੀਲ ਆਦਿ ਵੀ ਹਾਜ਼ਰ ਸਨ। ਇਸ ਤੋਂ ਪਹਿਲਾਂ ਮਾਡਲ ਟਾਊਨ ਐਕਸਟੈਂਸ਼ਨ ਸਥਿਤ ਸ਼ਮਸ਼ਾਨਘਾਟ ਵਿੱੱਚ ਇੰਦਰਜੀਤ ਕੌਰ ਦਾ ਸਸਕਾਰ ਕੀਤਾ ਗਿਆ। ਉਨ੍ਹਾਂ ਦੀ ਚਿਖਾ ਨੂੰ ਅੱਗ ਇੰਦਰਇਕਬਾਲ ਸਿੰਘ ਅਟਵਾਲ ਅਤੇ ਜਸਜੀਤ ਸਿੰਘ ਅਟਵਾਲ ਨੇ ਦਿਖਾਈ। ਇਸ ਮੌਕੇ ਸਾਬਕਾ ਮੰਤਰੀ ਤੇਜਪ੍ਰਕਾਸ਼ ਸਿੰਘ ਕੋਟਲੀ, ਜਥੇਦਾਰ ਸੰਤਾ ਸਿੰਘ ਉਮੈਦਪੁਰੀ, ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ, ਸਾਬਕਾ ਸੰਸਦ ਮੈਂਬਰ ਇਕਬਾਲ ਸਿੰਘ ਜਲੰਧਰ, ਸਾਬਕਾ ਵਿਧਾਇਕ ਬਿਕਰਮਜੀਤ ਸਿੰਘ ਖਾਲਸਾ ਤੇ ਹੋਰ ਆਗੂ ਹਾਜ਼ਰ ਸਨ।