ਇਕਬਾਲ ਸਿੰਘ ਸ਼ਾਂਤ
ਲੰਬੀ, 17 ਜਨਵਰੀ
ਦਿੱਲੀ ਦੀ ਟਿਕਰੀ ਹੱਦ ’ਤੇ ਬੀਤੇ ਦਿਨ ਫ਼ੌਤ ਹੋਏ ਭਾਕਿਯੂ ਏਕਤਾ ਉਗਰਾਹਾਂ ਦੇ ਕਿਸਾਨ ਕਾਰਕੁਨ ਬੋਹੜ ਸਿੰਘ (35) ਦਾ ਸਸਕਾਰ ਅੱਜ ਪਿੰਡ ਭੀਟੀਵਾਲਾ ਵਿੱਚ ਸੇਜਲ ਅੱਖਾਂ ਨਾਲ ਕੀਤਾ ਗਿਆ। ਭਾਕਿਯੂ ਏਕਤਾ ਉਗਰਾਹਾਂ ਦੀ ਲੀਡਰਸ਼ਿਪ ਵੱਲੋਂ ਬੋਹੜ ਸਿੰਘ ਦੀ ਦੇਹ ’ਤੇ ਜਥੇਬੰਦੀ ਦਾ ਝੰਡਾ ਪਾ ਕੇ ਅਤੇ ਝੰਡੇ ਝੁਕਾ ਕੇ ਸ਼ਹੀਦਾਂ ਵਾਲਾ ਸਨਮਾਨ ਦਿੱਤਾ ਗਿਆ। ਇਸ ਮੌਕੇ ਪਿੰਡ ਵਾਸੀ ਤੇ ਪ੍ਰਸ਼ਾਸਨ ਵੱਲੋਂ ਲੰਬੀ ਦੇ ਨਾਇਬ ਤਹਿਸੀਲਦਾਰ ਅਰਜਿੰਦਰ ਸਿੰਘ ਅਤੇ ਪੰਚਾਇਤ ਸਮਿਤੀ ਲੰਬੀ ਦੇ ਮੀਤ ਚੇਅਰਮੈਨ ਜਗਤਾਰ ਸਿੰਘ ਭੀਟੀਵਾਲਾ ਵੀ ਮੌਜੂਦ ਸਨ। ਨਾਇਬ ਤਹਿਸੀਲਦਾਰ ਅਰਜਿੰਦਰ ਸਿੰਘ ਨੇ ਕਿਹਾ ਕਿ ਬੋਹੜ ਸਿੰਘ ਦੇ ਵਾਰਸਾਂ ਨੂੰ ਮਾਲੀ ਮਦਦ ਲਈ ਸਰਕਾਰ ਨੂੰ ਲਿਖ ਕੇ ਭੇਜ ਦਿੱਤਾ ਗਿਆ ਹੈ। ਉਨ੍ਹਾਂ ਸਹਾਇਤਾ ਰਾਸ਼ੀ ਦਾ ਚੈੱਕ ਪਰਿਵਾਰ ਤਕ ਪਹੁੰਚਾਉਣ ਦਾ ਭਰੋਸਾ ਦਿੱਤਾ।