ਡਾ. ਰਾਜਿੰਦਰ ਸਿੰਘ
ਡੇਰਾ ਬਾਬਾ ਨਾਨਕ, 9 ਮਈ
ਸ਼ਿਆਚਿਨ ਗਲੇਸ਼ੀਅਰ ਵਿੱਚ ਬਰਫ਼ੀਲੇ ਤੂਫ਼ਾਨ ਹੇਠ ਦੱਬਣ ਕਾਰਨ ਡੇਰਾ ਬਾਬਾ ਨਾਨਕ ਦੇ ਪਿੰਡ ਦਬੁਰਜੀ ਦਾ ਸਿਪਾਹੀ ਪ੍ਰਗਟ ਸਿੰਘ ਸ਼ਹੀਦ ਹੋ ਗਿਆ ਹੈ, ਜਿਸ ਦਾ ਅੱਜ ਉਸ ਦੇ ਜੱਦੀ ਪਿੰਡ ਵਿੱਚ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ| ਸਿਪਾਹੀ ਪ੍ਰਗਟ ਸਿੰਘ ਦੇ ਪਰਿਵਾਰ ਵਿੱਚ ਮਾਤਾ-ਪਿਤਾ ਅਤੇ ਦੋ ਭੈਣਾਂ ਹਨ ਅਤੇ ਉਹ ਤਿੰਨ ਵਰ੍ਹੇ ਪਹਿਲਾਂ ਹੀ ਦੇਸ਼ ਦੀ ਸੇਵਾ ਲਈ ਫ਼ੌਜ ’ਚ ਭਰਤੀ ਹੋਇਆ ਸੀ। ਪ੍ਰਗਟ ਸਿੰਘ ਹਾਲੇ ਕੁਆਰਾ ਸੀ। ਜ਼ਿਕਰਯੋਗ ਹੈ ਕਿ 21 ਪੰਜਾਬ ਰੈਜੀਮੈਂਟ ਦੇ ਪ੍ਰਗਟ ਸਿੰਘ ਸਮੇਤ ਹੋਰ ਫ਼ੌਜੀ ਸਿਆਚਿਨ ਗਲੇਸ਼ੀਅਰ ’ਚ 25 ਅਪਰੈਲ ਨੂੰ ਬਰਫ਼ੀਲੇ ਤੂਫ਼ਾਨ ਦੀ ਲਪੇਟ ਵਿੱਚ ਆ ਗਏ ਸਨ। ਸਿੱਟੇ ਵੱਜੋਂ ਜ਼ਿਲ੍ਹਾ ਮਾਨਸਾ ਅਤੇ ਬਰਨਾਲਾ ਜ਼ਿਲ੍ਹੇ ਦੇ ਦੋ ਫ਼ੌਜੀ ਮੌਕੇ ’ਤੇ ਸ਼ਹੀਦ ਹੋ ਗਏ ਸਨ, ਜਦੋਂ ਕਿ ਪ੍ਰਗਟ ਸਿੰਘ ਨੂੰ 27 ਅਪਰੈਲ ’ਤੇ ਬਰਫ਼ ਵਿੱਚੋਂ ਕੱਢ ਕੇ ਕਮਾਂਡ ਹਸਪਤਾਲ ਚੰਡੀਗੜ੍ਹ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਬੀਤੇ ਦਿਨ ਸਿਪਾਹੀ ਪ੍ਰਗਟ ਸਿੰਘ ਸ਼ਹੀਦ ਹੋ ਗਿਆ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਪ੍ਰਗਟ ਸਿੰਘ ਲਈ 50 ਲੱਖ ਰੁਪਏ ਐਕਸਗ੍ਰੇਸ਼ੀਆ ਅਤੇ ਪਰਿਵਾਰ ਦੇ ਇਕ ਮੈਂਬਰ ਲਈ ਸਰਕਾਰੀ ਨੌਕਰੀ ਦਾ ਐਲਾਨ ਕੀਤਾ ਹੈ। ਸਸਕਾਰ ਤੋਂ ਪਹਿਲਾਂ ਫ਼ੌਜ ਦੀ ਟੁਕੜੀ ਨੇ ਸ਼ਹੀਦ ਪ੍ਰਗਟ ਸਿੰਘ ਨੂੰ ਸਲਾਮੀ ਦਿੱਤੀ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਤੇ ਹਲਕੇ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਅਸ਼ਫਾਕ, ਲੇਬਰਫੈੱਡ ਪੰਜਾਬ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ ਸਮੇਤ ਕਈ ਹੋਰ ਸਿਆਸੀ ਆਗੂਆਂ ਨੇ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ| ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਪਰਿਵਾਰ ਦੇ ਨਾਲ ਖੜ੍ਹੀ ਹੈ।