ਹਤਿੰਦਰ ਮਹਿਤਾ
ਜਲੰਧਰ, 30 ਨਵੰਬਰ
ਪੰਜਾਬ ਪੁਲੀਸ ਨੇ ਗੈਂਗਸਟਰ ਕਰਨਜੀਤ ਸਿੰਘ ਉਰਫ਼ ਜੱਸਾ ਹੈਪੋਵਾਲ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਵਿਦੇਸ਼ੀ ਗੈਂਗਸਟਰ ਰਾਜੇਸ਼ ਕੁਮਾਰ ਉਰਫ਼ ਸੋਨੂੰ ਖੱਤਰੀ ਅਤੇ ਜਸਪ੍ਰੀਤ ਸਿੰਘ ਉਰਫ਼ ਜੱਸਾ ਮੋਹਣਵਾਲੀਆ ਦੇ ਗਰੋਹ ਦਾ ਸੰਚਾਲਕ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਗੈਂਗਸਟਰ ਜੱਸਾ ਹੈਪੋਵਾਲ ਪਿਛਲੇ ਮਹੀਨੇ ਜਲੰਧਰ ਦਿਹਾਤੀ ਦੇ ਥਾਣਾ ਪਤਾਰਾ ਦੇ ਪਿੰਡ ਭੋਜੋਵਾਲ ਵਿੱਚ ਹੋਏ ਮਾਂ-ਧੀ ਦੇ ਦੋਹਰੇ ਕਤਲ ਤੋਂ ਇਲਾਵਾ ਹੋਰ ਘਿਣਾਉਣੇ ਅਪਰਾਧਾਂ ਸਣੇ ਘੱਟੋ-ਘੱਟ ਛੇ ਕਤਲ ਕੇਸਾਂ ਵਿੱਚ ਲੋੜੀਂਦਾ ਸੀ। ਪੁਲੀਸ ਟੀਮਾਂ ਨੇ ਉਸ ਦੇ ਕਬਜ਼ੇ ’ਚੋਂ .30 ਬੋਰ ਅਤੇ .32 ਬੋਰ ਦੀਆਂ ਦੋ ਪਿਸਤੌਲਾਂ, ਦੋ ਮੈਗਜ਼ੀਨਾਂ ਅਤੇ 10 ਕਾਰਤੂਸ ਬਰਾਮਦ ਕੀਤੇ। ਇਸ ਤੋਂ ਇਲਾਵਾ ਉਸ ਦਾ ਬਿਨਾਂ ਰਜਿਸਟਰੇਸ਼ਨ ਨੰਬਰ ਪਲੇਟ ਵਾਲਾ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਜਲੰਧਰ ਦੀਆਂ ਟੀਮਾਂ ਨੇ ਜਲੰਧਰ ਦੇ ਬਾਹਰਵਾਰੋਂ ਉਸ ਨੂੰ ਮੋਟਰਸਾਈਕਲ ਸਣੇ ਕਾਬੂ ਕਰ ਲਿਆ। ਕਾਊਂਟਰ ਇੰਟੈਲੀਜੈਂਸ ਵਿੰਗ ਦੇ ਏਆਈਜੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਪੁੱਛ-ਪੜਤਾਲ ਦੌਰਾਨ ਜੱਸਾ ਹੈਪੋਵਾਲ ਨੇ ਛੇ ਕਤਲ ਕੇਸਾਂ ਅਤੇ ਇਰਾਦਾ ਕਤਲ, ਕਾਰ ਖੋਹਣ ਅਤੇ ਵੈਸਟਰਨ ਯੂਨੀਅਨ ਮਨੀ ਟਰਾਂਸਫਰ ਵਾਲਿਆਂ ਨੂੰ ਲੁੱਟਣ ਸਮੇਤ ਹੋਰ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਹੋਣ ਦੀ ਗੱਲ ਕਬੂਲੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ।