ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 1 ਜੂਨ
ਘੱਲੂਘਾਰਾ ਹਫ਼ਤੇ ਦੀ ਆਰੰਭਤਾ ਮੌਕੇ ਅੱਜ ਸ਼੍ਰੋਮਣੀ ਕਮੇਟੀ ਨੇ ਐਲਾਨ ਕੀਤਾ ਕਿ ਜੂਨ 1984 ਵਿੱਚ ਸਾਕਾ ਨੀਲਾ ਤਾਰਾ ਫ਼ੌਜੀ ਹਮਲੇ ਸਮੇਂ ਸ੍ਰੀ ਦਰਬਾਰ ਸਾਹਿਬ ਵਿਖੇ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਇਸ ਵਾਰ ਵੀ 2 ਤੋਂ 5 ਜੂਨ ਤੱਕ ਸੰਗਤ ਦੇ ਦਰਸ਼ਨਾਂ ਲਈ ਰੱਖਿਆ ਜਾਵੇਗਾ। ਇਸ ਦੌਰਾਨ ਪੁਲੀਸ ਨੇ ਸ਼ਹਿਰ ਵਿੱਚ 10 ਜੂਨ ਤੱਕ ਕਿਸੇ ਵੀ ਕਿਸਮ ਦਾ ਹਥਿਆਰ ਨਾਲ ਲੈ ਕੇ ਚੱਲਣ ’ਤੇ ਪਾਬੰਦੀ ਲਗਾਈ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਜੂਨ 1984 ਵਿੱਚ ਹੋਇਆ ਫ਼ੌਜੀ ਹਮਲਾ ਸਿੱਖ ਮਾਨਸਿਕਤਾ ਦਾ ਹਿੱਸਾ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਫ਼ੌਜੀ ਹਮਲੇ ਦੌਰਾਨ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ 2 ਜੂਨ ਤੋਂ 5 ਜੂਨ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸੁਸ਼ੋਭਿਤ ਕੀਤਾ ਜਾਵੇਗਾ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਆਖਿਆ ਕਿ ਜੂਨ 1984 ’ਚ ਉਸ ਵੇਲੇ ਦੀ ਕਾਂਗਰਸ ਸਰਕਾਰ ਵੱਲੋਂ ਕਰਵਾਏ ਗਏ ਫ਼ੌਜੀ ਹਮਲੇ ਦੌਰਾਨ ਵੱਡੀ ਗਿਣਤੀ ਵਿੱਚ ਸਿੱਖ ਸ਼ਹੀਦ ਹੋਏ ਸਨ। ਇਨ੍ਹਾਂ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ 6 ਜੂਨ ਨੂੰ ਸ਼ਹੀਦੀ ਸਮਾਗਮ ਮਨਾਇਆ ਜਾਵੇਗਾ। ਉਨ੍ਹਾਂ ਨੇ ਸਮੁੱਚੀ ਕੌਮ ਨੂੰ ਇਹ ਦਿਵਸ ਇਕਜੁੱਟਤਾ ਨਾਲ ਮਨਾਉਣ ਦੀ ਅਪੀਲ ਕਰਦਿਆਂ ਆਖਿਆ ਕਿ ਇਹ ਦਿਹਾੜਾ ਸਿੱਖ ਕੌਮ ਲਈ ਕਦੇ ਨਾ ਭੁਲਾਇਆ ਜਾਣ ਵਾਲਾ ਦੁਖਾਂਤ ਹੈ ਅਤੇ ਇਸ ਮੌਕੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਸਮੇਂ ਸੰਜੀਦਗੀ, ਸੁਹਿਰਦਤਾ ਅਤੇ ਗਹਿਰ-ਗੰਭੀਰਤਾ ਬੇਹੱਦ ਜ਼ਰੂਰੀ ਹੈ।