ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 5 ਅਪਰੈਲ
ਸੂਬੇ ਦੇ ਪੇਂਡੂ ਖੇਤਰਾਂ ਵਿਚਲੇ ਘਰਾਂ ਨੂੰ ਸਾਫ਼ ਤੇ ਪੀਣ-ਯੋਗ ਪਾਣੀ ਦੀ ਸਪਲਾਈ ਮੁਹੱਈਆ ਕਰਵਾਉਣ ਲਈ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦੂਸ਼ਿਤ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਾਰੀਆਂ ਪਾਣੀ ਦੀਆਂ ਟੈਂਕੀਆਂ ਦੀ ਸਮੇਂ ਸਿਰ ਸਫਾਈ ਯਕੀਨੀ ਬਣਾਈ ਜਾਵੇ। ਅੱਜ ਇੱਥੇ ਮਗਸੀਪਾ, ਸੈਕਟਰ-26, ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਘਰ ਨੂੰ ਟੂਟੀ ਵਾਲਾ ਸਾਫ ਤੇ ਪੀਣ-ਯੋਗ ਪਾਣੀ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੰਤਰੀ ਨੇ ਅਧਿਕਾਰੀਆਂ ਨੂੰ ਗਰਮੀ ਦੇ ਦਿਨਾਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਦੀ ਕਮੀ ਨਾਲ ਨਜਿੱਠਣ ਲਈ ਵਾਧੂ ਮਸ਼ੀਨਰੀ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਗੰਭੀਰਤਾ ਨਾਲ ਯਕੀਨੀ ਬਣਾਇਆ ਜਾਵੇ ਕਿ ਪੇਂਡੂ ਖੇਤਰਾਂ ਵਿੱਚ ਪਾਣੀ ਦੀ ਸਪਲਾਈ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪਾਣੀ ਦਾ ਪ੍ਰੈੱਸ਼ਰ ਵੀ ਪੂਰਾ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਜਲ ਸਪਲਾਈ ਸਬੰਧੀ ਲੀਕੇਜ ਅਤੇ ਹੋਰ ਸ਼ਿਕਾਇਤਾਂ ਦਾ ਵੀ ਬਿਨਾਂ ਦੇਰੀ ਨਿਪਟਾਰਾ ਕੀਤਾ ਜਾਵੇ।
ਮੰਤਰੀ ਦਾ ਸਵਾਗਤ ਕਰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ ਨੇ ਮੰਤਰੀ ਨੂੰ ਸੂਬੇ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀਆਂ ਮੁੱਖ ਗਤੀਵਿਧੀਆਂ, ਪਹਿਲਕਦਮੀਆਂ ਅਤੇ ਚੱਲ ਰਹੇ ਪ੍ਰਾਜੈਕਟਾਂ ਬਾਰੇ ਜਾਣੂ ਕਰਵਾਇਆ। ਮੀਟਿੰਗ ਵਿੱਚ ਮੁੱਖ ਇੰਜਨੀਅਰਾਂ, ਸੁਪਰਡੈਂਟ ਇੰਜਨੀਅਰਾਂ ਤੇ ਸੀਨੀਅਰ ਸਲਾਹਕਾਰ (ਵਾਟਰ ਕੁਆਲਿਟੀ) ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।
ਕੈਪਸ਼ਨ: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।