ਸੰਜੀਵ ਬੱਬੀ
ਚਮਕੌਰ ਸਾਹਿਬ, 8 ਅਕਤੂਬਰ
ਮਾਲ ਵਿਭਾਗ ਵੱਲੋਂ ਪਿੰਡ ਖੋਖਰਾ ਵਿੱਚ ਚਾਈਨਾ ਵਾਇਰਸ ਨਾਲ ਨੁਕਸਾਨੇ ਗਏ ਝੋਨੇ ਦੀ ਗਿਰਦਾਵਰੀ ਸ਼ੁਰੂ ਕਰ ਦਿੱਤੀ ਗਈ ਹੈ। ਕਿਸਾਨ ਆਗੂ ਬਾਈ ਹਰਜਿੰਦਰ ਸਿੰਘ ਜਿੰਦੂ ਨੇ ਦੱਸਿਆ ਕਿ ਪਿੰਡ ਵਿਚ ਚਾਈਨਾ ਵਾਇਰਸ ਨਾਲ ਜਿੱਥੇ ਝੋਨੇ ਦੀ ਫਸਲ ਤਬਾਹ ਹੋ ਗਈ ਹੈ, ਉੱਥੇ ਹੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਮੇਂ ਸਿਰ ਵਾਇਰਸ ਨੂੰ ਕਾਬੂ ਕਰਨ ਲਈ ਠੋਸ ਕਦਮ ਨਹੀਂ ਚੁੱਕੇ ਗਏ। ਉਨ੍ਹਾਂ ਦੱਸਿਆ ਕਿ ਕਿਸਾਨਾਂ ਵੱਲੋਂ ਝੋਨੇ ਦੀ ਫਸਲ ਨੂੰ ਬਿਮਾਰੀ ਤੋਂ ਬਚਾਉਣ ਲਈ ਮਹਿੰਗੇ ਭਾਅ ਦੀਆਂ ਦਵਾਈਆਂ ਦੀ ਸਪਰੇਅ ਵੀ ਕਰਵਾਈ ਗਈ ਪਰ ਝੋਨੇ ਦੀ ਫਸਲ ਫਿਰ ਵੀ ਨੁਕਸਾਨੀ ਗਈ, ਜਿਸ ਕਾਰਨ ਕਿਸਾਨ ਹੋਰ ਵੀ ਕਰਜ਼ਈ ਹੋ ਗਿਆ ਹੈ। ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਜਿਹੜੇ ਕਿਸਾਨਾਂ ਦੀ ਝੋਨੇ ਦੀ ਫਸਲ ਨੁਕਸਾਨੀ ਗਈ ਹੈ, ਉਨ੍ਹਾਂ ਨੂੰ ਵੱਧ ਤੋਂ ਵੱਧ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਜਤਿੰਦਰਪਾਲ ਸਿੰਘ, ਲਖਵਿੰਦਰ ਸਿੰਘ, ਸਵਰਨ ਸਿੰਘ, ਨਛੱਤਰ ਸਿੰਘ ਅਤੇ ਸੁਖਵੀਰ ਸਿੰਘ ਆਦਿ ਹਾਜ਼ਰ ਸਨ।