ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 1 ਨਵੰਬਰ
ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸਰਕਾਰ ਵੱਲੋਂ ਬਾਹਰੀ ਸੂਬਿਆਂ ਦੇ ਵਿਦਿਆਰਥੀਆਂ ਨੂੰ ਪੰਜਾਬ ਵਿੱਚ ਸਰਕਾਰੀ ਨੌਕਰੀ ਦੇਣ ਦੀ ਦਿੱਤੀ ਖੁੱਲ੍ਹ ’ਤੇ ਚਿੰਤਾ ਜ਼ਾਹਰ ਕੀਤੀ ਹੈ। ਵਿਧਾਇਕ ਬੈਂਸ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਕਿ ਉਹ ਇਸ ਮੁੱਦੇ ’ਤੇ ਗੰਭੀਰਤਾ ਨਾਲ ਵਿਚਾਰ ਕਰਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੇਰੁਜ਼ਗਾਰਾਂ ਲਈ ਵੱਖ-ਵੱਖ ਵਿਭਾਗਾਂ ਵਿਚ ਸਰਕਾਰੀ ਨੌਕਰੀਆਂ ਕੱਢ ਰਹੀ ਹੈ, ਜੋ ਕਿ ਬਹੁਤ ਚੰਗੀ ਗੱਲ ਹੈ। ਇਸ ਸਬੰਧੀ ਚਿੰਤਾ ਵਾਲੀ ਗੱਲ ਇਹ ਹੈ ਕਿ ਜਿੰਨੇ ਵੀ ਨਤੀਜੇ ਆ ਰਹੇ ਹਨ, ਉਨ੍ਹਾਂ ਵਿੱਚੋਂ 70 ਫ਼ੀਸਦ ਤੱਕ ਸਰਕਾਰੀ ਨੌਕਰੀਆਂ ਬਾਹਰਲੇ ਸੂਬਿਆਂ ਦੇ ਵਿਦਿਆਰਥੀ ਹਾਸਲ ਕਰ ਰਹੇ ਹਨ। ਇਸ ਨਾਲ ਪੰਜਾਬ ਦਾ ਵਿਦਿਆਰਥੀ ਬੇਰੁਜ਼ਗਾਰ ਹੀ ਰਹਿ ਰਿਹਾ ਹੈ, ਇਹ ਸਿੱਧੇ ਤੌਰ ’ਤੇ ਪੰਜਾਬ ਦੇ ਵਿਦਿਆਰਥੀ ਵਰਗ ਅਤੇ ਨੌਜਵਾਨੀ ਨਾਲ ਧੱਕਾ ਹੈ। ਵਿਧਾਇਕ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਾਹਰਲੇ ਸੂਬਿਆਂ ਦੇ ਵਿਦਿਆਰਥੀਆਂ ਨੂੰ ਪੰਜਾਬ ਵਿੱਚ ਨੌਕਰੀਆਂ ਲੈਣ ਦੀ ਖੁੱਲ੍ਹੀ ਛੋਟ ਦਿੱਤੀ ਹੋਈ ਹੈ ਜਦੋਂਕਿ ਦੂਜੇ ਸੂਬੇ ਛੱਤੀਸਗੜ੍ਹ, ਹਿਮਾਚਲ ਪ੍ਰਦੇਸ਼ ਆਦਿ ਵਿਚ ਨੌਕਰੀ ਪ੍ਰਾਪਤ ਕਰਨ ਲਈ, ਉਥੋਂ ਦਾ ਰਿਹਾਇਸ਼ੀ ਸਰਟੀਫਿਕੇਟ ਹੋਣਾ ਜ਼ਰੂਰੀ ਹੈ। ਇਸ ਕਾਰਨ ਪੰਜਾਬ ਦੇ ਵਿਦਿਆਰਥੀ ਦੂਜੇ ਸੂਬਿਆਂ ਵਿਚ ਨੌਕਰੀ ਪ੍ਰਾਪਤ ਨਹੀਂ ਕਰ ਸਕਦੇ ਅਤੇ ਉਹ ਬੇਰੁਜ਼ਗਾਰ ਹੀ ਰਹਿ ਜਾਂਦੇ ਹਨ।