ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 19 ਜੂਨ
ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਅੱਜ ਇੱਥੇ ਸ੍ਰੀ ਅਕਾਲ ਤਖਤ ਦੇ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇਕ ਪੱਤਰ ਦੇ ਕੇ ਦੋਸ਼ ਲਾਇਆ ਕਿ ਦਿੱਲੀ ਕਮੇਟੀ ਦੇ ਮੌਜੂਦਾ ਪ੍ਰਬੰਧਕਾਂ ਵੱਲੋਂ ਸਿਆਸੀ ਮੁਫਾਦਾਂ ਤਹਿਤ ਉਸ ਦੀ ਦਿੱਲੀ ਕਮੇਟੀ ਦੀ ਮੈਂਬਰਸ਼ਿਪ ਖਤਮ ਕਰਨ ਦਾ ਯਤਨ ਕੀਤਾ ਗਿਆ ਸੀ, ਇਸ ਲਈ ਕਮੇਟੀ ਦੇ ਮੌਜੂਦਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਹਰਮੀਤ ਸਿੰਘ ਕਾਲਕਾ ਨੂੰ ਸ੍ਰੀ ਅਕਾਲ ਤਖਤ ਵਿਖੇ ਤਲਬ ਕਰਕੇ ਉਸ ਖ਼ਿਲਾਫ਼ ਪੰਥਕ ਰਵਾਇਤਾਂ ਮੁਤਾਬਿਕ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਜਾਗੋ ਪਾਰਟੀ ਦੇ ਮੈਂਬਰ ਅਤੇ ਦਿੱਲੀ ਕਮੇਟੀ ਦੇ ਮੈਂਬਰ ਚਮਨ ਸਿੰਘ ਨੇ ਵੱਖਰੇ ਤੌਰ ’ਤੇ ਵੀ ਸ੍ਰੀ ਸਿਰਸਾ ਖ਼ਿਲਾਫ਼ ਇਕ ਪੱਤਰ ਇਥੇ ਸੌਂਪਿਆ ਅਤੇ ਗੰਭੀਰ ਦੋਸ਼ ਲਾਏ ਹਨ। ਦੂਜੇ ਪਾਸੇ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਜੀਕੇ ਵੱਲੋਂ ਲਾਏ ਗਏ ਦੋਸ਼ਾਂ ਨਕਾਰਦਿਆਂ ਬੇਬੁਨਿਆਦ ਦੱਸਿਆ।