ਗੁਰਦੀਪ ਸਿੰਘ ਲਾਲੀ
ਸੰਗਰੂਰ, 31 ਮਈ
ਇੱਥੋਂ ਦੇ ਗੁਰੂ ਰਵਿਦਾਸ ਗੁਰਦੁਆਰੇ ਵਿਖੇ ਕਰੀਬ ਇੱਕ ਹਫ਼ਤਾ ਪਹਿਲਾਂ ਆਉਣ ਵਾਲੇ ਸਮੇਂ ਵਿੱਚ ‘ਦਲਿਤ ਸਮਾਜ ’ਚੋਂ ਮੁੱਖ ਮੰਤਰੀ ਹੋਣ’ ਲਈ ਕੀਤੀ ਗਈ ਅਰਦਾਸ ਦਾ ਮਾਮਲਾ ਭਖ਼ ਗਿਆ ਹੈ। ਜਿੱਥੇ ਗੁਰਦੁਆਰੇ ਦੀ ਪ੍ਰਬੰਧਕ ਕਮੇਟੀ ਨੇ ਅਰਦਾਸ ਕਰਨ ਵਾਲੇ ਗ੍ਰੰਥੀ ਨੂੰ ਨੌਕਰੀ ਤੋਂ ਫਾਰਗ ਕਰ ਦਿੱਤਾ ਹੈ, ਉੱਥੇ ਹੀ ਭਾਜਪਾ ਐੱਸ.ਸੀ. ਮੋਰਚੇ ਨੇ ਕਮੇਟੀ ਦੇ ਇਸ ਫ਼ੈਸਲੇ ’ਤੇ ਸਵਾਲ ਉਠਾਉਂਦਿਆਂ ਇਸ ਨੂੰ ਗ੍ਰੰਥੀ ਨਾਲ ਧੱਕੇਸ਼ਾਹੀ ਕਰਾਰ ਦਿੱਤਾ ਹੈ।
ਭਾਜਪਾ ਦੇ ਸੀਨੀਅਰ ਦਲਿਤ ਆਗੂ ਤੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਜੋਗੀ ਰਾਮ ਸਾਹਨੀ ਨੇ ਅੱਜ ਭਾਜਪਾ ਐੱਸ.ਸੀ. ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਸਿੱਧੂ, ਭਾਜਪਾ ਜ਼ਿਲ੍ਹਾ ਉਪ ਪ੍ਰਧਾਨ ਸੁਰੇਸ਼ ਬੇਦੀ ਅਤੇ ਨਿਰਭੈ ਸਿੰਘ ਦੀ ਮੌਜੂਦਗੀ ਵਿੱਚ ਕਿਹਾ ਕਿ ਗ੍ਰੰਥੀ ਨੇ ਅਰਦਾਸ ਕਰ ਕੇ ਕੁਝ ਵੀ ਗ਼ਲਤ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਦਲਿਤ ਸਮਾਜ ਨੂੰ ਬਣਦਾ ਹੱਕ ਮਿਲਣਾ ਚਾਹੀਦਾ ਹੈ ਕਿਉਂਕਿ ਆਜ਼ਾਦੀ ਤੋਂ ਬਾਅਦ ਪੰਜਾਬ ’ਚ ਦਲਿਤ ਭਾਈਚਾਰੇ ਦੀ ਸਭ ਤੋਂ ਵੱਧ ਅਬਾਦੀ ਹੋਣ ਦੇ ਬਾਵਜੂਦ ਮੁੱਖ ਮੰਤਰੀ ਤਾਂ ਦੂਰ ਦੀ ਗੱਲ, ਸਗੋਂ ਕਦੇ ਉਪ ਮੁੱਖ ਮੰਤਰੀ ਵੀ ਨਹੀਂ ਬਣਾਇਆ ਗਿਆ। ਉਨ੍ਹਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਗ੍ਰੰਥੀ ਨੂੰ ਬਹਾਲ ਕਰਨ ਦੀ ਮੰਗ ਕੀਤੀ। ਉਧਰ, ਸਿੱਖ ਜਥੇਬੰਦੀਆਂ ਨੇ ਇੱਕ ਸਿਆਸੀ ਜਮਾਤ ਵੱਲੋਂ ਗੁਰੂ ਘਰ ’ਚ ਅਰਦਾਸ ਕਰਵਾ ਕੇ ਇਸ ਨੂੰ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੀ ਘਟਨਾ ਨੂੰ ਸਾਜ਼ਿਸ਼ ਕਰਾਰ ਦਿੱਤਾ ਹੈ। ਸਿੱਖ ਸਦਭਾਵਨਾ ਦਲ ਦੇ ਜ਼ਿਲ੍ਹਾ ਜਥੇਦਾਰ ਭਾਈ ਬਚਿੱਤਰ ਸਿੰਘ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਪੰਜਾਬ ਦੇ ਮਾਹੌਲ ਨੂੰ ਵਿਗਾੜਨ ਦੀ ਸਾਜ਼ਿਸ਼ ਹੈ।
ਗੁਰਦੁਆਰੇ ਦੀ ਪ੍ਰਬੰਧਕ ਕਮੇਟੀ ਦੇ ਇੱਕ ਅਹੁਦੇਦਾਰ ਨੇ ਨਾਮ ਨਾ ਛਾਪਣ ਦੀ ਸ਼ਰਤ ’ਤੇ ਅਰਦਾਸ ਕਰਨ ਵਾਲੇ ਗ੍ਰੰਥੀ ਨੂੰ ਹਟਾਉਣ ਦੀ ਪੁਸ਼ਟੀ ਕੀਤੀ ਹੈ।