ਪੱਤਰ ਪ੍ਰੇਰਕ
ਐੱਸਏਐਸ ਨਗਰ (ਮੁਹਾਲੀ), 13 ਅਕਤੂਬਰ
ਇੱਥੇ ਅੱਜ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਤੇ ਪਿੰਡਾਂ ਦੇ ਵਿਕਾਸ ਲਈ ਚੰਗੇ ਲੋਕਾਂ ਦਾ ਅੱਗੇ ਆਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਚਾਇਤ ਚੋਣਾਂ ਬਿਲਕੁਲ ਨਿਰਪੱਖ ਹੋਣਗੀਆਂ, ਇਸ ਵਿੱਚ ਕਿਸੇ ਵੀ ਰਾਜਸੀ ਪਾਰਟੀ ਦਾ ਕੋਈ ਦਬਾਅ ਨਹੀਂ ਹੋਵੇਗਾ। ਸਾਰਿਆਂ ਨੂੰ ਪਾਰਟੀਬਾਜ਼ੀ ਤੋਂ ਉੱਤੇ ਉੱਠ ਕੇ ਪੰਚਾਇਤ ਦੀ ਚੋਣ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਚਾਇਤੀ ਰਾਜ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਚਾਹੁੰਦੀ ਹੈ, ਜਿਸ ਲਈ ਸੂਝਵਾਨ ਅਤੇ ਇਮਾਨਦਾਰ ਲੋਕਾਂ ਦਾ ਅੱਗੇ ਆਉਣਾ ਜ਼ਰੂਰੀ ਹੈ।