ਸੁਖਦੇਵ ਸਿੰਘ ਸੁੱਖ
ਅਜਨਾਲਾ, 21 ਅਗਸਤ
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬੇ ਦੇ ਪੇਂਡੂ ਖੇਤਰਾਂ ਤੇ ਮੁੱਖ ਮਾਰਗਾਂ ਲਈ ਸਰਕਾਰੀ ਬੱਸਾਂ ਦੇ ਬੰਦ ਪਏ ਪਰਮਿਟ ਜਲਦ ਹੀ ਬਹਾਲ ਕਰਕੇ ਲੋਕਾਂ ਨੂੰ ਸਰਕਾਰੀ ਬੱਸਾਂ ਦੀ ਸਹੂਲਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸਰਕਾਰੀ ਬੱਸਾਂ ਦੀ ਥਾਂ ਸੂਬੇ ਅੰਦਰ ਨਿੱਜੀ ਬੱਸਾਂ ਚਲਾਉਣ ਨੂੰ ਹੀ ਅਹਿਮੀਅਤ ਦਿੱਤੀ ਗਈ। ਕੈਬਨਿਟ ਮੰਤਰੀ ਅੱਜ ਹਲਕਾ ਅਜਨਾਲਾ ਦੇ ਸਰਹੱਦੀ ਪਿੰਡ ਗਾਲਬਿ ਵਿਚ ਨਿੱਜੀ ਦੌਰੇ ’ਤੇ ਆਏ ਸਨ। ਉਨ੍ਹਾਂ ਦੱਸਿਆ ਸੂਬੇ ਦਾ ਕੋਈ ਵੀ ਰੂਟ ਸਰਕਾਰੀ ਬੱਸਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ ਕਿਉਂਕਿ ਪਿਛਲੇ ਸਮੇਂ ਦੌਰਾਨ ਸਰਕਾਰੀ ਬੱਸਾਂ ਦੀ ਘਾਟ ਕਾਰਨ ਆਮ ਲੋਕਾਂ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਵੀ ਸਰਕਾਰੀ ਸੇਵਾ ਤੋਂ ਵਾਂਝੇ ਰਹਿਣਾ ਪਿਆ ਸੀ। ਉਸ ਵੇਲੇ ਪ੍ਰਾਈਵੇਟ ਬੱਸਾਂ ਵਾਲੇ ਮਨਮਰਜ਼ੀਆਂ ਕਰਦੇ ਰਹੇ ਜਿਸ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਵੀ ਪ੍ਰਭਾਵਿਤ ਹੋਈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਉਹ ਕਾਮੇ ਹੀ ਪੱਕੇ ਕੀਤੇ ਜਾਣਗੇ ਜਿਨ੍ਹਾਂ ਦੀ ਚੋਣ ਵਿਭਾਗੀ ਨਿਯਮਾਂ ਤੇ ਮਾਪਦੰਡਾਂ ਅਨੁਦਾਰ ਪੂਰੇ ਪਾਰਦਰਸ਼ੀ ਤਰੀਕੇ ਨਾਲ ਹੋਈ ਹੋਵੇਗੀ। ਟਰਾਂਸਪੋਰਟ ਮੰਤਰੀ ਨੇ ਦਾਅਵਾ ਕਰਦਿਆਂ ਕਿਹਾ ਕਿ ਸੂਬੇ ਦੇ ਲੋਕ ‘ਆਪ’ ਸਰਕਾਰ ਤੋਂ ਖੁਸ਼ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਜਾਣਗੀਆਂ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਰਣਦੀਪ ਸਿੰਘ ਗਾਲਬਿ ਦੀ ਅਗਵਾਈ ’ਚ ਕੈਬਨਿਟ ਮੰਤਰੀ ਦਾ ਸਨਮਾਨ ਵੀ ਕੀਤਾ ਗਿਆ।