ਕੁਲਦੀਪ ਸਿੰਘ
ਚੰਡੀਗੜ੍ਹ, 7 ਮਾਰਚ
ਔਰਤਾਂ ਨੂੰ ਮੁਫ਼ਤ ਬੱਸ ਸੇਵਾ ਮੁਹੱਈਆ ਕਰਵਾਉਣ ਉਪਰੰਤ ‘ਪਨਬੱਸ’ ਦਾ ਖਜ਼ਾਨਾ ਇੰਨਾ ਖਾਲੀ ਹੋ ਚੁੱਕਾ ਹੈ ਕਿ ਡੀਜ਼ਲ ਵਾਸਤੇ ਪੈਸਾ ਨਾ ਹੋਣ ਕਰਕੇ ਬੱਸਾਂ ਬੰਦ ਹੋਣ ਕਿਨਾਰੇ ਪਹੁੰਚ ਗਈਆਂ ਹਨ ਤੇ ਵਿਭਾਗ ਕੋਲ ਮੁਲਾਜ਼ਮਾਂ ਦੀਆਂ ਤਨਖਾਹਾਂ ਦੇਣ ਲਈ ਵੀ ਪੈਸਾ ਨਹੀਂ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਰਕਾਰ ਨੇ ਔਰਤਾਂ ਦੇ ਮੁਫ਼ਤ ਸਫ਼ਰ ਲਈ 1 ਕਰੋੜ 70 ਲੱਖ ਰੁਪਏ ਦਾ ਬਜਟ ਰੱਖਿਆ ਸੀ ਜਿਹੜਾ ਕਿ ਲਗਭਗ 2 ਮਹੀਨੇ ਵਿੱਚ ਹੀ ਪੂਰਾ ਹੋ ਗਿਆ ਸੀ। ਹੁਣ ਵਿਭਾਗ ਦੇ ਹਾਲਾਤ ਅਜਿਹੇ ਬਣ ਗਏ ਹਨ ਕਿ ਪਨਬੱਸ ਕੋਲ ਤਨਖਾਹ ਦੇਣ ਦੀ ਗੱਲ ਤਾਂ ਬਹੁਤ ਦੂਰ ਬਲਕਿ ਆਪਣੀਆਂ ਬੱਸਾਂ ’ਚ ਡੀਜ਼ਲ ਪਵਾਉਣ ਲਈ ਵੀ ਪੈਸੇ ਨਹੀਂ ਹਨ। ਦੂਜੇ ਪਾਸੇ ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸੈਕਟਰੀ ਬਲਜੀਤ ਸਿੰਘ ਗਿੱਲ, ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ, ਜੁਆਇੰਟ ਸਕੱਤਰ, ਜਗਤਾਰ ਸਿੰਘ ਨੇ ਕਿਹਾ ਕਿ ਮੁਫ਼ਤ ਸਫ਼ਰ ਨਾਲ ਵਿਭਾਗ ਦੀ ਕਮਾਈ ਬਹੁਤ ਜ਼ਿਆਦਾ ਘਟ ਗਈ ਹੈ ਕਿਉਂਕਿ ਮੁਲਾਜ਼ਮਾਂ ਨੂੰ ਤਨਖਾਹਾਂ ਨਹੀਂ ਮਿਲ ਰਹੀਆਂ। ਇਸ ਤੋਂ ਇਲਾਵਾ ਸਰਕਾਰ ਕਾਮਿਆਂ ਦੀਆਂ ਹੋਰ ਮੰਗਾਂ ਮੰਨਣ ਤੋਂ ਵੀ ਚੁੱਪ ਬੈਠੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਜਾਂ ਮੈਨੇਜਮੈਂਟ ਵੱਲੋਂ ਮੁਲਾਜ਼ਮਾਂ ਦੀਆਂ ਤਨਖਾਹਾਂ ਦੇਣ, ਵਿਭਾਗ ਵਿੱਚ ਭ੍ਰਿਸ਼ਟਾਚਾਰ ਰੋਕਣ, ਸੰਘਰਸ਼ ਦੌਰਾਨ ਕੱਢੇ ਕਾਮਿਆਂ ਨੂੰ ਬਹਾਲ ਕਰਨ ਸਮੇਤ ਹੋਰਨਾਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਂਦੇ ਦਿਨਾਂ ਵਿੱਚ ਪੰਜਾਬ ਦੇ ਸਾਰੇ ਪਨਬੱਸ ਅਤੇ ਪੀਆਰਟੀਸੀ ਦੇ ਡਿੱਪੂ ਬੰਦ ਕਰਕੇ ਤਿੱਖਾ ਸੰਘਰਸ਼ ਕੀਤਾ ਜਾਵੇਗਾ।