ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਜੁਲਾਈ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁਫਤ ਬਿਜਲੀ ਦੇ ਨਾਂ ’ਤੇ ਪੰਜਾਬ ਦੇ ਲੋਕਾਂ ਨਾਲ ਧੋਖਾ ਕਰਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮੁਫ਼ਤ ਬਿਜਲੀ ਦੇਣ ਲਈ ਕਈ ਸ਼ਰਤਾਂ ਲਗਾਈਆਂ ਹਨ। ਇਸ ਤਰ੍ਹਾਂ ਸਰਕਾਰ ਨੇ ਅਸਲ ਵਿੱਚ ਪੰਜਾਬ ਦੀ ਬਹੁਗਿਣਤੀ ਆਬਾਦੀ ਨੂੰ ਇਸ ਲਾਭ ਤੋਂ ਵਾਂਝਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਆਮਦਨ ਕਰ ਦਾਤਾ, ਪੈਨਸ਼ਨਰ ਜਾਂ ਸਰਕਾਰੀ ਮੁਲਾਜ਼ਮ ਦਾ ਪਰਿਵਾਰ ਮੁਫ਼ਤ ਬਿਜਲੀ ਦਾ ਹੱਕਦਾਰ ਨਹੀਂ ਹੋਵੇਗਾ।
ਸ੍ਰੀ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਤੁਸੀਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਅਤੇ ਸਰਕਾਰ ਬਣਨ ਤੋਂ ਬਾਅਦ ਕੀਤੇ ਐਲਾਨ ਵਿੱਚ ਅਜਿਹਾ ਨਹੀਂ ਕਿਹਾ ਸੀ। ਇਹ ਪੰਜਾਬ ਦੇ ਲੋਕਾਂ ਨਾਲ ਬਹੁਤ ਵੱਡਾ ਧੋਖਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੱਡੇ-ਵੱਡੇ ਝੂਠ ਬੋਲ ਰਹੇ ਹਨ ਕਿ ਪੰਜਾਬ ਦੇ ਲੋਕਾਂ ਨੂੰ 600 ਯੂਨਿਟ ਮੁਫਤ ਬਿਜਲੀ ਮਿਲ ਰਹੀ ਹੈ ਅਤੇ ਜੇ ਇਨ੍ਹਾਂ ਸੂਬਿਆਂ ਵਿੱਚ ਵੀ ‘ਆਪ’ ਦੀ ਸਰਕਾਰ ਬਣ ਜਾਂਦੀ ਹੈ ਤਾਂ ਇੱਥੋਂ ਦੇ ਲੋਕਾਂ ਨੂੰ ਵੀ ਮੁਫ਼ਤ ਬਿਜਲੀ ਮਿਲੇਗੀ।
ਕਾਂਗਰਸ ਪ੍ਰਧਾਨ ਨੇ ‘ਆਪ’ ਆਗੂਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਅਸੀਂ ਇਨ੍ਹਾਂ ਦੋਵਾਂ ਸੂਬਿਆਂ ਵਿੱਚ ਤੁਹਾਡੇ ਝੂਠ ਦਾ ਪਰਦਾਫਾਸ਼ ਕਰਾਂਗੇ ਕਿ ਕਿਵੇਂ ਤੁਸੀਂ ਪਹਿਲਾਂ ਵੱਡੇ-ਵੱਡੇ ਵਾਅਦੇ ਕਰਕੇ ਅਤੇ ਫਿਰ ਸਖ਼ਤ ਸ਼ਰਤਾਂ ਲਾ ਕੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਪਣੇ ਵਿਚਾਰਧਾਰਕ ਗੁਰੂਆਂ ਤੋਂ ‘ਜੁਮਲੇਬਾਜ਼ੀ ਸੱਭਿਆਚਾਰ’ ਗ੍ਰਹਿਣ ਕੀਤਾ ਜਾਪਦਾ ਹੈ।