ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 28 ਮਈ
ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਅੰਦਰ ਸਿੱਖਾਂ ਨੂੰ ਧਮਕੀਆਂ ਮਿਲਣ ਦੀਆਂ ਖ਼ਬਰਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪਾਕਿਸਤਾਨ ਸਰਕਾਰ ਦੇਸ਼ ਅੰਦਰ ਘੱਟਗਿਣਤੀ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ। ਇੱਕ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਵੀਰਵਾਰ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਪਾਕਿਸਤਾਨ ਅੰਦਰ ਸਿੱਖਾਂ ਨੂੰ ਤਾਲਿਬਾਨ ਵੱਲੋਂ ਧਮਕੀਆਂ ਮਿਲ ਰਹੀਆਂ ਹਨ। ਇਹ ਬੇਹੱਦ ਚਿੰਤਾ ਵਾਲੀ ਗੱਲ ਹੈ, ਜਿਸ ’ਤੇ ਪਾਕਿਸਤਾਨ ਸਰਕਾਰ ਨੂੰ ਸੰਜੀਦਾ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ’ਚ ਵਸਦੇ ਸਿੱਖ ਭਾਈਚਾਰੇ ਦੀ ਸੁਰੱਖਿਆ ਉਥੋਂ ਦੀ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਧਮਕੀਆਂ ਦੇ ਮਾਮਲੇ ਵਿਚ ਸਖ਼ਤ ਕਾਰਵਾਈ ਕਰੇ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਾਂ ਨੂੰ ਇਹ ਵਿਸ਼ਵਾਸ ਦਿਵਾਏ ਕਿ ਉਹ ਪਾਕਿਸਤਾਨ ਅੰਦਰ ਸੁਰੱਖਿਅਤ ਹਨ।