ਦੇਸ ਰਾਜ
ਸੁਲਤਾਨਪੁਰ ਲੋਧੀ, 22 ਦਸੰਬਰ
ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਕੈਪਟਨ ਹਰਮਿੰਦਰ ਸਿੰਘ ਦੀ ਅਗਵਾਈ ਹੇਠ ਦਾਣਾ ਮੰਡੀ ਸੁਲਤਾਨਪੁਰ ਲੋਧੀ ’ਚ ਰੈਲੀ ਕੀਤੀ ਗਈ, ਜਿਸ ਵਿੱਚ ਉਚੇਚੇ ਤੌਰ ’ਤੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੱਠਜੋੜ ਦੇ ਸਾਂਝੇ ਉਮੀਦਵਾਰ ਨੂੰ ਥਾਪੜਾ ਦਿੱਤਾ।
ਸੁਖਬੀਰ ਨੇ ਕਿਹਾ ਕਿ ਪੰਜਾਬ ਦੀ ਚੰਨੀ ਸਰਕਾਰ ਪੰਜਾਬ ਕਾਂਗਰਸ ਪ੍ਰਧਾਨ ਦੇ ਇਸ਼ਾਰੇ ’ਤੇ ਚੱਲਦੀ ਹੈ ਜਿਸ ਕਰਕੇ ਕਾਂਗਰਸ ਸਰਕਾਰ ਦਾ ਪਿਛਲੇ ਪੰਜ ਸਾਲ ਦਾ ਸਾਰਾ ਜ਼ੋਰ ਬਾਦਲ ਪਰਿਵਾਰ ਨੂੰ ਨੀਵਾਂ ਵਿਖਾਉਣ ’ਤੇ ਲੱਗਾ ਹੋਣ ਕਰਕੇ ਉਸ ਨੇ ਪੰਜਾਬ ਦੇ ਹਿੱਤਾਂ ਵੱਲ ਕਦੇ ਝਾਤ ਨਹੀਂ ਮਾਰੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਪੰਥਕ ਪਾਰਟੀ ਹੈ ਜਿਸ ਨੂੰ ਭਾਜਪਾ, ਦਿੱਲੀ ਸਰਕਾਰ ਤੇ ਪੰਜਾਬ ਦੀ ਕਾਂਗਰਸ ਸਰਕਾਰ ਢਾਹ ਲਾਉਣਾ ਚਾਹੁੰਦੀ ਹੈ ਪਰ ਉਨ੍ਹਾਂ ਦੇ ਮਨਸੂਬੇ ਕਦੇ ਵੀ ਸਫਲ ਨਹੀਂ ਹੋਣਗੇ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਇੱਕ ਕਮਿਸ਼ਨ ਬਿਠਾਇਆ ਜਾਵੇਗਾ, ਜੋ ਝੂਠੇ ਕੇਸ ਦਰਜ ਕਰਨ ਵਾਲੇ ਪੁਲੀਸ ਅਧਿਕਾਰੀਆਂ ’ਤੇ ਕਾਰਵਾਈ ਕਰੇਗਾ ਅਤੇ ਪੁਲੀਸ ਤੋਂ ਅਜਿਹੇ ਕੰਮ ਕਰਵਾਉਣ ਵਾਲੇ ਕਾਂਗਰਸੀਆਂ ਨੂੰ ਸਬਕ ਸਿਖਾਇਆ ਜਾਵੇਗਾ।
ਪੰਜਾਬ ਸਰਕਾਰ ਖ਼ਿਲਾਫ਼ ਭਲਕੇ ਮੁਜ਼ਾਹਰੇ ਕਰੇਗਾ ਅਕਾਲੀ ਦਲ
ਸ੍ਰੀ ਆਨੰਦਪੁਰ ਸਾਹਿਬ (ਪੱਤਰ ਪ੍ਰੇਰਕ): ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਐੱਫਆਈਆਰ ਦੇ ਵਿਰੋਧ ਵਿੱਚ ਜਿੱਥੇ ਸ਼੍ਰੋਮਣੀ ਅਕਾਲੀ ਦਲ ਕਾਨੂੰਨੀ ਪ੍ਰਕਿਰਿਆ ਦਾ ਸਹਾਰਾ ਲਵੇਗਾ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਅਤੇ ਐੱਸ.ਓ.ਆਈ ਵੱਲੋਂ ਜ਼ਿਲ੍ਹਾ ਰੂਪਨਗਰ ਅਤੇ ਫਤਹਿਗੜ੍ਹ ਸਾਹਿਬ ਨੂੰ ਛੱਡ ਕੇ ਸਾਰੇ ਪੰਜਾਬ ਵਿੱਚ 24 ਦਸੰਬਰ ਨੂੰ ਕਾਂਗਰਸ ਸਰਕਾਰ ਖ਼ਿਲਾਫ਼ ਜ਼ਿਲ੍ਹਾ ਪੱਧਰ ’ਤੇ ਰੋਸ ਮੁਜ਼ਾਹਰੇ ਕੀਤੇ ਜਾਣਗੇ। ਉਨ੍ਹਾਂ ਨੇ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ’ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਵਿੱਚ ਅਮਨ ਤੇ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ, ਬੇਅਦਬੀ ਦੇ ਕੇਸਾਂ ਨੂੰ ਹੱਲ ਕਰਨ ’ਚ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ ਅਤੇ ਇਨ੍ਹਾਂ ਵੱਲ ਧਿਆਨ ਦੇਣ ਦੀ ਬਜਾਏ ਸਰਕਾਰ ਆਪਣੇ ਵਿਰੋਧੀਆਂ ਨੂੰ ਨਾਜਾਇਜ਼ ਕੇਸਾਂ ਦੇ ਵਿੱਚ ਫਸਾ ਰਹੀ ਹੈ।