ਪੱਤਰ ਪ੍ਰੇਰਕ
ਚੰਡੀਗੜ੍ਹ, 30 ਸਤੰਬਰ
ਪੰਜਾਬ-ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਫਰੰਟ ਵੱਲੋਂ 24 ਸਤੰਬਰ ਤੋਂ ਸ਼ੁਰੂ ਕੀਤੀ ਗਈ ਲੜੀਵਾਰ ਭੁੱਖ ਹੜਤਾਲ ਕਾਰਨ ਮੁਲਾਜ਼ਮਾਂ ਦੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਮੀਟਿੰਗ ਹੋਣੀ ਤੈਅ ਹੋ ਗਈ ਹੈ। ਪੰਜਾਬ ਸਿਵਲ ਸਕੱਤਰੇਤ ਵਿੱਚ ਭੁੱਖ ਹੜਤਾਲ ’ਤੇ ਬੈਠੇ ਸਾਂਝਾ ਮੁਲਾਜ਼ਮ ਮੰਚ ਦੇ ਕਨਵੀਨਰ ਅਤੇ ਜੁਆਇੰਟ ਐਕਸ਼ਨ ਕਮੇਟੀ ਦੇ ਜਨਰਲ ਸਕੱਤਰ ਸੁਖਚੈਨ ਸਿੰਘ ਖਹਿਰਾ ਨੇ ਦੱਸਿਆ ਕਿ ਵਿੱਤ ਮੰਤਰੀ ਵੱਲੋਂ 7 ਅਕਤੂਬਰ ਨੂੰ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕਰਨ ਦਾ ਸਮਾਂ ਦੇ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ 7 ਅਕਤੂਬਰ ਦੀ ਮੀਟਿੰਗ ਵਿੱਚ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸਾਂਝਾ ਮੁਲਾਜ਼ਮ ਮੰਚ ਦੇ ਸਿਆਸੀ ਵਿੰਗ ਦੇ ਕਨਵੀਨਰ ਕੰਵਲਜੀਤ ਕੌਰ ਭਾਟੀਆ, ਮਲਕੀਤ ਸਿੰਘ, ਕੁਲਦੀਪ ਸਿੰਘ ਭਾਟੀਆ, ਮਨਜਿੰਦਰ ਕੌਰ ਤੇ ਰਵਿੰਦਰ ਕੌਰ ਗਿੱਲ ਵੀ ਹਾਜ਼ਰ ਸਨ।