ਜਸਬੀਰ ਸਿੰਘ ਚਾਨਾ
ਫਗਵਾੜਾ, 8 ਜਨਵਰੀ
ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਨਵੇਂ ਡੀਜੀਪੀ ਦੀ ਨਿਯੁਕਤੀ ’ਤੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਤਿੰਨ ਮਹੀਨਿਆਂ ਦੌਰਾਨ ਤਿੰਨ ਡੀਜੀਪੀ ਬਦਲਣਾ ਕਾਂਗਰਸ ਦੀ ਨਾਲਾਇਕੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਨੂੰ 42 ਹਜ਼ਾਰ ਕਰੋੜ ਰੁਪਏ ਦੀ ਸੌਗਾਤ ਦੇਣ ਆਏ ਸਨ ਜਿਸ ਨਾਲ ਪੰਜਾਬ ਦਾ ਭਲਾ ਹੀ ਹੋਣਾ ਸੀ ਪਰ ਚੰਨੀ ਸਰਕਾਰ ਦੀ ਅਣਗਹਿਲੀ ਕਾਰਨ ਪੰਜਾਬ ਕੋਲੋਂ ਵੱਡਾ ਪੈਕੇਜ ਖੁਸ ਗਿਆ। ਗੜ੍ਹੀ ਨੇ ਕਿਹਾ ਕਿ ਭਾਵੇਂ ਭਾਰਤ ਸਰਕਾਰ ਵੱਲੋਂ ਚੋਣ ਬਿਗਲ ਵਜਾਉਣ ’ਚ ਦੇਰੀ ਕੀਤੀ ਗਈ ਹੈ ਪਰ ਬਹੁਜਨ ਸਮਾਜ ਪਾਰਟੀ ਨੇ ਚੋਣ ਬਿਗਲ 11 ਜੂਨ, 2021 ਨੂੰ ਹੀ ਵਜਾ ਦਿੱਤਾ ਸੀ, ਜਦੋਂ ਪੰਜਾਬ ’ਚ ਬਸਪਾ ਮੁਖੀ ਕੁਮਾਰੀ ਮਾਇਆਵਤੀ ਤੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦਾ ਇਤਿਹਾਸਕ ਗੱਠਜੋੜ ਹੋਇਆ ਸੀ। ਉਨ੍ਹਾਂ ਭਾਜਪਾ ਤੇ ਕਾਂਗਰਸ ਪਾਰਟੀ ਬਾਰੇ ਕਿਹਾ ਕਿ ਇਹ ਪਾਰਟੀਆਂ ਰੈਲੀਆਂ ਬਹਾਨੇ ਵੱਡੀਆਂ ਸਹੂਲਤਾਂ ਦਾ ਐਲਾਨ ਕਰਕੇ ਪੰਜਾਬ ਦਾ ਮਾਹੌਲ ਆਪਣੇ ਪੱਖ ’ਚ ਕਰਨ ਦੀ ਅਸਫ਼ਲ ਕੋਸ਼ਿਸ਼ ਕਰ ਰਹੀਆਂ ਹਨ ਪਰ ਕੁਦਰਤ ਨੇ ਅਜਿਹਾ ਮਾਹੌਲ ਸਿਰਜਿਆ ਕਿ ਦੋਹਾਂ ਪਾਰਟੀਆਂ ਦੇ ਪੰਜਾਬ ਨੂੰ ਲੁੱਟਣ ਦੇ ਮਨਸੂਬਿਆਂ ’ਤੇ ਪਾਣੀ ਫਿਰ ਗਿਆ ਹੈ। ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ’ਚ ਬਸਪਾ ਤੇ ਸ਼੍ਰੋਮਣੀ ਅਕਾਲੀ ਦਲ ਗੱਠਜੋੜ ਦੋ ਤਿਹਾਈ ਬਹੁਮਤ ਤੋਂ ਵੱਧ ਸੀਟਾਂ ਜਿੱਤ ਕੇ ਪੰਜਾਬ ’ਚ ਆਪਣੀ ਸਰਕਾਰ ਬਣਾਏਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ’ਚ ਕਾਂਗਰਸ ਤੇ ਭਾਜਪਾ ਦੀਆਂ ਪੰਜਾਬ ਨੂੰ ਬਦਨਾਮ ਕਰਨ ਲਈ ਘੜੀਆਂ ਜਾ ਰਹੀਆਂ ਸਾਜਿਸ਼ਾਂ ਤੋਂ ਵੀ ਪਰਦਾ ਚੁੱਕਿਆ ਜਾਵੇਗਾ।