ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 15 ਅਕਤੂਬਰ
ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਡਿਜੀਟਲ ਹੱਬ ਵਜੋਂ ਉਭਾਰਨ ਲਈ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਅੱਜ ਆਊਟਸੋਰਸਡ ਡਿਜੀਟਲ ਕਾਰੋਬਾਰੀ ਸੇਵਾਵਾਂ ਲਈ ਗਲੋਬਲ ਲੀਡਰ ਟੈਲੀਪਰਫਾਰਮੈਂਸ (ਟੀਪੀ) ਦੇ ਚੇਅਰਮੈਨ ਤੇ ਸੀਈਓ ਡੈਨੀਅਲ ਜੂਲੀਅਨ ਨੇ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਸੂਬੇ ਵਿੱਚ ਆਪਣਾ ਕਾਰੋਬਾਰ ਵਿਕਸਤ ਕਰਨ ਬਾਰੇ ਚਰਚਾ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਜੂਲੀਅਨ ਦੀ ਪੇਸ਼ਕਸ਼ ਨੂੰ ਸਵੀਕਾਰ ਕਰਦਿਆਂ ਪੰਜਾਬ ਵਿੱਚ ਹੋਰ ਵਿਸਥਾਰ ਲਈ ਵਿਚਾਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਟੈਲੀਪਰਫਾਰਮੈਂਸ ਸੇਵਾਵਾਂ ਦੀਆਂ ਮੁਹਾਲੀ ਵਿੱਚ ਤਿੰਨ ਸਾਈਟਾਂ ਹਨ, ਜਿਨ੍ਹਾਂ ਕੋਲ ਬੀਐੱਫਐੱਸ, ਟਰੈਵਲ, ਈ-ਕਾਮਰਸ, ਤਕਨਾਲੋਜੀ, ਮੀਡੀਆ ਅਤੇ ਟੈਲੀਕਾਮ ਸਣੇ ਸਾਰੇ ਉਦਯੋਗਾਂ ਦੇ ਮੋਹਰੀ ਗਾਹਕ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮੁਹਾਲੀ ਦੇਸ਼ ਦੀ ਆਈਟੀ ਹੱਬ ਵਜੋਂ ਉੱਭਰ ਰਿਹਾ ਹੈ। ਟੈਲੀਪਰਫਾਰਮੈਂਸ ਦੁਨੀਆ ਭਰ ਦੇ 100 ਦੇਸ਼ਾਂ ਵਿੱਚ ਪੰਜ ਲੱਖ ਤੋਂ ਵੱਧ ਕਰਮਚਾਰੀਆਂ ਦੇ ਨਾਲ ਆਊਟਸੋਰਸਡ ਡਿਜੀਟਲ ਬਿਜ਼ਨਸ ਸੇਵਾਵਾਂ ਪ੍ਰਦਾਨ ਕਰਨ ਵਾਲੀ ਕੰਪਨੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਨਾਲ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਹੋਣਗੀਆਂ। ਡੈਨੀਅਲ ਜੂਲੀਅਨ ਨੇ ਕਿਹਾ ਕਿ ਵਰਤਮਾਨ ਵਿੱਚ 90,000 ਕਰਮਚਾਰੀਆਂ ਦੇ ਨਾਲ ਟੈਲੀਪਰਫਾਰਮੈਂਸ ਸਮੂਹ ਦੇ ਅੰਦਰ ਟੀਪੀ ਇੰਡੀਆ ਸਭ ਤੋਂ ਵੱਡੀ ਬਹੁ-ਸੱਭਿਆਚਾਰਕ ਟੀਮ ਦੀ ਨੁਮਾਇੰਦਗੀ ਕਰਦੀ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਟੈਲੀਪਰਫਾਰਮੈਂਸ ਨੇ ਵੱਡੀ ਪੱਧਰ ’ਤੇ ਵਿਕਾਸ ਕੀਤਾ ਹੈ, ਜਿਸ ਨਾਲ ਮੌਜੂਦਾ 16 ਹਜ਼ਾਰ ਤੋਂ ਵੱਧ ਕਰਮਚਾਰੀਆਂ ਦੀ ਗਿਣਤੀ ਵਾਲੇ ਇਸ ਖੇਤਰੀ ਪ੍ਰਤਿਭਾ ਪੂਲ ਵਿੱਚ ਰੁਜ਼ਗਾਰ ਦੇ ਵੱਡੇ ਮੌਕੇ ਪੈਦਾ ਹੋਏ ਹਨ।