ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਅਕਤੂਬਰ
ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵੀਸੀ ਵਿਵਾਦ ’ਤੇ ਰਾਜਪਾਲ ਦੇ ਫੈਸਲੇ ਦੀ ਆਲੋਚਨਾ ਕੀਤੀ ਹੈ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਰਾਜਪਾਲ ਦਾ ਹੁਕਮ ਪੂਰੀ ਤਰ੍ਹਾਂ ਗੈਰ-ਸੰਵਿਧਾਨਕ ਅਤੇ ਗੈਰਕਾਨੂੰਨੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਖੇਤੀਬਾੜੀ ਐਕਟ 1970 ਦੀ ਧਾਰਾ 15-ਏ ਅਨੁਸਾਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵੀਸੀ ਦੀ ਨਿਯੁਕਤੀ ਦਾ ਅਧਿਕਾਰ ਯੂਨੀਵਰਸਿਟੀ ਦੇ ਪ੍ਰਬੰਧਕੀ ਬੋਰਡ ਕੋਲ ਹੈ। ਪ੍ਰਬੰਧਕੀ ਬੋਰਡ ਨੂੰ ਵੀਸੀ ਨਿਯੁਕਤ ਕਰਨ ਲਈ ਚਾਂਸਲਰ (ਗਵਰਨਰ) ਤੋਂ ਇਜਾਜ਼ਤ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਪੀਏਯੂ ਦੇ ਵੀਸੀ ਨੂੰ ਨਾ ਤਾਂ ਨਿਯੁਕਤ ਕਰ ਸਕਦੇ ਹਨ ਅਤੇ ਨਾ ਹੀ ਹਟਾ ਸਕਦੇ ਹਨ। ਸ੍ਰੀ ਕੰਗ ਨੇ ਕਿਹਾ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰਦੇ ਹੋਏ ਸਰਕਾਰ ਦੇ ਰੋਜ਼ਾਨਾ ਦੇ ਕੰਮਕਾਜ ’ਚ ਜਾਣਬੁਝ ਕੇ ਦਖ਼ਲਅੰਦਾਜ਼ੀ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਰਾਜਪਾਲ ‘ਆਪ’ ਸਰਕਾਰ ਨੂੰ ਬਦਨਾਮ ਕਰਨ ਦੇ ਮਕਸਦ ਨਾਲ ਅਜਿਹਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਰਾਜਪਾਲ ਰਾਜਨੀਤੀ ਕਰਨਾ ਚਾਹੁੰਦੇ ਹਨ ਤਾਂ ਭਾਜਪਾ ਵਿੱਚ ਸ਼ਾਮਲ ਹੋ ਕੇ ਚੋਣ ਲੜਨ। ਰਾਜਪਾਲ ਦੇ ਅਹੁਦੇ ਦੀ ਮਾਣ-ਮਰਿਆਦਾ ਨੂੰ ਠੇਸ ਨਾ ਪਹੁੰਚਾਉਣ। ‘ਆਪ’ ਆਗੂ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਰਾਜਪਾਲ ਭਾਜਪਾ ਦੇ ਸਿਆਸੀ ਏਜੰਟ ਵਜੋਂ ਕੰਮ ਕਰ ਰਹੇ ਹਨ, ਇਸ ਲਈ ਉਨ੍ਹਾਂ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ।